ਮਾਨਸਾ – ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਘਟਨਾ ਦੌਰਾਨ ਦੋ ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ। ਇੱਕ ਮੈਡੀਕਲ ਸਟੋਰ ਮਾਲਕ ‘ਤੇ ਪਰਵਿੰਦਰ ਝੋਟੇ ਨੂੰ ਗੋਲੀਆਂ ਮਾਰਨ ਦੇ ਇਲਜ਼ਾਮ ਸਾਹਮਣੇ ਆ ਰਹੇ ਹਨ।
ਹਸਪਤਾਲ਼ ਦੇ SMO ਡਾ. ਗੁਰਮੇਲ ਸਿੰਘ ਅਨੁਸਾਰ ਜਦੋਂ ਪਰਵਿੰਦਰ ਸਿੰਘ ਝੋਟਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ। ਮਾਨਸਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਹੋਰ ਵੇਰਵਿਆਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਇਸ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖ਼ਿਲਾਫ਼ ਮਤੇ ਤੱਕ ਪਾਸ ਕੀਤੇ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਰਵਿੰਦਰ ਸਿੰਘ ਦੇ ਕਤਲ ਤੋਂ ਠੀਕ ਪਹਿਲਾਂ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਪਰਵਿੰਦਰ ਝੋਟਾ ਵਲੋਂ ਕੈਮਿਸਟ ਦੀ ਦੁਕਾਨ ਉੱਤੇ ਆ ਕੇ ਵੀਡੀਓ ਬਣਾਈ ਜਾ ਰਹੀ ਸੀ, ਜਿਸ ਦੌਰਾਨ ਤਲਖੀ ਵਧ ਗਈ ਅਤੇ ਦੁਕਾਨਦਾਰ ਨੇ ਗੋਲੀਆਂ ਚਲਾ ਦਿੱਤੀਆਂ। ਪਰਵਿੰਦਰ ਝੋਟਾ ਵੱਲੋ ਦਾਅਵਾ ਕੀਤਾ ਜਾ ਰਿਹਾ ਸੀ ਕਿ ਮੈਡੀਕਲ ਸਟੋਰ ਵਾਲੇ ਨੇ ਕੋਲ ਖੜੇ ਵਿਅਕਤੀ ਨੂੰ ਕੋਈ ਸਾਮਾਨ (ਨਸ਼ੀਲੀਆਂ ਗੋਲੀਆਂ) ਦਿੱਤਾ। ਇਸ ਸਾਰੀ ਵਾਰਦਾਤ ਤੋਂ ਬਾਅਦ ਬਿਕਰਮ ਮਜੀਠੀਆ ਨੇ ਇਕ ਵਾਰ ਫਿਰ ਤੋਂ ਮਾਨ ਸਰਕਾਰ ਨੂੰ ਘੇਰਿਆ ਹੈ।
ਫ਼ਰੀ ਸਟਾਈਲ ਕਬੱਡੀ ਖਿਡਾਰੀ
ਪਰਵਿੰਦਰ ਸਿੰਘ ਝੋਟਾ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਹਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ ਹਨ। ਉਹ ‘ਐਂਟੀ ਡਰੱਗ ਟਾਸਕ ਫੋਰਸ’ ਬਣਾਉਣ ਨਾਲ ਕੁਝ ਸਾਲ ਪਹਿਲਾਂ ਚਰਚਾ ਵਿਚ ਆਏ ਸਨ ਜਦੋਂ ਆਪਣਾ ਸੰਗਠਨ ਬਣਾ ਕੇ ਕਥਿਤ ਨਸ਼ਾ ਵੇਚਣ ਵਾਲਿਆਂ ਨੂੰ ਪੁਲਿਸ ਹਵਾਲੇ ਕਰਨਾ ਸ਼ੁਰੂ ਕੀਤਾ ਸੀ। ਜੁਲਾਈ 2023 ਦੀ ਰਿਪੋਰਟ ਮੁਤਾਬਕ ਪਹਿਲਾਂ ਵੀ ਪਰਵਿੰਦਰ ਝੋਟਾ ਅਤੇ ਮੈਡੀਕਲ ਸਟੋਰ ਦੇ ਮਾਲਿਕ ਅਸ਼ਵਨੀ ਕੁਮਾਰ ਵਿਚਕਾਰ ਵਿਵਾਦ ਰਿਹਾ ਹੈ। ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ, 12 ਜੁਲਾਈ 2023 ਦੀ ਸ਼ਾਮ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਆਪਣੇ 7-8 ਸਮਰਥਕਾਂ ਨਾਲ ਮੈਡੀਕਲ ਸਟੋਰ ਅੰਦਰ ਦਾਖ਼ਲ ਹੋ ਗਿਆ ਅਤੇ ਸਟੋਰ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਮਿਲਿਆ। ਪੁਲਿਸ ਮੁਤਾਬਕ, ਫਿਰ ਝੋਟਾ ਨੇ ਜ਼ਬਰਦਸਤੀ ਉਸ ਮੈਡੀਕਲ ਸਟੋਰ ਨੂੰ ਤਾਲਾ ਲਗਾ ਦਿੱਤਾ ਅਤੇ ਮਾਲਕ ਅਸ਼ਵਨੀ ਕੁਮਾਰ ਦੇ ਗਲ਼ੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਮੁੱਖ ਬਾਜ਼ਾਰ, ਮਾਨਸਾ ਰਾਹੀਂ ਸਿਟੀ ਥਾਣੇ ਲੈ ਗਿਆ। ਇਸੇ ਘਟਨਾ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਸੁਰਖੀਆਂ ਵਿੱਚ ਆਇਆ ਸੀ। ਅਸ਼ਵਨੀ ਕੁਮਾਰ ਵਿਰੁੱਧ 188 ਆਈਪੀਸੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਉਸੇ ਰਾਤ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪਰ ਪੁਲਿਸ ਨੇ ਸਾਰੀ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਪਰਵਿੰਦਰ ਸਿੰਘ ਉਰਫ਼ ਝੋਟਾ ਅਤੇ 5 ਹੋਰਾਂ ਖ਼ਿਲਾਫ਼ ਧਾਰਾ 355, 451, 323,148,149 ਆਈਪੀਸੀ ਤਹਿਤ ਐੱਫਆਈਆਰ ਦਰਜ ਕਰ ਲਈ ਪਰਵਿੰਦਰ ਝੋਟਾ ਨੂੰ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਜੁਲਾਈ 2023 ਨੂੰ ਪੁਲਿਸ ਦਾ ਇਲਜ਼ਾਮ ਸੀ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਝੋਟਾ ਇਕੱਲਾ ਅਤੇ ਇੱਕ ਵਾਰ ਆਪਣੇ ਇੱਕ ਸਾਥੀ ਨਾਲ ਮੈਡੀਕਲ ਦੀ ਦੁਕਾਨ ‘ਤੇ ਗਿਆ ਸੀ ਅਤੇ ਮਾਲਕ ਦੇ ਵਿਰੋਧ ਦੇ ਬਾਵਜੂਦ ਦੁਕਾਨ ਦੇ ਦਰਾਜ ‘ਚੋਂ ਪੈਸੇ ਕੱਢ ਲਏ ਸੀ। ਇਸੇ ਤਰ੍ਹਾਂ ਉਹ ਹੋਰਾਂ ਨੂੰ ਵੀ ਪੈਸੇ ਦੇਣ ਲਈ ਧਮਕੀਆਂ ਦੇਣ ਦਾ ਇਲਜ਼ਾਮ ਸੀ। ਉਸ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ ਤੇ ਉਸ ਨੂੰ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਝੋਟਾ ਨੂੰ 5 ਜੂਨ 2023 ਨੂੰ ਇੱਕ ਇਰਾਦਾ-ਏ-ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵੇਲੇ ਵੱਖ-ਵੱਖ ਜਥੇਬੰਦੀਆਂ ਵੱਲੋਂ ਮਾਨਸਾ ਸ਼ਹਿਰ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਮਗਰੋਂ ਪੁਲਿਸ ਨੇ ਮਾਮਲੇ ਨੂੰ ਵਾਪਿਸ ਲੈ ਕੇ ਝੋਟਾ ਨੂੰ ਛੱਡ ਦਿੱਤਾ ਗਿਆ ਸੀ।
