Breaking NewsLatest NewsPunjab

ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਜਨਤਕ ਕੀਤਾ ਜਾਵੇਗਾ – ਐਡਵੋਕੇਟ ਧਾਮੀ

ਐਡਵਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ। ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਜਨਤਕ ਕੀਤਾ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਜਾਂਚ ਕਮੇਟੀ ਦੇ ਕੁਆਰਡੀਨੇਟਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਕਮੇਟੀ ਵੱਲੋਂ ਸਬੰਧਤ ਤੱਥਾਂ, ਦਸਤਾਵੇਜ਼ਾਂ ਅਤੇ ਵੱਖ-ਵੱਖ ਪੱਖਾਂ ਨੂੰ ਗੰਭੀਰਤਾ ਨਾਲ ਘੋਖਦਿਆਂ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਉਦੇਸ਼ ਕਿਸੇ ਵਿਅਕਤੀ ਜਾਂ ਪੱਖ ਦੀ ਗੱਲ ਕਰਨਾ ਨਹੀਂ, ਸਗੋਂ ਮਾਮਲੇ ਨਾਲ ਸਬੰਧਤ ਅਸਲ ਤੱਥ ਪੇਸ਼ ਕਰਨਾ ਹੈ। ਜਾਂਚ ਤੋਂ ਪਹਿਲਾਂ ਹੀ ਕਿਸੇ ਤਰ੍ਹਾਂ ਦਾ ਨਤੀਜਾ ਕੱਢਣਾ, ਇਕਪਾਸੜ ਧਾਰਨਾ ਬਣਾਉਣਾ ਜਾਂ ਬਿਨਾਂ ਤੱਥਾਂ ਦੇ ਬਿਆਨਬਾਜ਼ੀ ਕਰਨਾ ਨਾ ਤਾਂ ਉਚਿਤ ਹੈ ਅਤੇ ਨਾ ਹੀ ਕਿਸੇ ਗੰਭੀਰ ਮਾਮਲੇ ਦੀ ਜਾਂਚ ਪ੍ਰਕਿਰਿਆ ਦੇ ਅਨੁਕੂਲ ਹੈ। ਅਜਿਹੇ ਮਾਮਲਿਆਂ ਵਿਚ ਸੱਚ ਸਾਹਮਣੇ ਆਉਣ ਤੋਂ ਪਹਿਲਾਂ ਕੀਤੀ ਜਾਣ ਵਾਲੀ ਬਿਆਨਬਾਜ਼ੀ ਨਾ ਸਿਰਫ਼ ਮਾਮਲੇ ਨੂੰ ਹੋਰ ਉਲਝਾਉਂਦੀ ਹੈ, ਸਗੋਂ ਸਿੱਖ ਸੰਸਥਾਵਾਂ, ਗੁਰੂ ਘਰ ਅਤੇ ਸਿੱਖ ਸ਼ਖ਼ਸੀਅਤਾਂ ਦੇ ਵਕਾਰ ਨੂੰ ਵੀ ਠੇਸ ਪਹੁੰਚਾਉਂਦੀ ਹੈ। ਸੋਸ਼ਲ ਮੀਡੀਆ ਨੂੰ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿਚ ਅਦਾਲਤ ਜਾਂ ਜਾਂਚ ਏਜੰਸੀ ਦਾ ਬਦਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਸਿੱਖ ਸ਼ਖ਼ਸੀਅਤਾਂ ਦੀ ਕਿਰਦਾਰਕੁਸ਼ੀ ਕਰਨਾ ਜਾਂ ਕਿਸੇ ਸੰਸਥਾ ਨੂੰ ਬਦਨਾਮ ਕਰਨ ਵਾਲਾ ਪ੍ਰਚਾਰ ਕਰਨਾ ਸਿੱਖ ਕੌਮ ਲਈ ਵੀ ਚੰਗਾ ਸੁਨੇਹਾ ਨਹੀਂ ਦਿੰਦਾ। ਅਜਿਹੀ ਬਿਆਨਬਾਜ਼ੀ ਨਾਲ ਮਾਮਲੇ ਦੀ ਸੱਚਾਈ ਸਾਹਮਣੇ ਆਉਣ ਦੀ ਬਜਾਏ ਬੇਲੋੜਾ ਵਿਵਾਦ ਅਤੇ ਭੰਬਲਭੂਸਾ ਪੈਦਾ ਹੁੰਦਾ ਹੈ। ਕਾਹਲਵਾਂ ਨੇ ਕਿਹਾ ਕਿ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ ਅਤੇ ਰਿਪੋਰਟ ਵਿਚ ਸਾਹਮਣੇ ਆਉਣ ਵਾਲੇ ਤੱਥਾਂ ਬਾਰੇ ਪ੍ਰਧਾਨ ਸਾਹਿਬ ਜਾਣਕਾਰੀ ਨਸ਼ਰ ਕਰਨਗੇ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵੱਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ, ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਅਤੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਗੁਰੂ ਕੇ ਲੰਗਰਾਂ ਵਿੱਚ ਇਸ ਤਰ੍ਹਾਂ ਦਾ ਵਿਵਹਾਰ ਕਰਨਾ ਅਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਪੋਸਟਰਾਂ ਨੂੰ ਪਾੜਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਕਾਨੂੰਨੀ ਅਤੇ ਸੰਵਿਧਾਨਕ ਤਰੀਕੇ ਮੌਜੂਦ ਹਨ, ਪਰ ਧਾਰਮਿਕ ਸਥਾਨ ’ਤੇ ਪੁਲਿਸ ਦੀ ਅਜਿਹੀ ਕਾਰਵਾਈ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਠਹਿਰਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਸਬੰਧੀ ਆਵਾਜ਼ ਉਠਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਝੂਠੇ ਕੇਸ ਵਿੱਚ ਗ੍ਰਿਫਤਾਰ ਕਰਨਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਰਾਜਸਥਾਨ ਪੁਲਿਸ ਦੀ ਇਹ ਕਾਰਵਾਈ ਸਿੱਖਾਂ ਪ੍ਰਤੀ ਧੱਕੇਸ਼ਾਹੀ ਅਤੇ ਪੱਖਪਾਤੀ ਰਵੱਈਏ ਦਾ ਪ੍ਰਗਟਾਵਾ ਹੈ। ਐਡਵੋਕੇਟ ਧਾਮੀ ਨੇ ਰਾਜਸਥਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਗੁਰਦੁਆਰਾ ਸਾਹਿਬ ਦੀ ਮਰਯਾਦਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

Related posts

ਮਾਸਕੋ ‘ਤੇ ਯੂਕਰੇਨ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਡਰੋਨ ਹਮਲਾ ?

admin

ਕੈਪਟਨ ਨੇ ਕਾਂਗਰਸ ਨੂੰ ਕਹੀ ਅਲਵਿਦਾ, ਸੋਨੀਆ ਗਾਂਧੀ ਨੂੰ ਭੇਜਿਆ ਪੂਰੇ 7 ਪੇਜਾਂ ਦਾ ਅਸਤੀਫ਼ਾ

Bunty

ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ-ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਆਦੇਸ਼

Bunty