ਮਨੀਲਾ – ਫਿਲੀਪੀਨ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਉਪ-ਰਾਸ਼ਟਰਪਤੀ ਸਾਰਾ ਡੁਟੇਰਟੇ-ਕਾਰਪੀਓ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਕਾਰਵਾਈ ਉਨ੍ਹਾਂ ਖ਼ਿਲਾਫ਼ ਲੱਗੇ ਗੰਭੀਰ ਧਮਕੀਆਂ ਦੇ ਦੋਸ਼ਾਂ ਨਾਲ ਸਬੰਧਤ ਹੈ। ਇਹ ਮਾਮਲਾ ਇੱਕ ਆਨਲਾਈਨ ਪ੍ਰੈਸ ਕਾਨਫਰੰਸ ਦੌਰਾਨ ਉਪ-ਰਾਸ਼ਟਰਪਤੀ ਵੱਲੋਂ ਦਿੱਤੇ ਗਏ ਬਿਆਨਾਂ ਨਾਲ ਜੁੜਿਆ ਹੈ। ਸਰਕਾਰੀ ਵਕੀਲਾਂ ਮੁਤਾਬਕ ਉਨ੍ਹਾਂ ਦੇ ਬਿਆਨ ਨੂੰ ਰਾਸ਼ਟਰਪਤੀ ਦੇ ਪਰਿਵਾਰ ਨੂੰ ਧਮਕੀ ਦੇਣ ਵਜੋਂ ਲਿਆ ਗਿਆ ਹੈ।
ਰਿਪੋਰਟਾਂ ਮੁਤਾਬਕ ਸਾਰਾ ਡੁਟੇਰਟੇ ਨੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਰਾਸ਼ਟਰਪਤੀ ਦੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਮਾਰਨ ਲਈ ਕਿਰਾਏ ਦੇ ਕਾਤਲਾਂ ਦਾ ਪ੍ਰਬੰਧ ਕੀਤਾ ਹੈ। ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਫਿਲੀਪੀਨ ਦੇ ਸਰਕਾਰੀ ਵਕੀਲਾਂ ਨੇ ਉਨ੍ਹਾਂ ਖ਼ਿਲਾਫ਼ ਗੰਭੀਰ ਧਮਕੀਆਂ ਦੇ ਦੋਸ਼ਾਂ ਤਹਿਤ ਕਾਰਵਾਈ ਸ਼ੁਰੂ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਕਿਊਜ਼ਨ ਸਿਟੀ ਦੀ ਅਦਾਲਤ ਵਿੱਚ ਹੋਈ, ਜਿੱਥੇ ਸ਼ੁੱਕਰਵਾਰ ਨੂੰ ਉਪ-ਰਾਸ਼ਟਰਪਤੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ। ਇਹ ਮਾਮਲਾ ਫਿਲੀਪੀਨ ਦੀ ਰਾਜਨੀਤੀ ਵਿੱਚ ਪਹਿਲਾਂ ਤੋਂ ਚੱਲ ਰਹੇ ਤਣਾਅ ਨੂੰ ਹੋਰ ਵਧਾ ਸਕਦਾ ਹੈ। ਸਾਰਾ ਡੁਟੇਰਟੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਰੋਡਰੀਗੋ ਡੁਟੇਰਤੇ ਦੀ ਧੀ ਹਨ ਅਤੇ ਮੌਜੂਦਾ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਦੇ ਪਰਿਵਾਰ ਨਾਲ ਉਨ੍ਹਾਂ ਦੇ ਰਾਜਨੀਤਿਕ ਸਬੰਧਾਂ ਵਿੱਚ ਪਿਛਲੇ ਸਮੇਂ ਦੌਰਾਨ ਤਣਾਅ ਵਧਿਆ ਹੈ।
