ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਇਸ ਅਕਾਲ ਚਲਾਣਾ ਕਰ ਗਏ ਹਨ। ਗਿਆਨੀ ਮੋਹਣ ਸਿੰਘ ਜੀ ਇਸ ਸਮੇਂ ਕੈਨੇਡਾ ਦੇ ਵੈਨਕੁਵਰ ਵਿਖੇ ਆਪਣੇ ਬੱਚਿਆਂ ਕੋਲ ਰਹਿ ਰਹੇ ਸਨ। ਕੋਲ ਗਏ ਸਨ, ਜਿਥੇ ਉਨ੍ਹਾਂ ਆਖ਼ਰੀ ਸਾਹ ਲਏ।
ਗਿਆਨੀ ਮੋਹਨ ਸਿੰਘ ਦਾ ਜਨਮ ਰਾਏ ਕੋਟ ਨੇੜਲੇ ਪਿੰਡ ਰਾਜਗੜ੍ਹ ਵਿਖੇ ਹੋਇਆ ਸੀ। ਉਹ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਨੇੜੇ ਰਹੇ ਸਨ। ਉਹ ਕਰੀਬ 1985-66 ਵਿਚ ਗੁਰਦਵਾਰਾ ਸ੍ਰੀ ਦੂਖ ਨਿਵਾਰਣ ਸਾਹਿਬ ਪਟਿਆਲਾ ਵਿਖੇ ਬਤੌਰ ਗ੍ਰੰਥੀ ਭਰਤੀ ਹੋਏ ਸਨ ਅਤੇ ਲੰਮਾ ਸਮਾਂ ਸੇਵਾ ਨਿਭਾਉਣ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਗ੍ਰੰਥੀ ਬਣੇ। ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਦੇ ਫ਼ੌਜੀ ਹਮਲੇ ਦੇ ਚਸ਼ਮਦੀਦ ਗਵਾਹ ਰਹੇ ਜਥੇਦਾਰ ਗਿਆਨੀ ਮੋਹਨ ਸਿੰਘ 3 ਜੂਨ ਤੋਂ 7 ਜੂਨ 1984 ਤੱਕ ਸਾਥੀ ਗ੍ਰੰਥੀ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਰਹੇ। ਗਿਆਨੀ ਮੋਹਨ ਸਿੰਘ ਕਰੀਬ 1990 ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬਣੇ ਸਨ। ਜਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ ਨੂੰ 12 ਫ਼ਰਵਰੀ 1999 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਹਟਾਇਆ ਗਿਆ ਤਾਂ ਉਨ੍ਹਾਂ ਨੂੰ ਸੇਵਾ ਸੰਭਾਲਣ ਲਈ ਬੇਨਤੀ ਕੀਤੀ ਗਈ ਜਿਸ ਲਈ ਉਨ੍ਹਾਂ ਇਨਕਾਰ ਕਰ ਦਿਤਾ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਪੰਥ ਦੀ ਉੱਘੀ ਸ਼ਖ਼ਸੀਅਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਸਿੱਖੀ ਸਿਧਾਂਤਾਂ ਪ੍ਰਤੀ ਬਹੁਤ ਹੀ ਸੰਜੀਦਾ ਅਤੇ ਦ੍ਰਿੜ੍ਹ ਸ਼ਖ਼ਸੀਅਤ ਸਨ ਜੋ ਆਪਣੇ ਵਿਲੱਖਣ ਸੁਭਾਅ ਕਰਕੇ ਜਾਣੇ ਗਏ ਅਤੇ ਇਨ੍ਹਾਂ ਦਾ ਚਲਾਣਾ ਸਮੁੱਚੇ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਸੰਗਤ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਦਿਆਂ ਸਿੱਖੀ ਸਿਧਾਂਤਾਂ ਨਾਲ ਜੋੜਿਆ। ਉਨ੍ਹਾਂ ਨੇ ਕੁਝ ਸਾਲ ਪਹਿਲਾਂ ਹੀ ਗੁਰੂ ਘਰ ਨੂੰ ਸਮਰਪਿਤ ਹੁੰਦਿਆਂ ਆਪਣੀ ਜਾਇਦਾਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ ਕਰ ਦਿੱਤੀ ਸੀ। ਅਜਿਹੇ ਸਮਰਪਣ ਭਾਵ ਵਾਲੇ ਗੁਰਸਿੱਖ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ ਹਨ। ਉਨ੍ਹਾਂ ਕਰਤਾ ਪਰੁਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਅਤੇ ਗੁਰੂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਤ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਮੋਹਣ ਸਿੰਘ ਸਿਧਾਂਤਵਾਦੀ ਪੁਰਸ਼ ਸਨ, ਜੋ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਰਹੇ।ਉਨ੍ਹਾਂ ਨੇ ਆਪਣੀ ਨਿੱਜੀ ਜਾਇਦਾਦ ਵੀ ਸ੍ਰੀ ਦਰਬਾਰ ਸਾਹਿਬ ਦੇ ਨਾਮ ਕਰ ਦਿੱਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ, ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੀ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।