ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਚੜਦੀ ਕਲਾ ’ਚ ਹਨ ਅਤੇ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਵਰਕਰ ਡਰਨ ਵਾਲਾ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ, “ਭਗਵੰਤ ਮਾਨ ਕੇਂਦਰ ਸਰਕਾਰ ਦੇ ਦਬਾਅ ਹੇਠ ਹੈ ਤੇ ਕੇਂਦਰ ਅੱਗੇ ਸਿਰ ਚੁੱਕਣ ਦੀ ਹਾਲਤ ਵਿਚ ਨਹੀਂ ਹੈ ਜਿਸ ਕਾਰਨ ਪੰਜਾਬ ਦੇ ਹਿੱਤ ਖਤਰੇ ਵਿਚ ਹਨ। ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪਾਣੀ ਦੇ ਮੁੱਦੇ ਉੱਪਰ ਹੋਈ ਮੀਟਿੰਗ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਮੀਟਿੰਗ ਕਰਨੀ ਹੀ ਨਹੀਂ ਬਣਦੀ ਸੀ ਕਿਉੰਕਿ ਪੰਜਾਬ ਦੇ ਪਾਣੀ ਵਿਚੋਂ ਹਿੱਸੇ ਲਈ ਹਰਿਆਣਾ ਦੀ ਮੰਗ ਬਣਦੀ ਹੀ ਨਹੀਂ ਤੇ ਇਸ ਸਬੰਧੀ ਮੀਟਿੰਗ ਵਿੱਚ ਕਰਨ ਨੂੰ ਕੁੱਝ ਨਹੀਂ ਹੈ। ਪੰਜਾਬ ਦੇ ਸੀਐੱਮ ਭਗਵੰਤ ਮਾਨ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਐਸਵਾਈਐਲ ਦੇ ਮੁੱਦੇ ’ਤੇ ਸਵਰਗੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਾਂਗ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਸਟੈਂਡ ਲੈਣਾ ਚਾਹੀਦਾ ਹੈ। ਪੰਜਾਬ ਦਾ ਗ੍ਰਹਿ ਵਿਭਾਗ ਮੁੱਖ-ਮੰਤਰੀ ਦੇ ਕੋਲ ਹੋਣ ਦੇ ਬਾਵਜੂਦ ਵੀ ਪੰਜਾਬ ’ਚ ਰੋਜ਼ਾਨਾ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਰਕਾਰ ਸਿਆਸੀ ਬਦਲਾਖੋਰੀ ਤੋਂ ਧਿਆਨ ਹਟਾ ਕੇ ਪੁਲੀਸ ਨੂੰ ਕਾਨੂੰਨ ਮੁਤਾਬਕ ਕੰਮ ਕਰਨ ਦੇਵੇ।
