ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਵਿਚਕਾਰ ਕਾਂਗਰਸ ਦੇ ਨਵੇਂ ਪੰਜਾਬ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਦੌਰੇ ’ਤੇ ਆ ਰਹੇ ਹਨ। ਪੰਜਾਬ ਕਾਂਗਰਸ ਵਿੱਚ ਅੰਦਰੂਨੀ ਮਤਭੇਦਾਂ ਅਤੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਹੀ ਚਰਚਾ ਬਾਰੇ ਪਾਇਲਟ ਨੇ ਕਿਹਾ ਹੈ ਕਿ ਪਾਰਟੀ ਵਿੱਚ ਕਿਸੇ ਵੱਡੀ ਫੁੱਟ ਜਾਂ ਧੜੇਬੰਦੀ ਦੀ ਗੱਲ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ ਜਦਕਿ ਵੱਡੀਆਂ ਪਾਰਟੀਆਂ ਵਿੱਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰਾਂ ਦਾ ਫਰਕ ਹੋਣਾ ਆਮ ਗੱਲ ਹੈ।
ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਕਈ ਆਗੂਆਂ ਦੇ ਦਾਅਵੇਦਾਰ ਹੋਣ ਬਾਰੇ ਸਚਿਨ ਪਾਇਲਟ ਨੇ ਕਿਹਾ ਕਿ ਇਹ ਪਾਰਟੀ ਲਈ ਸਮੱਸਿਆ ਨਹੀਂ, ਸਗੋਂ ਖੁਸ਼ਕਿਸਮਤੀ ਹੈ। ਕਾਂਗਰਸ ਕੋਲ ਤਜਰਬੇਕਾਰ, ਸੀਨੀਅਰ, ਯੋਗ ਅਤੇ ਊਰਜਾਵਾਨ ਆਗੂਆਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਰੋਧੀ ਧਿਰ ਵਿੱਚ ਹੋਣ ਕਾਰਨ ਕਾਂਗਰਸ ਆਮ ਤੌਰ ’ਤੇ ਸਮੂਹਿਕ ਲੀਡਰਸ਼ਿਪ ਨਾਲ ਚੋਣ ਲੜਦੀ ਹੈ। ਕਾਂਗਰਸ ਦਾ ਇਸ ਸਮੇਂ ਸਭ ਤੋਂ ਵੱਡਾ ਟੀਚਾ ਚੋਣਾਂ ਜਿੱਤ ਕੇ ਬਹੁਮਤ ਹਾਸਲ ਕਰਨਾ ਹੈ। ਪਾਰਟੀ ਵਰਕਰਾਂ ਅਤੇ ਸੀਨੀਅਰ ਲੀਡਰਸ਼ਿਪ ਦੀ ਸਲਾਹ ਨਾਲ ਅਗਲੇ ਆਗੂ ਬਾਰੇ ਫੈਸਲਾ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫੈਸਲਾ ਚੋਣ ਜਿੱਤਣ ਤੋਂ ਬਾਅਦ ਕੀਤਾ ਜਾਵੇਗਾ।
ਸਚਿਨ ਪਾਇਲਟ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬ ਦੇ ਹਿੱਤਾਂ ਦੀ ਬਜਾਏ ਆਪਣੀ ਪਾਰਟੀ ਦੀ ਲੀਡਰਸ਼ਿਪ ਨੂੰ ਬਚਾਉਣ ਅਤੇ ਅੱਗੇ ਵਧਾਉਣ ਨੂੰ ਤਰਜੀਹ ਦਿੱਤੀ ਹੈ। ਪੰਜਾਬ ਦੇ ਨੌਜਵਾਨ ਹੁਣ ਜ਼ਿਆਦਾ ਜਾਗਰੂਕ ਹਨ ਅਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਪੰਜਾਬ ਵਿੱਚ ਨਸ਼ਾ ਮਾਫੀਆ, ਗੈਂਗਸਟਰਵਾਦ, ਫਿਰੌਤੀਆਂ, ਗੋਲੀਬਾਰੀ ਅਤੇ ਭ੍ਰਿਸ਼ਟਾਚਾਰ ਨੂੰ ਵੱਡੀਆਂ ਚੁਣੌਤੀਆਂ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਨਸ਼ਾਖੋਰੀ, ਕਾਨੂੰਨ-ਵਿਵਸਥਾ ਅਤੇ ਨੌਜਵਾਨਾਂ ਦੀ ਬੇਰੁਜ਼ਗਾਰੀ ਵਰਗੇ ਮੁੱਦੇ ਪ੍ਰਮੁੱਖ ਤੌਰ ’ਤੇ ਉਠਾਏਗੀ। 2027 ਦੀਆਂ ਚੋਣਾਂ ਵਿੱਚ ਮੁੱਖ ਮੁਕਾਬਲੇ ਬਾਰੇ ਪਾਇਲਟ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਸਰਕਾਰ ਆਮ ਆਦਮੀ ਪਾਰਟੀ ਦੀ ਹੈ, ਇਸ ਲਈ ਮੁੱਖ ਮੁਕਾਬਲਾ ਕਾਂਗਰਸ ਅਤੇ ‘ਆਪ’ ਵਿਚਕਾਰ ਹੋਣ ਦੀ ਸੰਭਾਵਨਾ ਹੈ। ਕਾਂਗਰਸ ਪੰਜਾਬ ਵਿੱਚ ਬਦਲਾਅ ਲਿਆਉਣ ਅਤੇ ਲੋਕਾਂ ਨੂੰ ਵਿਕਾਸ ਦਾ ਬਿਹਤਰ ਮਾਡਲ ਦੇਣ ਲਈ ਤਿਆਰ ਹੈ।
