ਚੰਡੀਗੜ੍ਹ – ਪੰਜਾਬ ਅਤੇ ਚੰਡੀਗੜ੍ਹ ਦੀ ਸਿਆਸਤ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਗੁਜਰਾਲ ਆਪਣੀ ਪਤਨੀ ਰਵਿੰਦਰ ਕੌਰ ਗੁਜਰਾਲ ਅਤੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਦਾ ਪੱਲਾ ਫੜਿਆ।
ਅਮਰਜੀਤ ਸਿੰਘ ਗੁਜਰਾਲ ਕਾਂਗਰਸ ਵੱਲੋਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਬਣਾਈ ਗਈ ਚੋਣ ਮੁਹਿੰਮ ਕਮੇਟੀ ਦੇ ਮੈਂਬਰ ਵੀ ਸਨ। ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ 2016 ਵਿੱਚ ਕਾਂਗਰਸ ਦੀ ਟਿਕਟ ਉੱਤੇ ਵਾਰਡ ਨੰਬਰ 23 ਤੋਂ ਕੌਂਸਲਰ ਚੁਣੀ ਗਈ ਸੀ।
ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਲੀ ਨੇ ਗੁਜਰਾਲ ਪਰਿਵਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਚੰਡੀਗੜ੍ਹ ਵਿੱਚ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੱਧ ਤੋਂ ਵੱਧ ਸੀਟਾਂ ਜਿੱਤਣ ਲਈ ਮੈਦਾਨ ਵਿੱਚ ਉਤਰੇਗੀ।
ਇਸ ਮੌਕੇ ਸਾਬਕਾ ਮੇਅਰ ਅਤੇ ਐੱਸਜੀਪੀਸੀ ਦੀ ਕਾਰਜਕਾਰੀ ਮੈਂਬਰ ਹਰਜਿੰਦਰ ਕੌਰ ਵੀ ਮੌਜੂਦ ਸਨ। ਅਮਰਜੀਤ ਸਿੰਘ ਗੁਜਰਾਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਉਨ੍ਹਾਂ ਨੂੰ ਚੋਣ ਟਿਕਟ ਦਿੰਦਾ ਹੈ ਤਾਂ ਉਹ ਵਾਰਡ ਨੰਬਰ 23 ਤੋਂ ਚੋਣ ਲੜ ਕੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਨਾ ਚਾਹੁਣਗੇ।
