Breaking NewsLatest NewsPunjab

ਪੰਜਾਬ ਦੀ ਸਿਆਸਤ ਵਿੱਚ ਵੱਡਾ ਸਿਆਸੀ ਬਦਲਾਅ, ‘ਆਪ’ ਦੇ ਤਿੰਨ ਆਗੂ BJP ਵਿੱਚ ਸ਼ਾਮਲ

ਆਮ ਆਦਮੀ ਪਾਰਟੀ ਦੇ ਤਿੰਨ ਆਗੂ ਚੇਤਨ ਸਿੰਘ ਜੋੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਨਵੀਂ ਦਿੱਲੀ – ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਤਿੰਨ ਆਗੂ ਚੇਤਨ ਸਿੰਘ ਜੋੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਤਿੰਨਾਂ ਆਗੂਆਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਦੇ ਦਫ਼ਤਰ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਹੋਰ ਭਾਜਪਾ ਆਗੂ ਵੀ ਮੌਜੂਦ ਸਨ।

ਚੇਤਨ ਸਿੰਘ ਜੋੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ 1 ਨਵੰਬਰ ਨੂੰ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ 2 ਨਵੰਬਰ ਨੂੰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਪਾਰਟੀ ਛੱਡਣ ਦੇ ਨਾਲ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਤਿੰਨਾਂ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਆਪਣੀ ਚਿੰਤਾ ਜ਼ਾਹਰ ਕੀਤੀ। ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਮੁਤਾਬਕ, ਸੂਬੇ ਵਿੱਚ ਬੇਰੁਜ਼ਗਾਰੀ, ਉਦਯੋਗਾਂ ਦੀ ਮਾੜੀ ਹਾਲਤ ਅਤੇ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਵੱਲ ਧਿਆਨ ਦੇਣ ਦੀ ਲੋੜ ਹੈ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਵਧ ਰਹੀ ਹੈ ਅਤੇ ਉਦਯੋਗਾਂ ਦੀ ਹਾਲਤ ਠੀਕ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਕੰਮਕਾਜ ਲਈ ਕਰਜ਼ੇ ‘ਤੇ ਨਿਰਭਰਤਾ ਵਧ ਰਹੀ ਹੈ ਅਤੇ ਪੰਜਾਬ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਬਹਾਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਭਾਜਪਾ ਦੀ ਸੋਚ ਰਾਹੀਂ ਪੰਜਾਬ ਦੀ ਤਰੱਕੀ ਲਈ ਕੰਮ ਕੀਤਾ ਜਾ ਸਕਦਾ ਹੈ। ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਵਿੱਚ ਗੈਂਗਸਟਰਾਂ, ਨਸ਼ਿਆਂ ਅਤੇ ਜਬਰੀ ਵਸੂਲੀ ਵਰਗੇ ਮੁੱਦਿਆਂ ਨੂੰ ਵੀ ਚੁੱਕਿਆ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਅਤੇ ਤਰਨਾਦਲ ਸ਼ਹੀਦਾਂ ਦੇ ਮੁਖੀ ਜਥੇਦਾਰ ਜੋਗਾ ਸਿੰਘ ਵੀ ਮੌਜੂਦ ਸਨ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦੇ ਵਿਚਾਰਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਮਿਲੇਗਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ ਅਤੇ ਸੂਬੇ ਦੇ ਪੰਜ ਸਾਲ ਬਰਬਾਦ ਹੋਏ ਹਨ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਜੂਨ 2025 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਇਨ੍ਹਾਂ ਤਿੰਨਾਂ ਆਗੂਆਂ ਨੂੰ ਪੰਜ ਸਾਲਾਂ ਲਈ ਮੁਅੱਤਲ ਕਰ ਦਿੱਤਾ ਸੀ। ਹੁਣ ਤਿੰਨਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਇਸ ਮਾਮਲੇ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਸਮਾਣਾ ਅਤੇ ਸਨੌਰ ਦੇ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਵਿਧਾਨ ਸਭਾ ਦੇ ਸਪੀਕਰ ਕੋਲ ਜਾਣ ਦੀ ਗੱਲ ਕਹੀ ਗਈ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏ ਇਸ ਸਿਆਸੀ ਬਦਲਾਅ ‘ਤੇ ਹੁਣ ਸਾਰੀਆਂ ਪਾਰਟੀਆਂ ਦੀ ਨਜ਼ਰ ਰਹੇਗੀ।

Related posts

ਭਾਕਿਯੂ-ਡਕੌਂਦਾ ਵੱਲੋਂ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ

Bunty

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲ

Bunty

ਪੰਜਾਬ ‘ਚ ਕਿਸੇ ਵੀ ਸੂਰਤ ‘ਚ ਲਾਗੂ ਨਹੀਂ ਹੋਣਗੇ ਤਿੰਨੋਂ ਖੇਤੀ ਕਾਨੂੰਨ

Bunty