ਅੰਮ੍ਰਿਤਸਰ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਨੇ 21 ਨਵੰਬਰ ਨੂੰ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦੇਣ ਦੀ ਮਨਜ਼ੂਰੀ ਦਿੱਤੀ ਹੈ।
ਵਧੀਕ ਸੈਸ਼ਨ ਜੱਜ ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਦੇ ਵਕੀਲਾਂ ਵੱਲੋਂ ਦਾਇਰ ਕੀਤੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਅਦਾਲਤ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ। ਇਸ ਸਮੇਂ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਰਹਿਣਗੇ ਅਤੇ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ। ਅਦਾਲਤ ਨੇ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣ ਦੀ ਇਜਾਜ਼ਤ ਵੀ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਨੂੰ ਮਨੁੱਖੀ ਪੱਖ ਤੋਂ ਵਿਚਾਰਦਿਆਂ ਇਹ ਰਾਹਤ ਦਿੱਤੀ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਪਹਿਲਾਂ ਜਾਰੀ ਕੀਤੇ ਹੁਕਮਾਂ ਦੀਆਂ ਸ਼ਰਤਾਂ ਲਾਗੂ ਰਹਿਣਗੀਆਂ। ਅਦਾਲਤ ਅਨੁਸਾਰ ਉਨ੍ਹਾਂ ਦੀ ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਖਰਚਾ ਅੰਮ੍ਰਿਤਪਾਲ ਸਿੰਘ ਵੱਲੋਂ ਕੀਤਾ ਜਾਵੇਗਾ। ਜੇਕਰ ਕਾਨੂੰਨ-ਵਿਵਸਥਾ ਸਬੰਧੀ ਕੋਈ ਸਮੱਸਿਆ ਪੈਦਾ ਹੁੰਦੀ ਹੈ ਤਾਂ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ 84 ਸਾਲਾ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਪਰਿਵਾਰ ਦੀ ਇੱਛਾ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ। ਇਸ ਤੋਂ ਪਹਿਲਾਂ ਵੀ ਅਦਾਲਤ ਨੇ 14 ਨਵੰਬਰ ਨੂੰ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਸੀ, ਪਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਨਾ ਹੋਣ ਕਾਰਨ ਉਹ ਪਹੁੰਚ ਨਹੀਂ ਸਕੇ ਸਨ। ਇਸ ਤੋਂ ਬਾਅਦ ਵਕੀਲਾਂ ਨੇ ਨਵੀਂ ਤਾਰੀਖ਼ ਲਈ ਅਰਜ਼ੀ ਦਿੱਤੀ ਸੀ। ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਹ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ।
