ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦੀ ਮਤਾ ਪਾਸ ਕੀਤਾ ਗਿਆ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚਲੇ ਇਤਰਾਜ਼ਾਂ ਬਾਰੇ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਜਿਥੇ ਸਿੱਖ ਜਥੇਬੰਦੀਆਂ ਦੇ ਮੁੱਖੀ ਸਾਹਿਬਾਨ ਨੇ ਸ਼ਿਰਕਤ ਕੀਤੀ, ਉਥੇ ਹੀ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਇਸ ਐਕਟ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅੱਜ ਦੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਗਈ ਇਸ ਪੰਥਕ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਸਮੂਹ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ ਤੇ ਕਾਰਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਗ੍ਰੰਥੀ ਤੇ ਅਖੰਡਪਾਠੀ ਸਿੰਘਾਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਸਮੇਤ ਸਿੱਖ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੰਗਤਾਂ ਨੂੰ ਪ੍ਰੇਰਣਾ ਕਰਕੇ ਲਿਆਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੁੰਦਿਆਂ ਆਪਣੀਆਂ ਜ਼ੁੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਾਹਿਬਾਨ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਸਮੇਤ ਸਮੂਹ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੀਤੇ ਕੱਲ੍ਹ ਜਲਾਲਾਬਾਦ ਨੇੜਲੇ ਪਿੰਡ ਬਾਰੇਕੇ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਅਗਨ ਭੇਟ ਹੋਣ ਦੀ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਸੰਗਤਾਂ ਨੂੰ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਇਹ ਜ਼ੁੰਮੇਵਾਰੀ ਹੋਰ ਵੀ ਵਧ ਜਾਂਦੀ ਹੈ, ਜਿਸ ਪ੍ਰਤੀ ਸੰਗਤਾਂ ਨੂੰ ਚੇਤੰਨ ਹੋਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਮੰਗੀਆਂ ਜਾ ਰਹੀਆਂ ਜਾਣਕਾਰੀਆਂ ਬਾਰੇ ਵੀ ਅੱਜ ਦੀ ਅੰਤ੍ਰਿੰਗ ਕਮੇਟੀ ’ਚ ਵਿਚਾਰ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਸਹਿਯੋਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਪੱਤਰ ਲਿਖਿਆ ਸੀ। ਜਥੇਦਾਰ ਸਾਹਿਬ ਵੱਲੋਂ ਪੱਤਰ ਭੇਜ ਕੇ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੀ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜਾਂਚ ਟੀਮ ਜਾਣਬੁਝ ਕੇ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਲਈ ਗ਼ਲਤ ਬਿਆਨੀ ਕਰ ਰਹੀ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਪੂਰੀ ਪਾਰਦਰਸ਼ਤਾ ਨਾਲ ਸਹਿਯੋਗ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਤੋਂ ਬਾਹਰ ਜਾ ਕੇ ਮੰਗੀ ਗਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿਚ ਕੁਝ ਲੋਕਾਂ ਵੱਲੋਂ ਸਿੱਖ ਸੰਸਥਾ ਖਿਲਾਫ਼ ਕੀਤੀ ਜਾ ਰਹੀ ਗ਼ਲਤ ਬਿਆਨੀ ਨੂੰ ਤੁਰੰਤ ਬੰਦ ਕਰਨ ਲਈ ਵੀ ਆਖਿਆ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਵੀ ਪਾਸ ਕੀਤਾ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ, ਇੰਜੀ: ਸੁਖਵਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਪ੍ਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਗੁਰਪ੍ਰਤਾਪ ਸਿੰਘ, ਸ. ਤਰਸੇਮ ਸਿੰਘ ਆਦਿ ਸ਼ਾਮਲ ਸਨ।
