ਚੰਡੀਗੜ੍ਹ – ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 352.64 ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਮਨਜ਼ੂਰੀ ਪੱਤਰ ਸੌਂਪਿਆ। ਇਹ ਪੈਕੇਜ ਪੰਜਾਬ ਦੀ ਖੇਤੀਬਾੜੀ ਨਾਲ ਜੁੜੀਆਂ ਯੋਜਨਾਵਾਂ ਲਈ ਦਿੱਤਾ ਗਿਆ ਹੈ। ਮੁਹਾਲੀ ਦੇ ਪਿੰਡ ਬਦਰਪੁਰ ਵਿੱਚ ਕਰਵਾਏ ਗਏ ‘ਖੇਤ ਬਚਾਓ ਅਭਿਆਨ’ ਪ੍ਰੋਗਰਾਮ ਦੌਰਾਨ ਇਹ ਪੱਤਰ ਸੌਂਪਿਆ ਗਿਆ। ਇਸ ਮੌਕੇ ਦੋਵਾਂ ਆਗੂਆਂ ਦੀ ਨੇੜਤਾ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਇਸ ਮੁਲਾਕਾਤ ਨੂੰ ਇਸ ਕਰਕੇ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਆਪਣੀ ਦੂਜੀ ਉਮੀਦਵਾਰ ਸੂਚੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਬਾਅਦ ਭਾਜਪਾ ਵੱਲੋਂ ਉਨ੍ਹਾਂ ਨਾਲ ਨੇੜਤਾ ਵਧਾਉਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਭਾਜਪਾ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਪ੍ਰਭਾਵਸ਼ਾਲੀ ਅਤੇ ਸਾਫ਼ ਅਕਸ ਵਾਲੇ ਸਿੱਖ ਚਿਹਰਿਆਂ ਦੀ ਭਾਲ ਕਰ ਰਹੀ ਹੈ। ਖੁੱਡੀਆਂ ਨੂੰ ਮਾਲਵਾ ਖੇਤਰ ਵਿੱਚ ਇੱਕ ਪ੍ਰਭਾਵਸ਼ਾਲੀ ਆਗੂ ਮੰਨਿਆ ਜਾਂਦਾ ਹੈ। ਹਾਲਾਂਕਿ, ਖੁੱਡੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੀ ਪਾਰਟੀ ਦੇ ਫ਼ੈਸਲੇ ਤੋਂ ਸੰਤੁਸ਼ਟ ਹਨ ਅਤੇ ਕਿਸੇ ਹੋਰ ਸਿਆਸੀ ਰਸਤੇ ਬਾਰੇ ਨਹੀਂ ਸੋਚ ਰਹੇ। ਸ਼ਿਵਰਾਜ ਚੌਹਾਨ ਨੇ ਕਿਹਾ ਕਿ ਜਦੋਂ ਵੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀ ਖੇਤੀਬਾੜੀ ਲਈ ਕੋਈ ਮੰਗ ਰੱਖੀ, ਉਨ੍ਹਾਂ ਨੇ ਉਸ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ। ਦੋਵਾਂ ਆਗੂਆਂ ਨੇ ਪਿੰਡ ਬਦਰਪੁਰ ਵਿੱਚ ਕਿਸਾਨ ਭੁਪਿੰਦਰ ਸਿੰਘ ਦੇ ਘਰ ਇਕੱਠੇ ਦੁਪਹਿਰ ਦਾ ਖਾਣਾ ਵੀ ਖਾਧਾ।
ਇਸ ਮੌਕੇ ਭਾਜਪਾ ਆਗੂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਅਤੇ ਹੋਰ ਮੰਤਰੀ ਵੀ ਖੁੱਡੀਆਂ ਵਾਂਗ ਕੇਂਦਰ ਸਰਕਾਰ ਕੋਲ ਪੰਜਾਬ ਦੀ ਖੇਤੀਬਾੜੀ ਲਈ ਪ੍ਰਾਜੈਕਟ ਲੈ ਕੇ ਜਾਂਦੇ ਤਾਂ ਸੂਬੇ ਨੂੰ ਹੋਰ ਲਾਭ ਮਿਲ ਸਕਦਾ ਸੀ। ਜਾਖੜ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਸਹਿਯੋਗ ਨਾਲ ਹੀ ਵਿਕਾਸ ਸੰਭਵ ਹੈ। ਉਨ੍ਹਾਂ ਸ਼ਿਵਰਾਜ ਚੌਹਾਨ ਅਤੇ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਮੰਤਰੀਆਂ ਦੀ ਚੰਗੀ ਜੋੜੀ ਵੀ ਦੱਸਿਆ।
ਦੂਜੇ ਪਾਸੇ ਖੁੱਡੀਆਂ ਨੇ ਕਿਹਾ ਕਿ ਉਹ ਸਰਕਾਰੀ ਖੇਤੀਬਾੜੀ ਪ੍ਰੋਗਰਾਮ ਵਿੱਚ ਬਤੌਰ ਮੰਤਰੀ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਦੀ ਪਹਿਲੀ ਤਰਜੀਹ ਪੰਜਾਬ ਦੇ ਕਿਸਾਨ ਹਨ। ਉਨ੍ਹਾਂ ਇਸ ਮੁਲਾਕਾਤ ਨੂੰ ਸਿਆਸੀ ਰੰਗ ਦੇਣ ਤੋਂ ਇਨਕਾਰ ਕੀਤਾ।
