ਨਵੀਂ ਦਿੱਲੀ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 18 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ ਹੋਰ ਸਮਾਂ ਮੰਗਿਆ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।
ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਨੇ ਕਿਹਾ ਕਿ ਮਾਮਲੇ ਦੀ ਤਿਆਰੀ ਲਈ ਹੋਰ ਸਮਾਂ ਲੋੜੀਂਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਦੀ ਤਾਰੀਖ਼ 18 ਨਵੰਬਰ ਤੈਅ ਕਰ ਦਿੱਤੀ।
ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੀ ਰਹਿਮ ਪਟੀਸ਼ਨ ਸਾਲ 2012 ਤੋਂ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਕੋਲ ਲੰਬਿਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੰਨੇ ਲੰਬੇ ਸਮੇਂ ਤੱਕ ਫ਼ੈਸਲਾ ਨਾ ਹੋਣ ਕਾਰਨ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਬਾਰੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਹ ਰਹਿਮ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਸਾਲ 2012 ਵਿੱਚ ਦਾਇਰ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਇਸ ਮਾਮਲੇ ‘ਤੇ ਫ਼ੈਸਲਾ ਕਰਨ ਲਈ ਕਿਹਾ ਗਿਆ ਸੀ, ਪਰ ਸਰਕਾਰ ਨੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਕਾਰਨਾਂ ਦਾ ਹਵਾਲਾ ਦਿੱਤਾ ਸੀ। ਹੁਣ 18 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਆਪਣੇ ਤਰਕ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਇਸ ਮਾਮਲੇ ਵਿੱਚ ਅਦਾਲਤ ਦੇ ਅਗਲੇ ਕਦਮ ‘ਤੇ ਸਭ ਦੀ ਨਜ਼ਰ ਰਹੇਗੀ।
