ਦਿੜ੍ਹਬਾ/ਸੰਗਰੂਰ, (ਦਲਜੀਤ ਕੌਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਰਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਟਰੱਕ ਮਾਲਕਾਂ ਤੇ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਲਈ ਸ਼ੁਭਕਾਮਨਾਵਾਂ ਭੇਟ ਕਰਦਿਆਂ ਸਰਕਾਰ ਦੀ ਤਰਫੋ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਅਨ ਪ੍ਰਬੰਧਕਾਂ ਦਾ ਇਹ ਸ਼ਾਨਦਾਰ ਉਪਰਾਲਾ ਹੈ ਕਿ ਸੀਜ਼ਨ ਦੀ ਸ਼ੁਰੁਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕੀਤੀ ਜਾਂਦੀ ਹੈ। ਉਨ੍ਹਾਂ ਨੇ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖਰੀਦ ਨਾਲ ਜੁੜੇ ਹਰ ਵਰਗ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਵੇਗੀ।