ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਡੈਮ ਦੀ ਸੁਰੱਖਿਆ ਨੂੰ ਲੈ ਕੇ ਸੋਸ਼ਲ ਮੀਡੀਆ ਅਤੇ ਕੁਝ ਹੋਰ ਮਾਧਿਅਮਾਂ ਰਾਹੀਂ ਫੈਲ ਰਹੀਆਂ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਪੰਜਾਬ ਦੇ ਜਲ ਸਰੋਤ ਮੰਤਰੀ ਗੋਇਲ ਨੇ ਕਿਹਾ ਕਿ ਡੈਮ ਦੇ ਝੁਕਣ ਜਾਂ ਇਸ ਦੀ ਸੁਰੱਖਿਆ ਨੂੰ ਲੈ ਕੇ ਚੱਲ ਰਹੀਆਂ ਖ਼ਬਰਾਂ ਭਰਮਕ, ਬੇਬੁਨਿਆਦ ਅਤੇ ਗਲਤ ਹਨ। ਅਜਿਹੀਆਂ ਅਫ਼ਵਾਹਾਂ ਲੋਕਾਂ ਵਿੱਚ ਬਿਨਾਂ ਕਾਰਨ ਡਰ ਅਤੇ ਘਬਰਾਹਟ ਦਾ ਮਾਹੌਲ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਦੇਸ਼ ਦੇ ਸਭ ਤੋਂ ਮਹੱਤਵਪੂਰਨ ਬੰਨ੍ਹਾਂ ਵਿੱਚੋਂ ਇੱਕ ਹੈ ਅਤੇ ਇਸ ਦੀ ਸੁਰੱਖਿਆ ਲਈ ਸਬੰਧਤ ਤਕਨੀਕੀ ਮਾਹਿਰਾਂ ਅਤੇ ਅਧਿਕਾਰੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਂਦੀ ਹੈ। ਡੈਮ ਦੀ ਹਾਲਤ ‘ਤੇ ਨਿਯਮਤ ਤੌਰ ‘ਤੇ ਜਾਂਚ ਅਤੇ ਨਿਗਰਾਨੀ ਕੀਤੀ ਜਾਂਦੀ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦੀ ਕੋਈ ਗੱਲ ਨਹੀਂ ਹੈ।
ਬਰਿੰਦਰ ਕੁਮਾਰ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਣਪੁਸ਼ਟੀ ਖ਼ਬਰਾਂ ਜਾਂ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕਰਨ। ਕਿਸੇ ਵੀ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਸੱਚਾਈ ਦੀ ਪੁਸ਼ਟੀ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਕਰ ਕੋਈ ਮਹੱਤਵਪੂਰਨ ਜਾਣਕਾਰੀ ਹੋਵੇਗੀ ਤਾਂ ਉਹ ਸਿਰਫ਼ ਅਧਿਕਾਰਤ ਮਾਧਿਅਮਾਂ ਰਾਹੀਂ ਹੀ ਲੋਕਾਂ ਤੱਕ ਪਹੁੰਚਾਈ ਜਾਵੇਗੀ। ਮੰਤਰੀ ਨੇ ਦੁਬਾਰਾ ਭਰੋਸਾ ਦਿਵਾਇਆ ਕਿ ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਹ ਸਿਰਫ਼ ਸਰਕਾਰੀ ਅਤੇ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ।
