PunjabReligion

ਕੌਮੀ ਸੰਸਥਾਵਾਂ ਵਿੱਚ ਸਰਕਾਰੀ ਦਖਲ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ : ਸ਼੍ਰੋਮਣੀ ਕਮੇਟੀ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ।

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਕੁੱਝ ਜਥੇਬੰਦੀਆਂ ਦੇ ਧਰਨੇ ਦੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਗਈ ਅਗਵਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਸਥਾਵਾਂ ਵਿੱਚ ਖੁੱਲ੍ਹੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪੁਰਾਣੇ ਮਾਮਲੇ ਸਬੰਧੀ ਲੱਗੇ ਧਰਨੇ ਵਿਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਸ਼ਾਮਲ ਹੋਣਾ ਅਤੇ ਨਿਰਦੇਸ਼ ਦੇਣੇ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਹ ਸੁਪਨਾ ਲੈਣਾ ਛੱਡ ਦੇਵੇ ਕਿ ਉਹ ਸਿੱਖ ਸੰਸਥਾਵਾਂ ਨੂੰ ਆਪਣੀ ਮਨਮਰਜ਼ੀ ਨਾਲ ਚਲਾਉਣਗੇ। ਉਨ੍ਹਾਂ ਕਿਹਾ ਕਿ ਕੌਮੀ ਸੰਸਥਾਵਾਂ ਸਿਰਫ਼ ਕੌਮ ਦੀਆਂ ਹਨ ਅਤੇ ਇਨ੍ਹਾਂ ਵਿੱਚ ਸਰਕਾਰੀ ਦਖਲ ਦੀ ਕੋਈ ਵੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਆਖਿਆ ਕਿ ਸਿੱਖ ਕੌਮ ਆਪਣੀਆਂ ਧਾਰਮਿਕ ਸੰਸਥਾਵਾਂ ਦੀ ਮਰਯਾਦਾ ਅਤੇ ਪਰੰਪਰਾਵਾਂ ਦੀ ਰੱਖਿਆ ਕਰਨੀ ਜਾਣਦੀ ਹੈ ਜਿਸ ਬਾਰੇ ਸਰਕਾਰ ਨੂੰ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਜਿਸ ਮਾਮਲੇ ਵਿਚ ਸਰਕਾਰ ਦਖਲ ਦੇਣ ਦੀ ਗੰਭੀਰ ਗਲਤੀ ਕਰ ਰਹੀ ਹੈ ਜਦਕਿ ਇਹ ਸਿੱਧੇ ਤੌਰ ‘ਤੇ ਸ਼੍ਰੋਮਣੀ ਕਮੇਟੀ ਦਾ ਪ੍ਰਬੰਧਕੀ ਮਾਮਲਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਦੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਪ ਜਾਂਚ ਕਰਵਾਈ ਗਈ ਸੀ ਅਤੇ ਜਾਂਚ ਪੜਤਾਲ ਦੀ ਰੀਪੋਰਟ ਅਤੇ ਸਿਫਾਰਸਾਂ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰੀਪੋਰਟ ਵਿੱਚ ਸਪੱਸ਼ਟ ਹੋ ਚੁੱਕਾ ਹੈ ਕਿ 328 ਪਾਵਨ ਸਰੂਪਾਂ ਦਾ ਮਾਮਲਾ ਬੇਅਦਬੀ ਦਾ ਨਹੀਂ ਬਲਕਿ ਕੁੱਝ ਮੁਲਾਜ਼ਮਾਂ ਵੱਲੋਂ ਪੈਸਿਆਂ ਦੀ ਕੀਤੀ ਹੇਰਾਫੇਰੀ ਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੌਮ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹਨ ਅਤੇ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸਾਰੀ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੈ ਤਾਂ ਸਰਕਾਰ ਕੌਣ ਹੁੰਦੀ ਹੈ ਕਿ ਉਹ ਇਸ ਉਤੇ ਸਿਆਸਤ ਕਰੇ।

ਐਡਵੋਕੇਟ ਧਾਮੀ ਨੇ 1999 ਵਿੱਚ ਛਪੀ ਕਿਤਾਬ ਦੇ ਮਾਮਲੇ ਨੂੰ ਦਿੱਤੀ ਜਾ ਰਹੀ ਤੂਲ ਨੂੰ ਵੀ ਸਿਆਸੀ ਹਰਕਤ ਦੱਸਿਆ। ਉਨ੍ਹਾਂ ਆਖਿਆ ਕਿ ਜੋ ਅੰਗਰੇਜ਼ੀ ਪੁਸਤਕ ਦਾ ਅਨੁਵਾਦ ਕਰਵਾ ਕੇ ਪੁਸਤਕ ਛਪਾਈ ਗਈ ਸੀ, ਉਸ ਉਪਰ ਇਤਰਾਜਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਪ੍ਰਬੰਧਕਾਂ ਨੇ ਇਸ ’ਤੇ ਰੋਕ ਲਗਾਉਣ ਦੇ ਨਾਲ-ਨਾਲ ਇਸ ਨੂੰ ਵਾਪਸ ਲੈਣ ਲਈ ਅਖ਼ਬਾਰਾਂ ਵਿਚ ਇਸ਼ਤਿਹਾਰ ਵੀ ਦਿੱਤੇ ਗਏ ਸਨ। ਇਸ ਤੋਂ ਇਲਾਵਾ ਪਿਛਲੇ ਦੌਰਾਨ ਇਜਲਾਸ ਦੌਰਾਨ ਭੁੱਲ ਦੀ ਖਿਮਾ-ਜਾਚਨਾ ਵੀ ਮੰਗੀ ਗਈ ਸੀ। ਹੁਣ ਇਸ ਮਸਲੇ ਨੂੰ ਮੁੜ-ਮੁੜ ਉਭਾਰਨ ਦੀ ਕੋਈ ਤੁੱਕ ਨਹੀਂ ਬਣਦੀ। ਸ਼੍ਰੋਮਣੀ ਕਮੇਟੀ ਕਿਸੇ ਵੀ ਦਬਾਅ ਜਾਂ ਨੀਵੀਂ ਪੱਧਰ ਦੀ ਸਰਕਾਰੀ ਹਰਕਤ ਤੋਂ ਘਬਰਾਉਣ ਵਾਲੀ ਨਹੀਂ ਅਤੇ ਕਮੇਟੀ ਦੇ ਮੈਂਬਰ ਸਰਕਾਰੀ ਚਾਲਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ ਬੰਦ ਕੀਤੀ ਜਾਵੇ। ਜੇਕਰ ਸਿੱਖ ਸੰਸਥਾਵਾਂ ਅਤੇ ਗੁਰੂ ਘਰ ਦੀ ਮਰਯਾਦਾ ਵਿਚ ਦਖਲ ਦੀਆਂ ਹਰਕਤਾਂ ਬੰਦ ਨਾ ਕੀਤੀਆਂ ਤਾਂ ਨਿਕਲਣ ਵਾਲੇ ਨਤੀਜਿਆਂ ਲਈ ਜਿੰਮੇਵਾਰ ਖੁਦ ਪੰਜਾਬ ਸਰਕਾਰ ਹੋਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਮਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਚਾਰੇ ਜਾਣ ਬਾਅਦ ਕਾਰਵਾਈ ਕੀਤੀ ਜਾ ਚੁੱਕੀ ਹੈ ਉਨ੍ਹਾਂ ਵਿੱਚ ਸਰਕਾਰਾਂ ਦੀ ਦਖਲਅੰਦਾਜ਼ੀ ਦਾ ਨੋਟਿਸ ਲਿਆ ਜਾਵੇ ਤਾਂ ਜੋ ਪੰਥ ਦੀਆਂ ਰਵਾਇਤਾਂ ਦਾ ਸਤਿਕਾਰ ਬਰਕਰਾਰ ਰਹੇ।

Related posts

ਪੰਜਾਬ ਵਿੱਚ 13 ਜੂਨ ਨੂੰ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਜ਼ਾਬਤਾ ਲਾਗੂ

admin

ਕੀ ਸੰਕੇਤ ਦੇ ਗਏ ਪੰਜਾਬ ਦੇ ਨਿਗਮ, ਕੌਂਸਲ ਤੇ ਪੰਚਾਇਤੀ ਚੋਣ ਨਤੀਜੇ?

admin

ਕੇਵਲ ਸਿੰਘ ਢਿੱਲੋਂ ਰਾਹੀਂ ਭਾਜਪਾ ਵਲੋਂ ਪੰਜਾਬ ਦੀ ਸੱਤਾ ਸੰਭਾਲਣ ਦੀ ਤਿਆਰੀ ?

admin