ਚੰਡੀਗੜ੍ਹ – ਪੰਜਾਬ ਅੰਦਰ ਭਾਜਪਾ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਪੰਜਾਬ ਦੀ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਮੁੱਖ-ਮੰਤਰੀ ਭਗਵੰਤ ਮਾਨ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਉਨ੍ਹਾਂ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਮੁੱਖ-ਮੰਤਰੀ ਭਗਵੰਤ ਮਾਨ ਦੇ ਪਿਤਾ ਦੇ ਛੋਟੇ ਭਰਾ ਦੇ ਪੁੱਤਰ ਗਿਆਨ ਸਿੰਘ ਮਾਨ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਬੀਜੇਪੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਮੌਜੂਦ ਸਨ।
ਹਰਿਆਣਾ ਦੇ ਮੁੱਖ-ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਭਾਜਪਾ ਵਿੱਚ ਸਵਾਗਤ ਕਰਦਿਆਂ ਕਿਹਾ ਕਿ, “ਪੰਜਾਬ ਦੀ ਜਨਤਾ ਹੁਣ ਵਿਕਾਸ, ਅਤੇ ਮਜ਼ਬੂਤ ਅਗਵਾਈ ਚਾਹੁੰਦੀ ਹੈ, ਜਿਸਦੀ ਗਾਰੰਟੀ ਸਿਰਫ਼ ਭਾਜਪਾ ਦੇ ਸਕਦੀ ਹੈ। ਮਿਸ਼ਨ 2027 ਵੱਲ ਪੰਜਾਬ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੇ ਪੈਰ ਪੰਜਾਬ ਤੋਂ ਉੱਖੜਣੇ ਸ਼ੁਰੂ ਹੋ ਚੁੱਕੇ ਹਨ। ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਦੀ ਸੋਚ ਕਾਰਨ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਆਮ ਆਦਮੀ ਪਾਰਟੀ ਦੇ ਆਪਣੇ ਘਰ ਵਿੱਚੋਂ ਹੀ ਭਰੋਸਾ ਟੁੱਟਣਾ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਹੁਣ ਝੂਠੇ ਵਾਅਦਿਆਂ ਅਤੇ ਡਰਾਮੇ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ।”
ਦਿਲਚਸਪ ਗੱਲ ਇਹ ਹੈ ਕਿ ਮੁੱਖ-ਮੰਤਰੀ ਭਗਵੰਤ ਮਾਨ ਦੀ ਮਾਂ ਅਤੇ ਉਸ ਦੇ ਚਚੇਰੇ ਭਰਾ ਦੀ ਮਾਂ ਆਪਸ ਵਿੱਚ ਸਕੀਆਂ ਭੈਣਾਂ ਵੀ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਬਲਜਿੰਦਰ ਬਰਨਾਲਾ ਅਤੇ ਪਾਰਟੀ ਦੇ ਜ਼ੋਨਲ ਇੰਚਾਰਜ ਮਨਜਿੰਦਰ ਖਹਿਰਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
