Breaking NewsLatest NewsPunjab

ਮਾਨਸਾ ਵਿੱਚ ਝੋਨੇ ਦੀ ਖ਼ਰੀਦ ਬੰਦ ਹੋਣ ਖ਼ਿਲਾਫ਼ ਕਿਸਾਨਾਂ ਵੱਲੋਂ ਧਰਨਾ, ਸਰਕਾਰ ਨੂੰ ਅਲਟੀਮੇਟਮ

ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਮੁੜ ਸ਼ੁਰੂ ਕੀਤੀ ਜਾਵੇ।

ਮਾਨਸਾ – ਝੋਨੇ ਦੀ ਖ਼ਰੀਦ ਬੰਦ ਕਰਨ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਮੁੜ ਸ਼ੁਰੂ ਕੀਤੀ ਜਾਵੇ।

ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵੱਡੀ ਮਾਤਰਾ ਵਿੱਚ ਪਈ ਹੈ। ਲਗਭਗ 5 ਤੋਂ 7 ਫ਼ੀਸਦੀ ਝੋਨਾ ਅਜੇ ਵੀ ਖੇਤਾਂ ਵਿੱਚ ਖੜ੍ਹਾ ਹੈ ਅਤੇ ਕਿਸਾਨ ਆਪਣੀ ਫ਼ਸਲ ਮੰਡੀਆਂ ਵਿੱਚ ਲਿਆਉਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਅਧਿਕਾਰੀਆਂ ਵੱਲੋਂ ਖ਼ਰੀਦ ਬੰਦ ਕਰਨ ਸਬੰਧੀ ਚਿੱਠੀ ਜਾਰੀ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੋਜ਼ਾਨਾ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਕੀਕਤ ਵਿੱਚ ਲੱਖਾਂ ਟਨ ਝੋਨਾ ਮੰਡੀਆਂ ਵਿੱਚ ਪਿਆ ਹੈ ਅਤੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਹੇ ਹਨ।

ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜ਼ਿੰਮੇਵਾਰ ਅਧਿਕਾਰੀ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਹੀਂ ਕਰਦਾ ਤਾਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਅਣਮਿੱਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ।

ਕਿਸਾਨਾਂ ਦੇ ਰੋਸ ਤੋਂ ਬਾਅਦ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਰਦੀਪ ਸਿੰਘ ਮਾਨ ਕਿਸਾਨਾਂ ਦੇ ਇਕੱਠ ਵਿੱਚ ਪਹੁੰਚੇ। ਉਨ੍ਹਾਂ ਭਰੋਸਾ ਦਿੱਤਾ ਕਿ ਅੱਜ ਤੋਂ ਹੀ ਮੰਡੀਆਂ ਵਿੱਚ ਪਏ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖ਼ਰੀਦ ਏਜੰਸੀਆਂ ਨੂੰ ਸਾਰੀਆਂ ਮੰਡੀਆਂ ਵਿੱਚੋਂ ਝੋਨਾ ਖ਼ਰੀਦਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਧਿਕਾਰੀ ਦੇ ਭਰੋਸੇ ਤੋਂ ਬਾਅਦ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਖ਼ਰੀਦ ਮੁੜ ਸ਼ੁਰੂ ਨਾ ਹੋਈ ਤਾਂ ਜਥੇਬੰਦੀ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਵੇਗੀ।

ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰੁਮਾਣਾ, ਉੱਤਮ ਸਿੰਘ ਰਾਮਾਨੰਦੀ, ਭੋਲਾ ਸਿੰਘ ਮਾਖਾ, ਨਰਿੰਦਰ ਕੌਰ ਆਹਲੂਪੁਰ, ਜਗਸੀਰ ਸਿੰਘ ਜਵਾਹਰਕੇ, ਕਾਲਾ ਸਿੰਘ ਮੰਡੇਰ, ਹਰਪਾਲ ਸਿੰਘ ਪਾਲੀ ਮੀਰਪੁਰ, ਕੁਲਦੀਪ ਸਿੰਘ ਚਚੋਹਰ, ਜਗਰਾਜ ਸਿੰਘ ਮਾਨਸਾ ਅਤੇ ਬਿੰਦਰ ਸਿੰਘ ਝੰਡਾ ਕਲਾਂ ਸਮੇਤ ਕਈ ਕਿਸਾਨ ਆਗੂ ਹਾਜ਼ਰ ਸਨ।

Related posts

ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਕੋਈ ਵਜ਼ੂਦ ਨਹੀਂ – ਸਿੱਧੂ ਮੂਸੇਵਾਲਾ

admin

ਚਰਨਜੀਤ ਚੰਨੀ ਨੇ 5 ਮਿੰਟ ਦੀ ਹੈਲੀਕਾਪਟਰ ਦੀ ਸਵਾਰੀ ‘ਤੇ ਖਰਚ ਕੀਤੇ ਲੱਖਾਂ, 4 ਮਹੀਨਿਆਂ ‘ਚ 1.83 ਕਰੋੜ ਦਾ ਹਵਾਈ ਸਫਰ ਦਾ ਬਿੱਲ

Bunty

ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ

Bunty