ਸ਼੍ਰੋਮਣੀ ਅਕਾਲੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਹੇਠ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਖਿਲਾਫ਼ ਇੱਕ ਪਟੀਸ਼ਨ ਦੀ ਸੁਣਵਾਈ ਅੱਜ ਹਾਈ ਕੋਰਟ ਦੇ ਵਿੱਚ ਹੋ ਰਹੀ ਹੈ। ਪੰਜਾਬ ਦੇ ਇਸ ਮਹੱਤਵਪੂਰਨ ਕੇਸ ਦੇ ਉਪਰ ਹਾਈਕੋਰਟ ਦਾ ਕੀ ਫੈਸਲਾ ਆਵੇਗਾ, ਉਸਦਾ ਸਾਰਿਆਂ ਨੂੰ ਇੰਤਜ਼ਾਰ ਜਰੂਰ ਹੋਵੇਗਾ।
ਸ਼੍ਰੋਮਣੀ ਅਕਾਲੀ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, ‘ਮਜੀਠੀਆ ਦੇ ਰਿਮਾਂਡ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ, ਇਸ ਪਟੀਸ਼ਨ ‘ਤੇ ਅੱਜ ਵੀਰਵਾਰ ਨੂੰ ਸੁਣਵਾਈ ਹੋਣੀ ਹੈ। ਇਸ ਦੇ ਨਾਲ ਹੀ ਗ੍ਰਿਫਤਾਰੀ ਦੇ ਦੌਰਾਨ ਮਜੀਠੀਆ ਨਾਲ ਦੋ ਘੰਟੇ ਦੀ ਮੁਲਾਕਾਤ ਦੀ ਇਜਾਜ਼ਤ ਮੰਗਦੇ ਹੋਏ ਮੋਹਾਲੀ ਅਦਾਲਤ ਵਿੱਚ ਇੱਕ ਵੱਖਰੀ ਅਰਜ਼ੀ ਵੀ ਦਾਇਰ ਕੀਤੀ ਗਈ ਹੈ।’
ਸ਼੍ਰੋਮਣੀ ਅਕਾਲੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਮੁਹਾਲੀ ਦੀ ਜਿਲ੍ਹਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਦਿਨਾਂ ਦੇ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਭਾਰੀ ਸੁਰੱਖਿਆ ਹੇਠ ਸਵੇਰੇ 10.15 ਵਜੇ ਜ਼ਿਲ੍ਹਾ ਅਦਾਲਤ ਕੰਪਲੈਕਸ ਲਿਆਂਦਾ ਗਿਆ। ਸਰਕਾਰੀ ਵਕੀਲ ਅਤੇ ਬਚਾਅ ਪੱਖ ਵਿਚਕਾਰ ਲਗਭਗ ਚਾਰ ਘੰਟੇ ਚੱਲੀ ਬਹਿਸ ਤੋਂ ਬਾਅਦ, ਅਦਾਲਤ ਨੇ ਦੁਪਹਿਰ 2.45 ਵਜੇ ਆਪਣਾ ਫੈਸਲਾ ਸੁਣਾਇਆ, ਜਿਸ ਵਿੱਚ ਮਜੀਠੀਆ ਦੀ ਗ੍ਰਿਫਤਾਰੀ ਐਤਵਾਰ ਤੱਕ ਹੋਰ ਵਧਾ ਦਿੱਤੀ ਗਈ। ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਪ੍ਰੀਤਇੰਦਰਪਾਲ ਸਿੰਘ ਅਤੇ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਦੇ ਵਿਚਕਾਰ ਚਾਰ ਘੰਟੇ ਦੇ ਕਰੀਬ ਬਹਿਸ ਤੋਂ ਬਾਅਦ ਅਦਾਲਤ ਨੇ 4 ਦਿਨ ਦਾ ਹੋਰ ਰਿਮਾਂਡ ਦੇ ਦਿੱਤਾ। ਸਰਕਾਰੀ ਵਕੀਲ ਫੈਰੀ ਸਾਫਟ ਅਤੇ ਪ੍ਰੀਤਇੰਦਰ ਪਾਲ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਰਿਮਾਂਡ ਦੀ ਮਿਆਦ ਦੌਰਾਨ ਨਵੇਂ ਖੁਲਾਸੇ ਸਾਹਮਣੇ ਆਏ ਹਨ, ਖਾਸ ਕਰਕੇ ਸ਼ਿਮਲਾ ਜਾਇਦਾਦ ਬਾਰੇ। ਇਹ ਤੱਥ ਰਿਮਾਂਡ ਦੇ ਵਾਧੇ ਨੂੰ ਜਾਇਜ਼ ਠਹਿਰਾਉਂਦੇ ਹਨ ਅਤੇ ਜਾਂਚ ਦਾ ਇੱਕ ਮਹੱਤਵਪੂਰਨ ਹਿੱਸਾ ਬਣਦੇ ਹਨ। ਮਜੀਠੀਆ ਨੂੰ ਹੁਣ ਐਤਵਾਰ 6 ਜੁਲਾਈ ਨੂੰ ਦੁਬਾਰਾ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।
ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਹਾਈ-ਪ੍ਰੋਫਾਈਲ ਸੁਣਵਾਈ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੋਪੜ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੀਆਂ ਗਈਆਂ ਸਨ। ਅਦਾਲਤ ਕੰਪਲੈਕਸ ਨੂੰ ਇੱਕ ਵਰਚੁਅਲ ਕਿਲ੍ਹੇ ਵਿੱਚ ਬਦਲ ਦਿੱਤਾ ਗਿਆ ਸੀ, ਜਿਸ ਵਿੱਚ ਚਾਰ ਐਸਪੀ, ਛੇ ਡੀਐਸਪੀ, ਰੇਂਜ ਦੇ ਸਾਰੇ ਐਸਐਚਓ ਅਤੇ ਵਾਧੂ ਫੋਰਸ ਤਾਇਨਾਤ ਸੀ। ਰੋਪੜ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੇ ਨਿੱਜੀ ਤੌਰ ‘ਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਸਨ।
ਇਸ ਦੌਰਾਨ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੁਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ। ਪੁਲੀਸ ਨੇ ਅੰਬ ਸਾਹਿਬ ਤੋਂ ਪੁਲੀਸ ਨਾਕੇ ਤੋੜ ਕੇ ਵਿਜੀਲੈਂਸ ਭਵਨ ਵੱਲ ਮਾਰਚ ਕਰਦੇ ਹੋਏ ਅਕਾਲੀ ਆਗੂਆਂ, ਦਰਬਾਰਾ ਸਿੰਘ ਗੁਰੂ, ਪਰਵਿੰਦਰ ਸਿੰਘ ਸੋਹਾਣਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਦਰਜਨਾਂ ਵਰਕਰਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ। ਸੁਖਬੀਰ ਸਣੇ ਬਾਕੀ ਆਗੂਆਂ ਨੂੰ ਫੇਜ਼ 11 ਦੇ ਥਾਣੇ ਵਿਚ ਲਿਜਾਣ ਤੋਂ ਕੁਝ ਦੇਰ ਬਾਅਦ ਛੱਡ ਦਿੱਤਾ ਗਿਆ। ਸੁਖਬੀਰ ਬਾਦਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਇੱਕ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਵਿਰੁੱਧ ‘ਸ਼ਾਂਤਮਈ ਵਿਰੋਧ ਪ੍ਰਦਰਸ਼ਨ’ ਲਈ ਮੁਹਾਲੀ ਦੇ ਫੇਜ਼ 8 ਵਿਚਲੇ ਗੁਰਦੁਆਰਾ ਅੰਬ ਸਾਹਿਬ ਜਾ ਰਹੇ ਸਨ, ਜਿੱਥੇ ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਸੀ। ਅਕਾਲੀ ਦਲ ਦੇ ਆਗੂਆਂ ਨੇ ‘ਆਮ ਆਦਮੀ ਪਾਰਟੀ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਅਕਾਲੀ ਲੀਡਰਸ਼ਿਪ ਤੇ ਵਰਕਰਾਂ ਨੂੰ ਇੱਕ ਵੱਡੇ ਰਾਜਨੀਤਿਕ ਬਦਲੇ ਦੀ ਰੰਜਿਸ਼ ਦੇ ਹਿੱਸੇ ਵਜੋਂ ਘਰ ਵਿੱਚ ਨਜ਼ਰਬੰਦ ਕਰਨ ਅਤੇ ਸੂਬੇ ’ਚ ਐਮਰਜੈਂਸੀ ਲਾਉਣ ਦਾ ਦੋਸ਼ ਲਾਇਆ ਦਾ ਦੋਸ਼ ਲਗਾਇਆ ਹੈ।