ਸ੍ਰੀ ਮੁਕਤਸਰ ਸਾਹਿਬ – ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚੱਲ ਰਿਹਾ ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਪਹੁੰਚਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮਾਰਚ ਦਾ ਸਵਾਗਤ ਕੀਤਾ ਅਤੇ ਧਾਰਮਿਕ ਜੋਸ਼ ਨਾਲ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਪਿੰਡ ਬਾਦਲ ਪਹੁੰਚਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸਥਾਨਕ ਸੰਗਤਾਂ ਨੇ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ। ਸੰਗਤਾਂ ਨੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਮਾਰਚ ਵਿੱਚ ਸ਼ਾਮਲ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਲੰਗਰ ਛਕਿਆ। ਪਿੰਡ ਬਾਦਲ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸੰਗਤਾਂ ਦੀ ਸੇਵਾ ਕੀਤੀ ਗਈ।
ਸੁਖਬੀਰ ਸਿੰਘ ਬਾਦਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਮਾਝੇ ਦੀ ਧਰਤੀ ਤੋਂ ਸ਼ੁਰੂ ਹੋ ਕੇ ਹੁਣ ਮਾਲਵਾ ਖੇਤਰ ਵਿੱਚ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਇਲਾਕਿਆਂ ਵਿੱਚ ਸੰਗਤਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਸਿੱਖ ਕੌਮ ਦੀ ਧਾਰਮਿਕ ਜਾਗਰੂਕਤਾ ਅਤੇ ਪੰਥਕ ਭਾਵਨਾ ਨੂੰ ਦਰਸਾਉਂਦਾ ਹੈ। ਸੁਖਬੀਰ ਬਾਦਲ ਨੇ ਖ਼ਾਲਸਾ ਪੰਥ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਦੀ ਏਕਤਾ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਪੰਥ ਇਕਜੁੱਟ ਰਹੇਗਾ ਤਾਂ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਿੱਖ ਪੰਥ ਸਾਹਮਣੇ ਅੱਜ ਕਈ ਚੁਣੌਤੀਆਂ ਹਨ ਅਤੇ ਕੁਝ ਤਾਕਤਾਂ ਕੌਮ ਵਿੱਚ ਫੁੱਟ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਸੀ ਮਤਭੇਦਾਂ ਨੂੰ ਪਿੱਛੇ ਛੱਡ ਕੇ ਗੁਰੂ ਸਾਹਿਬਾਨ ਦੇ ਦਰਸਾਏ ਰਸਤੇ ‘ਤੇ ਚੱਲਿਆ ਜਾਵੇ।
ਮੀਡੀਆ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਖ਼ਾਲਸਾ ਪੰਥ ਨੂੰ ਚੜ੍ਹਦੀ ਕਲਾ, ਆਪਸੀ ਏਕਤਾ ਅਤੇ ਹਰ ਮੁਸ਼ਕਲ ਦਾ ਸਾਹਮਣਾ ਕਰਨ ਦੀ ਤਾਕਤ ਮਿਲੇ। ਉਨ੍ਹਾਂ ਕਿਹਾ ਕਿ ਪੰਥ ਦੀ ਏਕਤਾ ਹੀ ਉਸ ਦੀ ਸਭ ਤੋਂ ਵੱਡੀ ਤਾਕਤ ਹੈ।
ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਪਿੰਡ ਬਾਦਲ ਵਿੱਚ ਧਾਰਮਿਕ ਮਾਹੌਲ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਨੇ ਮਾਰਚ ਨੂੰ ਪੰਥਕ ਏਕਤਾ ਦੇ ਸੰਦੇਸ਼ ਨਾਲ ਜੋੜਿਆ। ਮਾਰਚ ਦੇ ਅਗਲੇ ਪੜਾਅ ਨੂੰ ਲੈ ਕੇ ਵੀ ਸੰਗਤਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
