ਨਵੀਂ ਦਿੱਲੀ – ਬੇਮੌਸਮੀ ਬਾਰਿਸ਼ ਕਾਰਨ ਪ੍ਰਭਾਵਿਤ ਹੋਏ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ ਕਿ ਕੇਂਦਰ ਸਰਕਾਰ ਨੇ ਹਾੜੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਲਈ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਭਾਰਤ ਦੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ, “ਇਹ ਫੈਸਲਾ 9 ਅਪ੍ਰੈਲ ਨੂੰ ਪ੍ਰਾਪਤ ਹੋਈ ਬੇਨਤੀ ਤੋਂ ਬਾਅਦ ਲਿਆ ਗਿਆ ਹੈ, ਜਿਸ ਤੋਂ ਤੁਰੰਤ ਬਾਅਦ 10 ਅਪ੍ਰੈਲ ਨੂੰ ਜ਼ਮੀਨੀ ਸਥਿਤੀ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਫੀਲਡ ਰਿਪੋਰਟਾਂ ਦੇ ਆਧਾਰ ‘ਤੇ ਇਹ ਸਪੱਸ਼ਟ ਹੋਇਆ ਸੀ ਕਿ ਬੇਮੌਸਮੀ ਬਾਰਿਸ਼ ਕਾਰਨ ਫਸਲ ਦੀ ਗੁਣਵੱਤਾ ‘ਤੇ ਅਸਰ ਪਿਆ ਹੈ। ਇਸ ਮੁਲਾਂਕਣ ਤੋਂ ਬਾਅਦ ਸਰਕਾਰ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਜ਼ਿਲ੍ਹਿਆਂ ਵਿੱਚ ਖਰੀਦ ਨਿਯਮਾਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਸੋਧੇ ਹੋਏ ਇਹ ਨਿਯਮ ਖਰੀਦ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਲਾਗੂ ਮੰਨੇ ਜਾਣਗੇ। ਇਸ ਫੈਸਲੇ ਨਾਲ ਖਰਾਬ ਮੌਸਮ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਹੁਣ ਮੰਡੀਆਂ ਵਿੱਚ ਉਨ੍ਹਾਂ ਦੀ ਫਸਲ ਨੂੰ ਨਮੀ ਜਾਂ ਦਾਗ਼ੀ ਹੋਣ ਦੇ ਆਧਾਰ ‘ਤੇ ਖਰੀਦਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਉਮੀਦ ਹੈ ਕਿ ਇਸ ਨਾਲ ਕਣਕ ਦੀ ਵਿਕਰੀ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਹੋਣਗੀਆਂ ਅਤੇ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦੇ ਸਹੀ ਮੁੱਲ ਮਿਲਣ ਵਿੱਚ ਮਦਦ ਮਿਲੇਗੀ।”
