ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਲਾਂਭੇ ਹੋ ਗਏ ਹਨ। ਇਸ ਨਾਲ ਪਿਛਲੇ ਸਾਲ ਦੋ ਦਸੰਬਰ ਤੋਂ ਬਾਅਦ ਬਦਲ ਰਹੇ ਹਾਲਾਤ ਦਰਮਿਆਨ ਪੰਥਕ ਸੰਕਟ ਹੋਰ ਵੀ ਡੂੰਘਾ ਹੋ ਗਿਆ ਹੈ।
ਅਚਨਚੇਤੀ ਸੱਦੇ ਪੱਤਰਕਾਰ ਸੰਮੇਲਨ ਦੌਰਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਭਾਵੇਂ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਨਾਂਹ ਕੀਤੀ ਸੀ ਪਰ ਫਿਰ ਵੀ ਅਸਤੀਫ਼ਾ ਦੇਣ ਦੇ ਕਾਰਨ ਸਪੱਸ਼ਟ ਕਰਦਿਆਂ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਉਹ ਨੈਤਿਕ ਆਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਬਹੁਸੰਮਤੀ ਨਾਲ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਨੂੰ ਮੰਦਭਾਗਾ ਤੇ ਦੁਖਦਾਈ ਦੱਸਿਆ ਗਿਆ ਸੀ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਆਪਣੇ ਫ਼ੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫ਼ਾ ਧਾਮੀ ਨੇ ਅੰਤ੍ਰਿੰਗ ਕਮੇਟੀ ਨੂੰ ਭੇਜਿਆ ਹੈ ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਗਿਆ ਅਸਤੀਫ਼ਾ ਉਨ੍ਹਾਂ ਅਕਾਲ ਤਖ਼ਤ ਦੇ ਸਕੱਤਰੇਤ ਨੂੰ ਸੌਂਪਿਆ ਹੈ। ਅਸਤੀਫ਼ਾ ਦੇਣ ਦਾ ਐਲਾਨ ਕਰਨ ਮਗਰੋਂ ਐਡਵੋਕੇਟ ਧਾਮੀ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿੱਚ ਅਕਾਲ ਤਖ਼ਤ ਦੇ ਸਕੱਤਰੇਤ ’ਚ ਪੱਤਰ ਸੌਂਪਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਇਸ ਮਗਰੋਂ ਅਸਤੀਫ਼ਾ ਪ੍ਰਵਾਨ ਜਾਂ ਅਪ੍ਰਵਾਨ ਕਰਨ ਦਾ ਫ਼ੈਸਲਾ ਲਿਆ ਜਾਵੇਗਾ। ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 72 ਘੰਟੇ ਦੇ ਨੋਟਿਸ ‘ਤੇ ਸੱਦੀ ਜਾ ਸਕਦੀ ਹੈ। ਜੇ ਅੰਤ੍ਰਿੰਗ ਕਮੇਟੀ ਅਸਤੀਫ਼ਾ ਪ੍ਰਵਾਨ ਕਰਦੀ ਹੈ ਤਾਂ ਤੁਰੰਤ ਹੀ ਸਦਨ ਵਿੱਚੋਂ ਕਿਸੇ ਵਿਅਕਤੀ ਦੀ ਪ੍ਰਧਾਨ ਵਜੋਂ ਚੋਣ ਵਾਸਤੇ ਜਨਰਲ ਇਜਲਾਸ ਸੱਦਿਆ ਜਾਵੇਗਾ। ਨਵੇਂ ਪ੍ਰਧਾਨ ਦੇ ਚੁਣੇ ਜਾਣ ਤੱਕ ਸ਼੍ਰੋਮਣੀ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕਾਰਜਕਾਰੀ ਪ੍ਰਧਾਨ ਵਜੋਂ ਵੀ ਜ਼ਿੰਮੇਵਾਰੀ ਨਿਭਾਏਗਾ। ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਦੇ ਚੌਥੀ ਵਾਰ ਪ੍ਰਧਾਨ ਬਣੇ ਸਨ।