Breaking NewsLatest NewsPunjabਮਾਨਸਾ ਵਿੱਚ ਸਿੱਖ ਕਕਾਰਾਂ ਅਤੇ ਦਸਤਾਰਾਂ ਦੀ ਬੇਅਦਬੀ ਨਿੰਦਣਯੋਗ: ਜਥੇਦਾਰ ਗੜਗੱਜ 28/10/202628/10/2026 ਸਿੰਘ ਸਾਹਿਬ, ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ। ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਕੀਤੇ ਤਸ਼ੱਦਦ ਤੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰਾਂ ਦੇ ਕੀਤੇ ਗਏ ਤਿਰਸਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਅਧਿਕਾਰੀਆਂ ਨੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਕੀਤਾ ਹੈ ਉਨ੍ਹਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਇਹ ਗੱਲ ਚੇਤਾ ਰੱਖਣ ਕਿ ਸਿੱਖ ਕਦੇ ਵੀ ਅਜਿਹੀ ਸ਼ਰਮਨਾਕ ਤੇ ਧੱਕੇ ਵਾਲੀ ਕਾਰਵਾਈ ਨੂੰ ਭੁੱਲਣਗੇ ਨਹੀਂ ਅਤੇ ਨਾ ਹੀ ਇਸ ਨੂੰ ਬਰਦਾਸ਼ਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਸ ਨੂੰ ਰੋਕਣਾ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਸੀ ਪਰ ਮੌਜੂਦਾ ਸਰਕਾਰਾਂ ਇਸ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰੱਖਿਆ ਕਰਨ ਦੀ ਥਾਂ, ਪੰਜਾਬ ਸਰਕਾਰ ਸੂਬੇ ਦੇ ਲੋਕਾਂ ਉੱਤੇ ਹੀ ਤਸ਼ੱਦਦ ਕਰ ਰਹੀ ਹੈ, ਜਿਸ ਦਾ ਸਮਾਂ ਆਉਣ ਉੱਤੇ ਲੋਕਾਂ ਵੱਲੋਂ ਵਾਜਬ ਜਵਾਬ ਜ਼ਰੂਰ ਦਿੱਤਾ ਜਾਵੇਗਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਅਤੇ ਇਨਸਾਫ ਪਸੰਦ ਸੰਸਥਾਵਾਂ ਤੇ ਸ਼ਖ਼ਸੀਅਤਾਂ ਨੂੰ ਮਾਨਸਾ ਵਿਖੇ ਸ਼ਹੀਦ ਭਾਈ ਪਰਮਿੰਦਰ ਸਿੰਘ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਨਸਾ ਦੇ ਭੰਮੇ ਕਲਾਂ ਪਿੰਡ ਦੇ ਨੌਜਵਾਨ ਦਲਜੀਤ ਸਿੰਘ ਦੀ ਭੇਤ ਭਰੇ ਹਾਲਾਤ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਦਲਜੀਤ ਸਿੰਘ ਨਸ਼ੇ ਦੀ ਓਵਰਡੋਜ਼ ਕਾਰਨ ਮਰਿਆ ਹੈ ਅਤੇ ਉਨ੍ਹਾਂ ਨੇ ਨਸ਼ਾ ਵੇਚਣ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਰੋਸ ਵਿੱਚ ਇਕੱਠੇ ਹੋਏ ਲੋਕਾਂ ਉੱਤੇ ਪੁਲਿਸ ਨੇ ਕੀਤਾ ਅਤੇ ਉਨ੍ਹਾਂ ਨਾਲ ਅਣਮਨੁੱਖੀ ਵਿਵਹਾਰ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਅਜਿਹੀ ਕਾਰਵਾਈ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਰਨੀ ਚਾਹੀਦੀ ਹੈ ਅਤੇ ਨਸ਼ੇ ਦੀ ਵਿਕਰੀ ਰੋਕਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਦੀਆਂ ਦਸਤਾਰਾਂ ਤੇ ਕੇਸਾਂ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ। ਦੇਸ਼ ਅੰਦਰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਅਧਿਕਾਰ ਹਰ ਕਿਸੇ ਨੂੰ ਹੈ, ਪਰ ਸਰਕਾਰ ਵੱਲੋਂ ਲੋਕਾਂ ਨਾਲ ਧੱਕਾ ਅਨਿਆਂ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਲਈ ਹੁੰਦੀ ਹੈ ਅਤੇ ਸੱਤਾ ਦਾ ਹੰਕਾਰ ਤੇ ਨਸ਼ਾ ਬਹੁਤਾ ਲੰਮਾ ਸਮਾਂ ਨਹੀਂ ਚੱਲਦਾ।