ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੇ ਇਲਾਜ ਸਬੰਧੀ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਹੈ ਕਿ ਰਾਜੋਆਣਾ ਦਾ ਅੱਖਾਂ ਦਾ ਇਲਾਜ ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਹੀ ਕਰਵਾਇਆ ਜਾਵੇ। ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਇਲਾਜ ਪਟਿਆਲਾ ਦੀ ਬਜਾਏ ਚੰਡੀਗੜ੍ਹ ਦੇ ਪੀਜੀਆਈ ਵਿੱਚ ਹੀ ਕਰਵਾਉਣ ਲਈ ਕਿਹਾ ਹੈ। ਇਹ ਹੁਕਮ ਰਾਜੋਆਣਾ ਵੱਲੋਂ ਪਟਿਆਲਾ ਵਿੱਚ ਇਲਾਜ ਕਰਵਾਉਣ ਲਈ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਹੋਣ ਦੀ ਸ਼ਿਕਾਇਤ ਕੀਤੀ ਸੀ। ਇਸ ਕਾਰਨ ਉਨ੍ਹਾਂ ਨੂੰ ਅੱਖਾਂ ਵਿੱਚ ਦਰਦ ਅਤੇ ਹੋਰ ਪਰੇਸ਼ਾਨੀ ਹੋ ਰਹੀ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਪੀਜੀਆਈ ਚੰਡੀਗੜ੍ਹ ਵਿੱਚ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਵੀ ਹੋ ਚੁੱਕੀ ਹੈ।
ਰਾਜੋਆਣਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪਟਿਆਲਾ ਦੇ ਨਿੱਜੀ ਡਾ. ਆਰ.ਐਸ. ਰੰਧਾਵਾ ਆਈ ਹਸਪਤਾਲ ਵਿੱਚ ਆਪਣੀਆਂ ਅੱਖਾਂ ਦਾ ਇਲਾਜ ਅਤੇ ਸਰਜਰੀ ਕਰਵਾਉਣ ਦੀ ਇਜਾਜ਼ਤ ਮੰਗੀ ਸੀ। ਪਟੀਸ਼ਨ ਵਿੱਚ ਉਨ੍ਹਾਂ ਕਿਹਾ ਸੀ ਕਿ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਕਾਰਨ ਉਨ੍ਹਾਂ ਨੂੰ ਕਾਫੀ ਤਕਲੀਫ਼ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਇਲਾਜ ਦੀ ਲੋੜ ਹੈ। ਉਨ੍ਹਾਂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਉਹ ਪਿਛਲੇ ਲਗਭਗ 30 ਸਾਲਾਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਰਾਜੋਆਣਾ ਨੇ ਕਿਹਾ ਸੀ ਕਿ ਉਹ ਪੁਲਿਸ ਸੁਰੱਖਿਆ ਹੇਠ ਆਪਣੇ ਖਰਚੇ ’ਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਤਿਆਰ ਹਨ।
ਹਾਈਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਜਦੋਂ ਜਨਵਰੀ ਵਿੱਚ ਪੀਜੀਆਈ ਚੰਡੀਗੜ੍ਹ ਵਿੱਚ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਹੋ ਚੁੱਕੀ ਹੈ ਤਾਂ ਫਿਰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਲੋੜ ਕਿਉਂ ਹੈ। ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਰਾਜੋਆਣਾ ਦਾ ਇਲਾਜ ਪੀਜੀਆਈ ਚੰਡੀਗੜ੍ਹ ਵਿੱਚ ਹੀ ਕਰਵਾਉਣ ਦੇ ਹੁਕਮ ਦਿੱਤੇ ਹਨ।
