Punjab

ਸਰਕਾਰ ਨੇ ਮਿਆਰੀ ਸਿੱਖਿਆ ਦੇ ਕੇ ਰੰਗਲੇ ਪੰਜਾਬ ਦੀ ਮਜ਼ਬੂਤ ਨੀਂਹ ਰੱਖੀ ਹੈ – ਮੁੱਖ-ਮੰਤਰੀ ਮਾਨ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮਮਤਰੀ ਹਰਜੋਤ ਸਿੰਘ ਬੈਂਸ ਅਤੇ ḔਆਪḔ ਆਗੂ ਸਮਾਗਮ ਦੇ ਦੌਰਾਨ।

ਚੰਡੀਗੜ੍ਹ – ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 882 ਵਿਦਿਆਰਥੀਆਂ ਨੇ ਸਾਲ 2026 ਦੀ ਨੀਟ (ਨੈਸ਼ਨਲ ਐਲੀਜਿਬਿਲੀਟੀ-ਕਮ-ਐਂਟਰੈਂਸ ਟੈਸਟ) ਪ੍ਰੀਖਿਆ ਪਾਸ ਕੀਤੀ ਹੈ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਸਿਰਫ਼ ਯੋਗਤਾ ਦੇ ਆਧਾਰ ‘ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਸੂਬਾ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।

ਜ਼ੀਰਕਪੁਰ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਨੀਟ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਸਨਮਾਨਿਤ ਕਰਦਿਆਂ ਮੁੱਖ-ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਮੁਫ਼ਤ ਕੋਚਿੰਗ, ਮੈਂਟੋਰਸ਼ਿਪ ਅਤੇ ਕਰੀਅਰ ਕੌਂਸਲਿੰਗ ਨੂੰ ਦਿੱਤੀ ਜਾ ਰਹੀ ਤਰਜੀਹ ਸਦਕਾ ਹੀ ਸੰਭਵ ਹੋਈ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਬਿਹਤਰ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਇਆ ਗਿਆ ਹੈ ਅਤੇ ਰੰਗਲਾ ਪੰਜਾਬ ਦੀ ਮਜ਼ਬੂਤ ਨੀਂਹ ਰੱਖੀ ਗਈ ਹੈ। ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਟ-2026 ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਯਾਦਗਾਰ ਪਲ ਵਜੋਂ ਕਈ ਵਿਦਿਆਰਥੀਆਂ ਨੇ ਮੁੱਖ ਮੰਤਰੀ ਦਾ ਆਟੋਗ੍ਰਾਫ ਮੰਗਿਆ ਅਤੇ ਮੁੱਖ ਮੰਤਰੀ ਨੇ ਬੜੇ ਪਿਆਰ ਨਾਲ ਵਿਦਿਆਰਥੀਆਂ ਨੂੰ ਆਪਣਾ ਆਟੋਗ੍ਰਾਫ ਦਿੱਤਾ। ਵਿਦਿਆਰਥੀਆਂ ਨੇ ਬੜੇ ਪਿਆਰ ਨਾਲ ਧੰਨਵਾਦ ਕਰਦਿਆਂ ਹੱਥ ਨਾਲ ਬਣਾਏ ਮੁੱਖ ਮੰਤਰੀ ਦੇ ਚਿੱਤਰ ਵੀ ਉਨ੍ਹਾਂ ਨੂੰ ਭੇਟ ਕੀਤੇ, ਜਿਸ ਨਾਲ ਇਹ ਪਲ ਹੋਰ ਵੀ ਖਾਸ ਬਣ ਗਿਆ।

ਸਨਮਾਨ ਸਮਾਰੋਹ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ, “ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਦੋਂ ਬੱਚਿਆਂ ਨੂੰ ਬਿਹਤਰ ਮੌਕੇ ਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਦਿੱਤੀ ਜਾਂਦੀ ਹੈ ਤਾਂ ਕੋਈ ਵੀ ਸੁਪਨਾ ਉਨ੍ਹਾਂ ਦੀ ਪਹੁੰਚ ਤੋਂ ਦੂਰ ਨਹੀਂ ਰਹਿੰਦਾ। ਨੀਟ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ-1 ਪ੍ਰਾਪਤ ਕਰਨ ਵਾਲਾ ਆਰੀਅਨ ਗੁਪਤਾ ਵੀ ਪੰਜਾਬ ਦਾ ਪੁੱਤਰ ਹੈ ਜਿਸ ਨਾਲ ਸੂਬਾ ਦਾ ਮਾਣ ਹੋ ਵੱਧ ਗਿਆ ਹੈ। ਅੱਜ ਸਾਡੇ ਸਾਰਿਆਂ ਲਈ ਬੇਹੱਦ ਮਾਣ ਵਾਲੇ ਪਲ ਹਨ। ਮੈਂ ਇਸ ਸ਼ਾਨਦਾਰ ਪ੍ਰਾਪਤੀ ਲਈ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਹਰੇਕ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ। ਸਾਲ 2022 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਇਹ ਗਿਣਤੀ 882 ਹੋ ਗਈ ਹੈ। ਇਹ ਪੰਜਾਬ ਲਈ ਇਤਿਹਾਸਕ ਪ੍ਰਾਪਤੀ ਹੈ ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਬਦਲਾਅ ਨੂੰ ਦਰਸਾਉਂਦੀ ਹੈ।

ਮੁੱਖ-ਮੰਤਰੀ ਨੇ ਕਿਹਾ ਕਿ, “ਇਸ ਸਾਲ ਦੇਸ਼ ਭਰ ਤੋਂ ਲਗਭਗ 20 ਲੱਖ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਦਿੱਤੀ ਸੀ। ਸਾਡੇ ਵਿਦਿਆਰਥੀਆਂ ਨੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਵਿੱਚੋਂ ਇੱਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਸਫਲ ਵਿਦਿਆਰਥੀਆਂ ਦੀ ਗਿਣਤੀ ਹੋਰ ਵੀ ਵੱਧ ਹੋ ਸਕਦੀ ਸੀ, ਪਰ ਪ੍ਰੀਖਿਆ ਪੇਪਰ ਲੀਕ ਹੋਣ ਕਾਰਨ ਬਹੁਤ ਸਾਰੇ ਯੋਗ ਵਿਦਿਆਰਥੀਆਂ ਨੂੰ ਹਰਜਾਨਾ ਭੁਗਤਣਾ ਪਿਆ। ਇਹ ਦੁੱਖ ਦੀ ਗੱਲ ਹੈ ਕਿ ਪੇਪਰ ਲੀਕ ਹੋਣ ਕਾਰਨ ਬਹੁਤ ਸਾਰੇ ਵਿਦਿਆਰਥੀ ਹਤਾਸ਼ ਹੋ ਗਏ ਅਤੇ ਕੁਝ ਨੇ ਤਾਂ ਪ੍ਰੀਖਿਆ ਨਾ ਦੇਣ ਦਾ ਵੀ ਫੈਸਲਾ ਕੀਤਾ। ਬਦਕਿਸਮਤੀ ਨਾਲ ਇਹ ਪਹਿਲੀ ਅਜਿਹੀ ਘਟਨਾ ਨਹੀਂ ਹੈ। ਦੇਸ਼ ਵਿੱਚ 2017, 2024 ਅਤੇ ਹੁਣ ਫਿਰ 2026 ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ। ਇਹ ਕੇਂਦਰ ਸਰਕਾਰ ਦੀ ਅਸਫਲਤਾ ਹੈ ਅਤੇ ਇਹ ਬੇਹੱਦ ਨਿੰਦਣਯੋਗ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਕੌਮੀ ਪੱਧਰ ਦੀ ਤੁਲਨਾ ਪੰਜਾਬ ਦੇ ਰਿਕਾਰਡ ਨਾਲ ਕਰਦਿਆਂ ਮੁੱਖ-ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੂੰ ਸੱਤਾ ਸੰਭਾਲੇ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ ਵਿੱਚ ਇੱਕ ਵੀ ਪ੍ਰੀਖਿਆ ਪੇਪਰ ਲੀਕ ਨਹੀਂ ਹੋਇਆ ਹੈ। ਹਾਲ ਹੀ ਵਿੱਚ, ਜਦੋਂ ਫਾਰਮੇਸੀ ਅਫਸਰ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਸਾਡੇ ਧਿਆਨ ਵਿੱਚ ਆਈ, ਤਾਂ ਅਸੀਂ ਤੁਰੰਤ ਕਾਰਵਾਈ ਕੀਤੀ। ਨਕਲ ਕਰਵਾਉਣ ਵਾਲੇ ਰੈਕੇਟ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ 21 ਵਿਅਕਤੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਮੈਂ ਪੰਜਾਬ ਦੇ ਹਰ ਨੌਜਵਾਨ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਸਰਕਾਰ ਕਦੇ ਵੀ ਪੇਪਰ ਲੀਕ ਜਾਂ ਨਕਲ ਦੀ ਇਕ ਵੀ ਘਟਨਾ ਨਾਲ ਉਨ੍ਹਾਂ ਦੇ ਭਵਿੱਖ ਨੂੰ ਕਦੇ ਵੀ ਦਾਅ ‘ਤੇ ਨਹੀਂ ਲਾਉਣ ਦੇਵੇਗੀ। ਪੰਜਾਬ ਵਿੱਚ ਸਿਰਫ਼ ਯੋਗਤਾ ਦੇ ਅਧਾਰ ‘ਤੇ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਪਹਿਲਾਂ ਹੀ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਵਿੱਚ ਕਿਸੇ ਸਿਫਾਰਸ਼, ਕਿਸੇ ਰਿਸ਼ਵਤ ਅਤੇ ਕਿਸੇ ਵੀ ਪੱਖਪਾਤ ਲਈ ਕੋਈ ਥਾਂ ਨਹੀਂ ਹੈ ਅਤੇ ਬਹੁਤ ਸਾਰੇ ਪੰਜਾਬੀ ਨੌਜਵਾਨ ਹੁਣ ਵਿਦੇਸ਼ਾਂ ਤੋਂ ਪੰਜਾਬ ਵਿੱਚ ਕੰਮ ਕਰਨ ਲਈ ਵਾਪਸ ਆ ਰਹੇ ਹਨ। ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ, ਅਸੀਂ ਅਧਿਆਪਕਾਂ ਨੂੰ ਆਧੁਨਿਕ ਸਿਖਲਾਈ ਲਈ ਫਿਨਲੈਂਡ ਅਤੇ ਆਈਆਈਐਮ (ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ) ਵਰਗੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਭੇਜ ਰਹੇ ਹਾਂ ਤਾਂ ਜੋ ਉਹ ਆਪਣੇ ਹੁਨਰ ਨੂੰ ਹੋਰ ਨਿਖਾਰ ਸਕਣ ਅਤੇ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰ ਸਕਣ। ਜਦੋਂ ਸਾਲ 2022 ਵਿੱਚ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ‘ਤੇ ਸੀ। ਅੱਜ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਅੱਜ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਅਤੇ ਵੱਡੇ ਪੱਧਰ ‘ਤੇ ਸੁਧਾਰ ਕਰਨ ਤੋਂ ਬਾਅਦ, ਪੰਜਾਬ ਕੇਰਲ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।

ਮੈਂ ਖਾਸ ਤੌਰ ‘ਤੇ ਸਾਡੀਆਂ ਧੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਖਿਆ ਨੂੰ ਸਮਾਜ ਵਿੱਚ ਸਾਰਥਕ ਬਦਲਾਅ ਲਿਆਉਣ ਲਈ ਇੱਕ ਸ਼ਕਤੀਸ਼ਾਲੀ ਹਥਿਆਰ ਵਜੋਂ ਵਰਤਣ। ਅੱਜ ਲੜਕੀਆਂ ਲਗਭਗ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਉਨ੍ਹਾਂ ਖੇਤਰਾਂ ਵਿੱਚ ਵੀ ਬੇਮਿਸਾਲ ਕਾਰਗੁਜ਼ਰੀ ਦਿਖਾ ਰਹੀਆਂ ਹਨ, ਜਿਨ੍ਹਾਂ ਨੂੰ ਕਦੇ ਲੜਕਿਆਂ ਦਾ ਖੇਤਰ ਹੀ ਮੰਨਿਆ ਜਾਂਦਾ ਸੀ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਮਹਿਲਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ।

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਪਤਵੰਤਿਆਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਬੇਮਿਸਾਲ ਤਬਦੀਲੀ ਲਿਆਉਣ ਅਤੇ ‘ਰੰਗਲੇ ਪੰਜਾਬ’ ਦੀ ਮਜ਼ਬੂਤ ਨੀਂਹ ਰੱਖਣ ਲਈ ਮੁੱਖ ਮੰਤਰੀ ਦੇ ਲਗਾਤਾਰ ਯਤਨਾਂ ਦੀ ਸ਼ਲਾਘਾ ਕੀਤੀ।

Related posts

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ 52 ਪੱਕੇ ਮੋਰਚੇ ਲਗਾਤਾਰ ਜਾਰੀ

admin

ਸ਼੍ਰੋਮਣੀ ਕਮੇਟੀ ਨੇ ਪੀੜਤ ਕਿਸਾਨ ਪਰਿਵਾਰਾਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ

Bunty

ਛੀਨਾ ਨੇ ਆਰਟ ਗੈਲਰੀ ਵਿਖੇ 3 ਰੋਜ਼ਾ ਪੇਟਿੰਗ ਵਰਕਸ਼ਾਪ ਦਾ ਕੀਤਾ ਉਦਘਾਟਨ

admin