ਅੰਮ੍ਰਿਤਸਰ – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਡਾ. ਮਾਹਲ ਨੇ ਵੱਡਮੁਲੇ ਵਿਚਾਰ ਵਿਦਿਆਰਥਣਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਮਾਤ ਭਾਸ਼ਾ ਸੱਭਿਆਚਾਰ ਨਾਲ ਜੋੜ ਕੇ ਰੱਖਦੀ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਕਦੇ ਵੀ ਮਰਦੀ ਨਹੀਂ, ਜਿੰਨ੍ਹਾਂ ਚਿਰ ਅਸੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਰਹਾਂਗੇ ਭਾਸ਼ਾ ਪ੍ਰਫੁਲਿੱਤ ਰਹੇਗੀ।
ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਕਰਵਾਏ ਗਏ ਉਕਤ ਸੈਮੀਨਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਇਕ ਹਫ਼ਤਾ ਸੁੰਦਰ ਲਿਖਤ ਮੁਕਾਬਲੇ, ਪ੍ਰਸ਼ਨੋਤਰੀ ਮੁਕਾਬਲੇ ਅਤੇ ਸ਼ੁੱਧ-ਅਸ਼ੁੱਧ ਤੁਕ ਮੁਕਾਬਲੇ ਕਰਵਾਏ ਗਏ ਜਿਸ ’ਚ ਸੈਂਕੜੇ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਨੂੰ ਸਮਰਪਿਤ ਸਪਤਾਹ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਨਾਲ ਭਰਪੂਰ ਰਿਹਾ।
ਇਸ ਮੌਕੇ ਡਾ. ਮਾਹਲ ਨੇ ਡਾ. ਸੁਰਿੰਦਰ ਕੌਰ ਨਾਲ ਮਿਲ ਕੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਮੌਕੇ ਵਿਭਾਗ ਮੁੱਖੀ ਸ੍ਰੀਮਤੀ ਰਵਿੰਦਰ ਕੌਰ ਨੇ ਆਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।
