ਮਾਨਸਾ – ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦਾ 20ਵੇਂ ਦਿਨ ਵੀ ਅੰਤਿਮ ਸਸਕਾਰ ਨਹੀਂ ਹੋ ਸਕਿਆ। ਉਨ੍ਹਾਂ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ, ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੇ ਸਸਕਾਰ ਦਾ ਮਾਮਲਾ ਵੀ ਉਲਝ ਗਿਆ ਹੈ। ਪਰਿਵਾਰ ਨੇ ਛੇਵੇਂ ਦਿਨ ਵੀ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ।
ਮਾਨਸਾ ਦੇ ਤਿੰਨਕੋਨੀ ਚੌਕ ਵਿੱਚ 20ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਦੌਰਾਨ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਭਾਵੇਂ ਸੰਘਰਸ਼ ਕਿੰਨਾ ਵੀ ਲੰਮਾ ਚੱਲੇ, ਪਰ ਮੰਗਾਂ ਪੂਰੀਆਂ ਹੋਣ ਤੋਂ ਬਿਨਾਂ ਉਹ ਆਪਣੇ ਪੁੱਤਰ ਦਾ ਸਸਕਾਰ ਨਹੀਂ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਪਿੰਡ ਭੰਮੇ ਕਲਾਂ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਪੋਸਟਰ ਪਾੜਨ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਹੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।
ਉੱਧਰ, ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਮਾਮਲੇ ਦੀ ਸੀਬੀਆਈ ਜਾਂਚ, ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਤੋਂ ਪੋਸਟਮਾਰਟਮ ਅਤੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਪਟੀਸ਼ਨ ’ਤੇ ਸੁਣਵਾਈ 2 ਨਵੰਬਰ ਨੂੰ ਹੋਣੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲੀਸ ਦਲਜੀਤ ਦੀ ਲਾਸ਼ ਆਪਣੇ ਨਾਲ ਲੈ ਗਈ ਅਤੇ ਉਨ੍ਹਾਂ ਨੂੰ ਸਸਕਾਰ ਨਹੀਂ ਕਰਨ ਦਿੱਤਾ।
5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਹੋਵੇਗਾ
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਦੀ ਐਕਸ਼ਨ ਕਮੇਟੀ ਨੇ ਸਰਕਾਰ ਨਾਲ ਅਗਲੀ ਮੀਟਿੰਗ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਕਰਵਾਉਣ ਦੀ ਮੰਗ ਕੀਤੀ ਹੈ। ਐਕਸ਼ਨ ਕਮੇਟੀ ਦੇ ਵਫ਼ਦ ਨੇ ਏਡੀਜੀਪੀ ਗੌਤਮ ਚੀਮਾ ਅਤੇ ਆਈਏਐੱਸ ਅਧਿਕਾਰੀ ਕੁਲਵੰਤ ਸਿੰਘ ਸਿੱਧੂ ਨਾਲ ਮੀਟਿੰਗ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਵਫ਼ਦ ਨੇ ਮੀਟਿੰਗ ਤੋਂ ਪਹਿਲਾਂ ਸੰਘਰਸ਼ ਕਰ ਰਹੇ ਆਗੂਆਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕਰਨ ਦੀ ਮੰਗ ਰੱਖੀ ਹੈ।ਉਨ੍ਹਾਂ ਕਿਹਾ ਕਿ ਮੀਟਿੰਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਸਕੱਤਰ ਦੀ ਅਗਵਾਈ ਹੇਠ ਹੋਣੀ ਚਾਹੀਦੀ ਹੈ। ਮੀਟਿੰਗ ਵਿੱਚ ਮੰਗਾਂ ਬਾਰੇ ਸਪੱਸ਼ਟ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਲਾਗੂ ਕੀਤਾ ਜਾਵੇ। ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ 5 ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਪਹਿਲਾਂ ਵਾਂਗ ਜਾਰੀ ਰਹੇਗਾ। ਇਸ ਲਈ ਪੰਜਾਬ ਭਰ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਇਕੱਠਾ ਕੀਤਾ ਜਾਵੇਗਾ। ਕਮੇਟੀ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਵਪਾਰੀਆਂ ਨੂੰ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
