ਭਾਰਤ ਦੇ 77ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਸਾਰੇ ਪੰਜਾਬੀਆਂ ਨੂੰ ਸ਼ੁੱਭ-ਕਾਮਨਾਵਾਂ ਦਿੰਦੇ ਹੋਏ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1950 ਵਿੱਚ ਇਸ ਦਿਨ ‘ਤੇ ਦੇਸ਼ ਦੇ ਸੰਵਿਧਾਨ ਦੇ ਲਾਗੂ ਹੋਣ ‘ਤੇ ਬਹੁਤ ਮਾਣ ਅਤੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਅੱਜ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮਾਣਮੱਤੇ ਨਾਗਰਿਕ ਹਾਂ। ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਨੂੰ ਮੁੱਖ-ਮੰਤਰੀ ਨੇ ਸ਼ਰਧਾਂਜਲੀ ਭੇਟ ਕਰਦਿਆਂ ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਦੇ ਹੋਏ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕੀਤਾ।
ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਹੁਸ਼ਿਆਰਪੁਰ ਵਿਖੇ ਰਾਜ-ਪੱਧਰੀ ਸਮਾਗਮ ਦੇ ਵਿੱਚ ਕੌਮੀ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕਰਦਿਆਂ ਕਿਹਾ ਕਿ, “ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿੱਚ ਮਿਸਾਲੀ ਯੋਗਦਾਨ ਪਾਇਆ ਹੈ ਅਤੇ ਦੇਸ਼ ਦੀ ਰੱਖਿਆ ਅਤੇ ਇਸ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਹਮੇਸ਼ਾ ਮੋਹਰੀ ਰਹੇ ਹਨ। ਪੰਜਾਬੀ ਇਸ ਗੱਲ ‘ਤੇ ਮਾਣ ਕਰਦੇ ਹਨ ਕਿ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਯੋਧਿਆਂ ਨੇ ਦਿੱਤੀਆਂ ਸਨ। ਹਰ ਪੰਜਾਬੀ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਨਾ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਮਿਲੀ ਹੈ। ਕੂਕਾ ਲਹਿਰ, ਬੱਬਰ ਅਕਾਲੀ ਲਹਿਰ, ਗ਼ਦਰ ਲਹਿਰ, ਕਾਮਾਗਾਟਾ ਮਾਰੂ ਦੁਖਾਂਤ ਅਤੇ ਪਗੜੀ ਸੰਭਾਲ ਜੱਟਾ ਵਰਗੀਆਂ ਆਜ਼ਾਦੀ ਦੀਆਂ ਲਹਿਰਾਂ ਦੀ ਅਗਵਾਈ ਪੰਜਾਬੀਆਂ ਨੇ ਕੀਤੀ। ਬਾਬਾ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ ਅਤੇ ਸੈਂਕੜੇ ਹੋਰ ਕੌਮੀ ਨਾਇਕਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰੀਆਂ ਹਨ।”
ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਹੁਸ਼ਿਆਰਪੁਰ ਵਿਖੇ ਰਾਜ-ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਰੋਸ ਪ੍ਰਗਟਾਇਆ ਕਿ, “ਦੇਸ਼ ਪ੍ਰਤੀ ਅਥਾਹ ਯੋਗਦਾਨ ਦੇ ਬਾਵਜੂਦ ਪੰਜਾਬ ਕੋਲ ਆਪਣੀ ਰਾਜਧਾਨੀ ਨਹੀਂ ਹੈ। ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਤੌਰ ‘ਤੇ ਇਸ ਤੋਂ ਵਾਂਝਾ ਰੱਖਿਆ ਗਿਆ ਹੈ। ਇਹ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਹਮੇਸ਼ਾ ਰਹੇਗਾ ਅਤੇ ਸੂਬਾ ਸਰਕਾਰ ਆਪਣੀ ਰਾਜਧਾਨੀ ਵਾਪਸ ਲੈਣ ਲਈ ਹਰ ਸੰਭਵ ਯਤਨ ਕਰੇਗੀ। ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ। ਪੰਜਾਬ ਕੋਲ ਆਪਣਾ ਹਾਈ ਕੋਰਟ ਨਹੀਂ ਹੈ, ਜਦੋਂ ਕਿ ਉੱਤਰ ਪੂਰਬ ਦੇ ਛੋਟੇ ਰਾਜਾਂ ਦੀ ਵੀ ਆਪਣੀ ਹਾਈ ਕੋਰਟ ਹੈ। ਆਪਣੀ ਹਾਈ ਕੋਰਟ ਦੀ ਅਣਹੋਂਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸਾਂ ਦੀ ਵੱਡੀ ਗਿਣਤੀ ਕਾਰਨ ਪੰਜਾਬੀਆਂ ਨੂੰ ਬਹੁਤ ਪਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ। ਸਥਿਤੀ ਨੂੰ ਹੋਰ ਵਿਗਾੜਨ ਲਈ ਸੂਬੇ ਨੂੰ ਇਸ ਦੀ ਰਾਜਧਾਨੀ, ਪੰਜਾਬ ਯੂਨੀਵਰਸਿਟੀ, ਪਾਣੀਆਂ ਅਤੇ ਹੋਰ ਅਧਿਕਾਰਾਂ ਤੋਂ ਵਾਂਝਾ ਕਰਨ ਲਈ ਰੋਜ਼ਾਨਾ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਪੰਜਾਬ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਰੋਜ਼ ਕਾਨੂੰਨੀ ਅਤੇ ਸੰਵਿਧਾਨਕ ਚਾਰਾਜੋਈ ਕਰਦਾ ਰਹੇਗਾ।”
ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਐਲਾਨ ਕੀਤਾ ਕਿ, “ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਸ ਸਾਲ 1 ਤੋਂ 20 ਫਰਵਰੀ, 2027 ਤੱਕ ਰਾਜ ਪੱਧਰੀ ਪ੍ਰੋਗਰਾਮਾਂ ਰਾਹੀਂ ਮਨਾਇਆ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਇਤਿਹਾਸਕ ਯਾਦਗਾਰ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਤਹਿਤ ਨਸ਼ਿਆਂ, ਗੈਂਗਸਟਰਾਂ ਅਤੇ ਨਾਰਕੋ-ਡਰੋਨਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਜਾਰੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੌਰਾਨ ਨਾਗਰਿਕ 98991 00002 ਫੋਨ ਨੰਬਰ ‘ਤੇ ਮਿਸਡ ਕਾਲ ਦੇ ਕੇ ਇਸ ਵਿੱਚ ਸ਼ਾਮਲ ਹੋ ਸਕਦੇ ਹਨ। 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਗਈ ਹੈ। 10 ਲੱਖ ਰੁਪਏ ਤੱਕ ਦੀ ਸਰਵਵਿਆਪੀ ਸਿਹਤ ਸੰਭਾਲ, ਰਿਸ਼ਵਤ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਅਤੇ ਸੜਕ ਸੁਰੱਖਿਆ ਫੋਰਸ ਰਾਹੀਂ ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ ਤੇਜ਼ੀ ਨਾਲ ਕਮੀ ਆਈ ਹੈ। ਇਸ ਸਮੇਂ ਪੰਜਾਬ ਵਿੱਚ 19.85 ਲੱਖ ਪਰਿਵਾਰ ਮਨਰੇਗਾ ਕਾਮਿਆਂ ਵਜੋਂ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ 12.65 ਲੱਖ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ, “ਸੂਬਾ ਸਰਕਾਰ ਕਾਨੂੰਨ ਅਤੇ ਅਦਾਲਤਾਂ ਰਾਹੀਂ ਕੇਂਦਰ ਵਿਰੁੱਧ ਇਹ ਜੰਗ ਲੜ ਰਹੀ ਹੈ। ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲਾ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।”
ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਸਨਮਾਨ ਕੀਤਾ ਗਿਆ, ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਸਮਾਗਮ ਦੌਰਾਨ ਸਮਾਜ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਅਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਧੀਰੇਂਦਰ ਵਰਮਾ ਆਈ.ਪੀ.ਐਸ. ਅਤੇ ਸਹਾਇਕ ਪਰੇਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਪੈਸਕੋ, ਐਨ.ਸੀ.ਸੀ., ਬੁਆਏ ਸਕਾਊਟਸ, ਪੁਲਿਸ ਕੈਡਿਟਸ, ਗਰਲ ਗਾਈਡਜ਼ ਅਤੇ ਪੰਜਾਬ ਪੁਲਿਸ ਬ੍ਰਾਸ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਪੀ.ਏ.ਪੀ. ਜਲੰਧਰ ਟੀਮ ਦੁਆਰਾ ਟੈਂਟ ਪੈਗਿੰਗ ਅਤੇ ਭੰਗੜਾ, ਗਿੱਧਾ, ਸਮੂਹ ਡਾਂਸ, ਪੀ.ਟੀ. ਸ਼ੋਅ ਅਤੇ ਸਕੂਲੀ ਵਿਦਿਆਰਥੀਆਂ ਦੁਆਰਾ ਸਮੂਹ ਗਾਇਨ ਸਮੇਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
