ਪੂਰਬੀ ਪਾਕਿਸਤਾਨ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਅਤੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਗਭਗ 200 ਸਮਰਥਕਾਂ ਨੂੰ 2023 ਵਿੱਚ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਭੜਕੇ ਦੰਗਿਆਂ ਦੇ ਮਾਮਲੇ ਵਿੱਚ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਅਦਾਲਤ ਨੇ ਪਾਕਿਸਤਾਨੀ ਪੰਜਾਬ ਸੂਬੇ ਦੇ ਫੈਸਲਾਬਾਦ ਸ਼ਹਿਰ ਵਿੱਚ ਸੁਣੇ ਗਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਵਿਰੋਧੀ ਧਿਰ ਦੇ ਨੇਤਾ ਉਮਰ ਅਯੂਬ ਸਮੇਤ 196 ਲੋਕਾਂ ਵਿਰੁੱਧ ਫੈਸਲਾ ਸੁਣਾਇਆ। ਅਦਾਲਤ ਨੇ 2023 ਵਿੱਚ ਫੌਜ ਵਿਰੁੱਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਮੈਂਬਰਾਂ ਨੂੰ ਵੀ ਕੈਦ ਦੀ ਸਜ਼ਾ ਸੁਣਾਈ ਹੈ।
ਮਈ 2023 ਵਿੱਚ ਸੁਰੱਖਿਆ ਬਲਾਂ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਖਾਨ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਗ੍ਰਿਫਤਾਰ ਕਰਨ ਤੋਂ ਬਾਅਦ ਦੇਸ਼ ਭਰ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਅਧਿਕਾਰੀਆਂ ਨੇ ਪਿਛਲੇ ਦੋ ਸਾਲਾਂ ਵਿੱਚ ਪਹਿਲਾਂ ਹੀ ਦਰਜਨਾਂ ਸਜ਼ਾਵਾਂ ਸੁਣਾਈਆਂ ਹਨ, ਪਰ ਕੱਲ੍ਹ ਵੀਰਵਾਰ ਨੂੰ ਹੋਈਆਂ ਸਜ਼ਾਵਾਂ ਵਿੱਚ ਵਿਰੋਧੀ ਧਿਰ ਦੇ ਨੇਤਾ ਉਮਰ ਅਯੂਬ ਖਾਨ ਲਈ 10 ਸਾਲ ਦੀ ਸਜ਼ਾ ਸ਼ਾਮਲ ਹੈ ਜੋ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਲਈ ਇੱਕ ਬਹੁਤ ਵੱਡਾ ਝਟਕਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਆਗੂਆਂ ਨੂੰ ਸਜ਼ਾ ਸੁਣਾਏ ਜਾਣ ਦੀ ਖ਼ਬਰ 5 ਅਗਸਤ ਤੋਂ ਦੇਸ਼ ਭਰ ਵਿੱਚ ਪ੍ਰਸਤਾਵਿਤ ‘ਮੁਕਤ ਇਮਰਾਨ ਖਾਨ ਅੰਦੋਲਨ’ ਦੀ ਸ਼ੁਰੂਆਤ ਤੋਂ ਸਿਰਫ਼ ਇੱਕ ਹਫ਼ਤਾ ਪਹਿਲਾਂ ਆਈ ਹੈ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਫੈਸਲਾਬਾਦ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਦੇ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸਨੂੰ ਆਪਣੇ ਸੰਸਦ ਮੈਂਬਰਾਂ ਨੂੰ ਸੰਸਦ ਤੋਂ ਅਯੋਗ ਠਹਿਰਾਉਣ ਅਤੇ ਪਾਰਟੀ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਤੋਂ ਰੋਕਣ ਦੀ ਸਾਜ਼ਿਸ਼ ਦਾ ਹਿੱਸਾ ਦੱਸਿਆ ਹੈ। ਪਾਰਟੀ ਦੇ ਅੰਤਰਿਮ ਚੇਅਰਮੈਨ ਗੌਹਰ ਅਲੀ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਇਸ ਫੈਸਲੇ ਨੂੰ ਲਾਹੌਰ ਹਾਈ ਕੋਰਟ ਵਿੱਚ ਚੁਣੌਤੀ ਦੇਵੇਗਾ।
9 ਮਈ 2023 ਨੂੰ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਖਾਨ ਦੇ ਸਮਰਥਕਾਂ ਵਿਚਕਾਰ ਹਿੰਸਕ ਝੜਪਾਂ ਹੋਈਆਂ ਸਨ, ਜਿਸ ਵਿੱਚ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਨੇ ਸਰਕਾਰੀ ਇਮਾਰਤਾਂ ਅਤੇ ਫੌਜੀ ਸਥਾਪਨਾਵਾਂ ‘ਤੇ ਹਮਲਾ ਕੀਤਾ ਸੀ। ਇਹਨਾ ਵਿਰੋਧ ਪ੍ਰਦਰਸ਼ਨਾਂ ਵਿੱਚ ਘੱਟੋ-ਘੱਟ ਦਸ ਲੋਕ ਮਾਰੇ ਗਏ ਸਨ ਜਿਸ ਕਾਰਨ ਅਧਿਕਾਰੀਆਂ ਨੂੰ ਇਮਰਾਨ ਖਾਨ ਦੀ ਪਾਰਟੀ ‘ਤੇ ਕਾਰਵਾਈ ਕਰਨੀ ਪਈ ਸੀ। 2024 ਵਿੱਚ ਰਾਸ਼ਟਰੀ ਅਸੈਂਬਲੀ ਚੋਣਾਂ ਦੌਰਾਨ, ਪੀਟੀਆਈ ਦੇ ਮੈਂਬਰਾਂ ਨੇ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਦਿਆਂ ਸਭ ਤੋਂ ਵੱਧ ਸੀਟਾਂ ਜਿੱਤੀਆਂ ਸਨ ਪਰ ਉਨ੍ਹਾਂ ਨੂੰ ਸਰਕਾਰ ਬਣਾਉਣ ਤੋਂ ਰੋਕ ਦਿੱਤਾ ਗਿਆ।