ਚੰਡੀਗੜ੍ਹ – ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ, ਜਿਸ ਕਰਕੇ ਪੰਜਾਬ ਸਰਕਾਰ ਦੇ ਮੌਨਸੂਨ ਸੈਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਸਰਕਾਰੀ ਬੱਸ ਸੇਵਾ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ 3 ਤੋਂ 5 ਅਗਸਤ ਤੱਕ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ। ਯੂਨੀਅਨ ਦਾ ਕਹਿਣਾ ਹੈ ਕਿ ਕਈ ਵਾਰ ਮੰਗਾਂ ਸਬੰਧੀ ਸਰਕਾਰ ਨਾਲ ਗੱਲਬਾਤ ਹੋਣ ਦੇ ਬਾਵਜੂਦ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਿਆ ਹੈ।
ਪੰਜਾਬ ਦੇ ਟਰਾਂਸਪੋਰਟ ਵਿਭਾਗ ਕੋਲ ਇਸ ਸਮੇਂ 2,267 ਸਰਕਾਰੀ ਬੱਸਾਂ ਹਨ। ਇਹ ਬੱਸਾਂ ਪੰਜਾਬ ਦੇ ਅੰਦਰ ਅਤੇ ਹੋਰ ਸੂਬਿਆਂ ਨੂੰ ਮਿਲਾ ਕੇ 1100 ਤੋਂ ਵੱਧ ਮੁੱਖ ਰੂਟਾਂ ‘ਤੇ ਸੇਵਾਵਾਂ ਦੇ ਰਹੀਆਂ ਹਨ। ਪਨਬੱਸ ਦੀਆਂ ਬੱਸਾਂ ਹਰ ਰੋਜ਼ ਲਗਭਗ 4 ਲੱਖ ਕਿਲੋਮੀਟਰ, ਜਦਕਿ ਪੀæਆਰæਟੀæਸੀæ ਦੀਆਂ ਬੱਸਾਂ ਕਰੀਬ 3æ5 ਲੱਖ ਕਿਲੋਮੀਟਰ ਦਾ ਸਫ਼ਰ ਤੈਅ ਕਰਦੀਆਂ ਹਨ। ਜੇਕਰ ਹੜਤਾਲ ਹੁੰਦੀ ਹੈ ਤਾਂ ਰੋਜ਼ਾਨਾ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
