ArticlesPunjab

ਕਿਸਾਨ ਕ੍ਰੈਡਿਟ ਕਾਰਡ ‘ਚ ਸੁਧਾਰਾਂ ਨਾਲ ਪੰਜਾਬ ਦੇ 13 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ !

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਪੰਜਾਬ ਸਰਕਾਰ ਨੇ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ ‘ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਸੀ। ਇਹ ਨਵੀਂ ਨੀਤੀ ਫ਼ਸਲ ਦੀ ਅਸਲ ਲਾਗਤ ਦੇ ਅਨੁਸਾਰ ਫ਼ਸਲ-ਵਾਰ ਕਰਜ਼ੇ ਦੀ ਹੱਦ (ਕ੍ਰੈਡਿਟ ਲਿਮਟਾਂ) ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਂਦੀ ਹੈ, ਵਿਆਜ ਦੇ ਬੋਝ ਨੂੰ ਘਟਾਉਂਦੀ ਹੈ, ਵੱਧ ਮੁਨਾਫੇ ਵਾਲੀਆਂ ਫ਼ਸਲਾਂ ਅਤੇ ਸਹਾਇਕ ਖੇਤਰਾਂ ਲਈ ਕਰਜ਼ੇ ਦੀ ਯੋਗਤਾ ਦਾ ਵਿਸਤਾਰ ਕਰਦੀ ਹੈ। ਇੱਥੋਂ ਤੱਕ ਕਿ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਸ਼ੁਰੂ ਕਰਦੀ ਹੈ ਅਤੇ ਕਿਸਾਨਾਂ ਨੂੰ ਏ.ਟੀ.ਐਮ. ਅਤੇ ਯੂ.ਪੀ.ਆਈ. ਵਰਗੇ ਆਧੁਨਿਕ ਡਿਜੀਟਲ ਪਲੇਟਫਾਰਮਾਂ ਰਾਹੀਂ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਹੈ ਕਿ, “ਨਵਾਂ ਕੇ.ਸੀ.ਸੀ. ਢਾਂਚਾ ਕਿਸਾਨਾਂ ਦੇ ਹੱਥਾਂ ਵਿੱਚ ਵਧੇਰੇ ਪੈਸਾ ਸਿੱਧਾ ਪਹੁੰਚਾਏਗਾ, ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਫ਼ਸਲੀ ਵਿਭਿੰਨਤਾ ਨੂੰ ਤੇਜ਼ ਕਰੇਗਾ, ਸਹਿਕਾਰੀ ਕਰਜ਼ਾ ਸੰਸਥਾਵਾਂ ਨੂੰ ਮਜ਼ਬੂਤ ਕਰੇਗਾ ਅਤੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਵਿੱਚ ਮਦਦ ਕਰੇਗਾ। ਇਸ ਵਿੱਚ ਬਾਗਬਾਨੀ ਫ਼ਸਲਾਂ ਵੀ ਸ਼ਾਮਲ ਹਨ, ਜਿੱਥੇ ਪਹਿਲਾਂ ਮਿਲਣ ਵਾਲੀ 32,000 ਰੁਪਏ ਪ੍ਰਤੀ ਏਕੜ ਦੀ ਇਕਸਾਰ ਹੱਦ ਦੇ ਮੁਕਾਬਲੇ ਹੁਣ ਕਰਜ਼ਾ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਜਾ ਸਕਦਾ ਹੈ। ਇਹ ਸਿਰਫ਼ ਕੋਈ ਨੀਤੀਗਤ ਬਦਲਾਅ ਨਹੀਂ ਹੈ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੇ ਉਦੇਸ਼ ਨਾਲ ਲਿਆ ਗਿਆ ਇਤਿਹਾਸਕ ਫੈਸਲਾ ਹੈ। ਅਸੀਂ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕਰ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਵਧੇਰੇ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ਼) ਅਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਲਈ ਅਸਰਦਾਰ ਢੰਗ ਨਾਲ ਕਿਸਾਨਾਂ ਦੀ ਸੇਵਾ ਕਰਨਾ ਆਸਾਨ ਬਣਾ ਦਿੱਤਾ ਹੈ। ਅਸੀਂ ਆਪਣੇ ਕਿਸਾਨਾਂ ਨੂੰ 21ਵੀਂ ਸਦੀ ਦੇ ਡਿਜੀਟਲ ਸਾਧਨਾਂ ਨਾਲ ਲੈਸ ਕੀਤਾ ਹੈ ਅਤੇ ਉਹ ਹੁਣ ਪੰਜਾਬ ਦੀ ਤਰੱਕੀ ਦੀ ਨਵੀਂ ਕਹਾਣੀ ਲਿਖਣਗੇ। ਸੂਬਾ ਸਰਕਾਰ ਨੇ ਸਾਲ 2000 ਤੋਂ ਚੱਲੇ ਆ ਰਹੇ ਪੁਰਾਣੇ ਕੇ.ਸੀ.ਸੀ. ਸਿਸਟਮ ਨੂੰ ਬਦਲ ਕੇ 26 ਸਾਲਾਂ ਦੀ ਖੜ੍ਹੋਤ ਨੂੰ ਤੋੜਿਆ ਹੈ। ਅਸੀਂ ਕਣਕ ਲਈ ਕਰਜ਼ਾ ਹੱਦ 24,380 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 30,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸੇ ਤਰ੍ਹਾਂ ਝੋਨੇ ਲਈ 25,440 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਉਹ ਅਸਲ ਵਿੱਤੀ ਸਹਾਇਤਾ ਮਿਲੇਗੀ ਜਿਸ ਦੇ ਉਹ ਹੱਕਦਾਰ ਹਨ। ਝੋਨੇ ਦੀ ਸੋਧੀ ਹੋਈ 39,000 ਰੁਪਏ ਪ੍ਰਤੀ ਏਕੜ ਦੀ ਹੱਦ ਵਿੱਚੋਂ 2,000 ਰੁਪਏ ਪ੍ਰਤੀ ਏਕੜ ਵਿਸ਼ੇਸ਼ ਤੌਰ ‘ਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਰੱਖੇ ਗਏ ਹਨ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ ਰਾਹੀਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਵਿੱਤੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਗੰਨਾ ਉਤਪਾਦਕਾਂ ਦੀ ਸਹਾਇਤਾ ਲਈ ਕਰਜ਼ਾ ਸੀਮਾ ਨੂੰ 44,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 1 ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਰੈਟੂਨ ਫਸਲਾਂ (ਮੁੜ ਫੁੱਟਣ ਵਾਲੀਆਂ) ਲਈ ਪਹਿਲੀ ਵਾਰ 65,000 ਰੁਪਏ ਪ੍ਰਤੀ ਏਕੜ ਦੀ ਕਰਜ਼ਾ ਵਿਵਸਥਾ ਕੀਤੀ ਗਈ ਹੈ। ਅਸੀਂ ਕਿਸਾਨਾਂ ਨੂੰ ਉੱਚ-ਮੁੱਲ ਵਾਲੀਆਂ ਫਸਲਾਂ ਵੱਲ ਮੋੜਨ ਲਈ ਸਰਗਰਮੀ ਨਾਲ ਕਦਮ ਚੁੱਕ ਰਹੇ ਹਾਂ। ਪਹਿਲੀ ਵਾਰ, ਪੌਪਲਰ ਅਤੇ ਬਾਂਸ ਵਰਗੀਆਂ ਖੇਤੀਬਾੜੀ-ਜੰਗਲਾਤ ਫਸਲਾਂ ਦੇ ਨਾਲ ਨਾਲ ਜਾਮੁਨ ਵਰਗੀਆਂ ਖੇਤੀਬਾੜੀ-ਬਾਗਬਾਨੀ ਫਸਲਾਂ ਨੂੰ ਕਰਜ਼ਾ ਪ੍ਰਣਾਲੀ ਅਧੀਨ ਲਿਆਂਦਾ ਗਿਆ ਹੈ। ਅਸੀਂ ਲੈਮਨਗ੍ਰਾਸ ਲਈ ਵੀ ਕਰਜ਼ਾ ਹੱਦ ਲਿਆਂਦੀ ਹੈ, ਜਿਸ ਨਾਲ ਸ਼ਿਵਾਲਿਕ ਪਹਾੜੀਆਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ। ਪਹਿਲਾਂ ਸਾਰੇ ਫਲ ਅਤੇ ਸਬਜ਼ੀਆਂ ਲਈ ਇਕਸਾਰ ਕਰਜ਼ਾ ਹੱਦ ਨਿਰਧਾਰਤ ਕੀਤੀ ਗਈ ਸੀ। ਹੁਣ, ਫਸਲ ਮੁਤਾਬਕ ਕਰਜ਼ਾ ਸਹਾਇਤਾ ਸ਼ੁਰੂ ਕੀਤੀ ਗਈ ਹੈ, ਜਿਸ ਦੀ ਹੱਦ ਪ੍ਰਤੀ ਏਕੜ 1.57 ਲੱਖ ਰੁਪਏ ਤੱਕ ਹੈ। ਲਸਣ ਉਤਪਾਦਕ ਹੁਣ ਪ੍ਰਤੀ ਏਕੜ 1,57,372 ਰੁਪਏ, ਹਾੜ੍ਹੂ ਪਿਆਜ਼ ਉਤਪਾਦਕ ਪ੍ਰਤੀ ਏਕੜ 92,686 ਰੁਪਏ ਅਤੇ ਹਾਈਬ੍ਰਿਡ ਟਮਾਟਰ ਉਤਪਾਦਕ ਪ੍ਰਤੀ ਏਕੜ 80,981 ਰੁਪਏ ਦਾ ਕਰਜ਼ਾ ਪ੍ਰਾਪਤ ਕਰ ਸਕਦੇ ਹਨ। ਪਹਿਲੀ ਵਾਰ, ਡਰੈਗਨ ਫਰੂਟ ਅਤੇ ਚੀਆ ਸੀਡ/ਕੁਇਨੋਆ ਵਰਗੀਆਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਅਧੀਨ ਲਿਆਂਦਾ ਗਿਆ ਹੈ। ਨੀਲੀ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਮੱਛੀ ਪਾਲਣ ਲਈ ਕਰਜ਼ਾ ਹੱਦ 2.5 ਲੱਖ ਰੁਪਏ ਪ੍ਰਤੀ ਹੈਕਟੇਅਰ ਤੋਂ ਵਧਾ ਕੇ 3 ਲੱਖ ਪ੍ਰਤੀ ਰੁਪਏ ਹੈਕਟੇਅਰ ਕਰ ਦਿੱਤੀ ਗਈ ਹੈ। ਚਿੱਟਾ ਝੀਂਗਾ ਉਤਪਾਦਕਾਂ ਨੂੰ ਹੁਣ ਪ੍ਰਤੀ ਹੈਕਟੇਅਰ 5æ5 ਲੱਖ ਰੁਪਏ ਦੀ ਸਹਾਇਤਾ ਮਿਲੇਗੀ, ਜੋ ਪਹਿਲਾਂ 4.5 ਲੱਖ ਰੁਪਏ ਪ੍ਰਤੀ ਹੈਕਟੇਅਰ ਸੀ। ਕਿਸਾਨਾਂ ਨੂੰ ਹੁਣ ਸੂਬਾ ਪੱਧਰੀ ਤਕਨੀਕੀ ਕਮੇਟੀ ਵੱਲੋਂ ਸਾਲਾਨਾ ਸਮੀਖਿਆਵਾਂ ਦੇ ਨਾਲ ਛੇ ਸਾਲਾ ਕੇ.ਸੀ.ਸੀ. ਮਨਜ਼ੂਰੀ ਦਿੱਤੀ ਜਾਵੇਗੀ। ਬੀ-ਕੰਪੋਨੈਂਟ ਨੂੰ ਹੁਣ 40 ਫ਼ੀਸਦ ਤੋਂ ਵਧਾ ਕੇ 100 ਫ਼ੀਸਦ ਤੱਕ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨ ਬੀਜ, ਖਾਦ, ਪਸ਼ੂ ਚਾਰਾ, ਕਸਟਮ ਹਾਇਰਿੰਗ, ਪਰਾਲੀ ਪ੍ਰਬੰਧਨ, ਜ਼ਮੀਨ ਪੱਧਰੀ ਕਰਨ ਅਤੇ ਇੱਥੋਂ ਤੱਕ ਕਿ ਡਰੋਨ ਹਾਇਰਿੰਗ ਲਈ ਵੀ ਕਰਜ਼ਾ ਪ੍ਰਾਪਤ ਕਰ ਸਕਣਗੇ। ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਵਿਚੋਲਿਆਂ ਨੂੰ ਖਤਮ ਕਰਨ ਲਈ ਏ-ਕੰਪੋਨੈਂਟ ਹੁਣ ਸਿੱਧੇ ਕਿਸਾਨਾਂ ਦੇ ਬੱਚਤ ਖਾਤਿਆਂ ਵਿੱਚ ਜਮ੍ਹਾਂ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ, “ਸਹਿਕਾਰੀ ਬੈਂਕਿੰਗ ਖੇਤਰ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਵਚਨਬੱਧਤ ਹੈ। ਕੋਈ ਵੀ ਬੈਂਕ ਭਾਵੇਂ ਉਹ ਸਰਕਾਰੀ ਹੋਵੇ ਜਾਂ ਨਿੱਜੀ, ਨੂੰ ਕਿਸਾਨਾਂ ਦੀ ਜ਼ਮੀਨ ਜ਼ਬਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨ ਇਨ੍ਹਾਂ ਸੁਧਾਰਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਹ ਨੀਤੀ ਕਿਸਾਨਾਂ ‘ਤੇ ਵਿਆਜ ਦੇ ਬੋਝ ਨੂੰ ਵੀ ਘਟਾਏਗੀ ਅਤੇ ਆਸਾਨ ਕਰਜ਼ੇ ਨੂੰ ਯਕੀਨੀ ਬਣਾਏਗੀ। ਕਿਸਾਨਾਂ ‘ਤੇ ਲਾਗੂ ਵਿਆਜ ਦਰਾਂ ਘੱਟ ਹੋਣਗੀਆਂ ਅਤੇ ਸਾਰੇ ਲਾਭ ਕੇ.ਆਰ.ਪੀ. ਪੋਰਟਲ ਨਾਲ ਜੁੜੇ ਸੁਚਾਰੂ ਕੇ.ਸੀ.ਸੀ. ਖਾਤੇ ਰਾਹੀਂ ਟ੍ਰਾਂਸਫਰ ਕੀਤੇ ਜਾਣਗੇ। ਅਸਲ ਕਾਸ਼ਤ ਲਾਗਤਾਂ ਮੁਤਾਬਕ ਕਰਜ਼ਾ ਸੀਮਾਵਾਂ ਨਿਰਧਾਰਤ ਕਰਕੇ ਅਸੀਂ ਕਿਸਾਨਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਦੇ ਜਾਲ ਤੋਂ ਮੁਕਤ ਕਰ ਰਹੇ ਹਾਂ। ਕਿਸਾਨ ਹੁਣ ਏ.ਟੀ.ਐਮ, ਯੂ.ਪੀ.ਆਈ. ਅਤੇ ਸੀ.ਬੀ.ਐਸ਼- ਅਧਾਰਤ ਡਿਜੀਟਲ ਪ੍ਰਣਾਲੀਆਂ ਰਾਹੀਂ ਫੰਡ ਕਢਵਾ ਸਕਣਗੇ ਅਤੇ ਇਸ ਦਾ ਪ੍ਰਬੰਧਨ ਕਰ ਸਕਣਗੇ। ਜਿਹੜੇ ਲੋਕ ਕਰਜ਼ੇ ਦੀ ਅਦਾਇਗੀ ਲਈ ਆਨਲਾਈਨ ਅਤੇ ਡਿਜੀਟਲ ਤਰੀਕਿਆਂ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਬੈਂਕਾਂ ਤੋਂ ਵਿਸ਼ੇਸ਼ ਰਿਆਇਤਾਂ ਮਿਲਣਗੀਆਂ। ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਫਸਲੀ ਵਿਭਿੰਨਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਕੇ ਖੇਤੀਬਾੜੀ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ‘ਚੋਂ ਕੱਢਣ ਵਿੱਚ ਮਦਦ ਮਿਲੇਗੀ।”

Related posts

ਰੋਜ਼ਾਨਾ ਖਾਓ ਆਂਵਲਾ, ਤਾਂ ਸਿਹਤ ‘ਚ ਹੋਣਗੇ ਇਹ ਚਮਤਕਾਰੀ ਫਾਇਦੇ

Bunty

ਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਸ ਨੇ ਕੀਤੀ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗ

Bunty

ਸੱਸ ਨੂੰਹ- ਸਮਾਜਿਕ ਸ਼ੀਤ ਯੁੱਧ ਦੀਆਂ ਪ੍ਰਤੀਕ !

admin