ਚੰਡੀਗੜ੍ਹ – ਪੰਜਾਬ ਵਿੱਚ ਸਮਾਰਟ ਬਿਜਲੀ ਮੀਟਰ ਲਾਉਣ ਸਬੰਧੀ ਸੰਸਦ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਕਰਦਿਆਂ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਸਮਾਰਟ ਮੀਟਰ ਲਗਾਉਣ ਦੀ ਪ੍ਰਕਿਰਿਆ ‘ਜ਼ੀਰੋ’ ਹੈ। ਕੇਂਦਰੀ ਬਿਜਲੀ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਰਾਜ ਸਭਾ ਨੂੰ ਦੱਸਿਆ ਕਿ ਪੰਜਾਬ ਲਈ 89 ਲੱਖ ਸਮਾਰਟ ਮੀਟਰ ਮਨਜ਼ੂਰ ਹੋਣ ਦੇ ਬਾਵਜੂਦ, ਰਾਜ ਵਿੱਚ ਅੱਜ ਤੱਕ ਇੱਕ ਵੀ ਸਮਾਰਟ ਮੀਟਰ ਨਹੀਂ ਲਗਾਇਆ ਗਿਆ ਹੈ।
ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਵਿੱਚ ਸਮਾਰਟ ਮੀਟਰ ਲਗਾਉਣ ਦੀ ਜ਼ਮੀਨੀ ਹਕੀਕਤ ਜ਼ੀਰੋ ਹੈ, ਜਦੋਂ ਕਿ ਕੇਂਦਰ ਦੀ ਯੋਜਨਾ ਤਹਿਤ ਸੂਬੇ ਲਈ 89 ਲੱਖ ਮੀਟਰ ਮਨਜ਼ੂਰ ਕੀਤੇ ਗਏ ਸਨ। ਕੇਂਦਰ ਦੇ ਇਸ ਬਿਆਨ ਨੇ ਪੰਜਾਬ ਸਰਕਾਰ ਦੇ ਕੰਮਕਾਜ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਇਹ ਮਾਮਲਾ ਇਸ ਲਈ ਵੀ ਖਾਸ ਹੈ ਕਿਉਂਕਿ ਪੰਜਾਬ ਵਿੱਚ ਕਿਸਾਨ ਸੰਗਠਨਾਂ ਵੱਲੋਂ ਸਮਾਰਟ ਮੀਟਰਾਂ ਨੂੰ ਲੈ ਕੇ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਸੰਗਠਨ ਪਹਿਲਾਂ ਹੀ ਸਪੱਸ਼ਟ ਚੇਤਾਵਨੀ ਦੇ ਚੁੱਕੇ ਹਨ ਕਿ ਜੇਕਰ ਸਰਕਾਰ ਕਿਤੇ ਵੀ ਸਮਾਰਟ ਮੀਟਰ ਲਗਾਉਣ ਦੀ ਕੋਸ਼ਿਸ਼ ਕਰਦੀ ਹੈ, ਤਾਂ ਇਸਨੂੰ ਵੱਡੇ ਅਤੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਵੱਡੇ ਵਿਰੋਧ ਕਾਰਣ, ਸ਼ੁਰੂਆਤੀ ਹੁਕਮ ਜਾਰੀ ਕਰਨ ਦੇ ਬਾਵਜੂਦ, ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਫਿਲਹਾਲ ਰੋਕ ਦਿੱਤਾ ਹੈ।
ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਦੇਸ਼ ਭਰ ਵਿੱਚ ਸਮਾਰਟ ਮੀਟਰ ਲਗਾਉਣ ‘ਤੇ ਜ਼ੋਰ ਦੇ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਦੇ ਵਿਰੋਧ ਕਾਰਨ ਇਹ ਯੋਜਨਾ ਪੂਰੀ ਤਰ੍ਹਾਂ ਠੱਪ ਪਈ ਹੈ। ਹੁਣ ਦੇਖਣਾ ਇਹ ਹੈ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਕੇ ਇਸ ਮਾਮਲੇ ਨੂੰ ਕਿਵੇਂ ਹੱਲ ਕਰਦੀ ਹੈ।