ArticlesBreaking NewsLatest NewsPunjab

5 ਨਵੰਬਰ ਨੂੰ ਕੋਟ ਧਰਮੂ ਵਿਖੇ ਹੋਵੇਗੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ

ਪਰਵਿੰਦਰ ਸਿੰਘ ਝੋਟਾ, ਕਬੱਡੀ ਖਿਡਾਰੀ ਅਤੇ 'ਐਂਟੀ ਡਰੱਗ ਟਾਸਕ ਫੋਰਸ' ਦੇ ਸੰਚਾਲਕ।

ਮਾਨਸਾ – ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਵਿਖੇ ਕਰਵਾਈ ਜਾਵੇਗੀ। ਇਸ ਸਬੰਧੀ ਧਾਰਮਿਕ ਸਮਾਗਮ ਪਿੰਡ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸੰਬੰਧੀਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ।

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਵੀ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਉੱਠੀ ਸੀ।

ਪਰਵਿੰਦਰ ਸਿੰਘ ਝੋਟਾ ਦਾ ਚੰਡੀਗੜ੍ਹ ਦੇ ਪੀਜੀਆਈ ਵਿੱਚ ਪੋਸਟਮਾਰਟਮ ਹੋਣ ਤੋਂ ਬਾਅਦ 26 ਦਿਨਾਂ ਦੀ ਉਡੀਕ ਪਿੱਛੋਂ 8 ਨਵੰਬਰ ਨੂੰ ਅੰਤਿਮ ਸਸਕਾਰ ਕੀਤਾ ਗਿਆ ਸੀ। ਦੀਵਾਲੀ ਵਾਲੇ ਦਿਨ ਦੁਪਹਿਰ ਲਗਭਗ 2:30 ਵਜੇ ਮਾਨਸਾ ਦੇ ਚਕੇਰੀਆ ਰੋਡ ਸਥਿਤ ਉਨ੍ਹਾਂ ਦੇ ਜੱਦੀ ਖੇਤ ਵਿੱਚ ਅੰਤਿਮ ਸਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲੈ ਕੇ ਐਂਬੂਲੈਂਸ ਸਵੇਰੇ ਚੰਡੀਗੜ੍ਹ ਤੋਂ ਮਾਨਸਾ ਲਈ ਰਵਾਨਾ ਹੋਈ ਸੀ। ਰਸਤੇ ਵਿੱਚ ਵੱਖ-ਵੱਖ ਥਾਵਾਂ ਉੱਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮਾਨਸਾ ਦੇ ਤਿਕੋਨੀ ਚੌਕ ਵਿਖੇ ਵੀ, ਜਿੱਥੇ ਲੋਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ, ਉੱਥੇ ਐਂਬੂਲੈਂਸ ਪਹੁੰਚਣ ਸਮੇਂ ਫੁੱਲਾਂ ਦੀ ਵਰਖਾ ਕੀਤੀ ਗਈ।

ਚੰਡੀਗੜ੍ਹ ਤੋਂ ਮਾਨਸਾ ਪਹੁੰਚਣ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਉਨ੍ਹਾਂ ਦੇ ਘਰ ਲਿਜਾਇਆ ਗਿਆ। ਉੱਥੇ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ, ਮਾਤਾ ਅਮਰਜੀਤ ਕੌਰ ਅਤੇ ਬੱਚਿਆਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਅਤੇ ਸਮਰਥਕ ਵੀ ਮੌਜੂਦ ਸਨ। ਹਰ ਕੋਈ ਆਪਣੇ ਢੰਗ ਨਾਲ ਵਿਛੜੇ ਸਾਥੀ ਨੂੰ ਸ਼ਰਧਾਂਜਲੀ ਦੇ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੈਂਟਰਲ ਪਾਰਕ ਦੇ ਬਾਹਰ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। ਇੱਥੇ ਵੀ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਪਹੁੰਚੇ। ਅੰਤਿਮ ਸਸਕਾਰ ਮੌਕੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸਿੱਖ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਬੱਚਿਆਂ ਵੱਲੋਂ ਉਨ੍ਹਾਂ ਦੀ ਚਿਖਾ ਨੂੰ ਅਗਨੀ ਭੇਟ ਕੀਤੀ ਗਈ। ਇਸ ਦੌਰਾਨ ਮਾਹੌਲ ਬਹੁਤ ਹੀ ਭਾਵੁਕ ਹੋ ਗਿਆ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਉੱਥੇ ਮੌਜੂਦ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਨਮ ਸਨ। ਲੋਕਾਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਅੰਤਿਮ ਸਸਕਾਰ ਮੌਕੇ ਜਿੱਥੇ ਇੱਕ ਪਾਸੇ ਪਰਿਵਾਰ ਅਤੇ ਸਮਰਥਕਾਂ ਵਿੱਚ ਡੂੰਘਾ ਦੁੱਖ ਸੀ, ਉੱਥੇ ਹੀ ਦੂਜੇ ਪਾਸੇ ਸਥਾਨਕ ਲੋਕਾਂ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਰਵੱਈਏ ਨੂੰ ਲੈ ਕੇ ਭਾਰੀ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ। ਅੰਤਿਮ ਯਾਤਰਾ ਵਿੱਚ ਸ਼ਾਮਲ ਹਜ਼ਾਰਾਂ ਸਮਰਥਕਾਂ ਨੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਮੰਗ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਇਆ ਜਾਵੇ। ਅੰਤਿਮ ਸਸਕਾਰ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬ ਸਰਕਾਰ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਉੱਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾ ਦਾਅਵਾ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਕੋਈ ਆਮ ਘਟਨਾ ਨਹੀਂ ਸੀ, ਸਗੋਂ ਇਸ ਪਿੱਛੇ ਇੱਕ ਸੋਚੀ-ਸਮਝੀ ਸਿਆਸੀ ਸਾਜ਼ਿਸ਼ ਸੀ। ਉਨ੍ਹਾਂ ਨੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਦੀ ਭੂਮਿਕਾ ਉੱਤੇ ਸਵਾਲ ਚੁੱਕੇ।

ਹੁਣ 15 ਨਵੰਬਰ ਨੂੰ ਪਿੰਡ ਕੋਟ ਧਰਮੂ ਦੇ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਹੋਣ ਵਾਲੀ ਅੰਤਿਮ ਅਰਦਾਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਧਾਰਮਿਕ ਸਮਾਗਮ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। ਪਰਿਵਾਰ ਅਤੇ ਸੰਗਤ ਵੱਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ।

Related posts

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਨੂੰ ਮਿਲਿਆ ਚੋਣ ਨਿਸ਼ਾਨ

Bunty

7 ਮੈਂਬਰੀ ਕਮੇਟੀ ਕਰੇਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਿਆਂ ਦੀ ਜਾਂਚ

Bunty

IAS ਸੰਜੇ ਪੋਪਲੀ ਦੀ ਪਤਨੀ ਨੇ ਬੇਟੇ ਦੇ ਪੋਸਟਮਾਰਟਮ ਲਈ ਰੱਖੀ ਸ਼ਰਤ, ਕਿਹਾ- ਪਹਿਲਾਂ ਗੋਲੀ ਮਾਰਨ ਵਾਲੇ ਅਫਸਰਾਂ ਖਿਲਾਫ ਹੋਵੇ FIR

Bunty