ਅੰਮ੍ਰਿਤਸਰ — ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਅੰਤਰ ਕਾਲਜ ਅਥਲੈਟਿਕਸ ਟੂਰਨਾਮੈਂਟ ’ਚ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸਕ ਪ੍ਰਾਪਤੀ ਦਰਜ ਕੀਤੀ ਹੈ।ਕਾਲਜ ਦੀ ਅਥਲੈਟਿਕਸ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕੁਲ 97 ਅੰਕ ਪ੍ਰਾਪਤ ਕੀਤੇ ਅਤੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੂੰ ਪਛਾੜ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ, ਸਮੂਹ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਉਕਤ ਟੂਰਨਾਮੈਂਟ ਦੌਰਾਨ ਕਾਲਜ ਟੀਮ ਨੇ ਕੁਲ 25 ਤਮਗੇ ਆਪਣੇ ਨਾਮ ਕੀਤੇ, ਜਿਨ੍ਹਾਂ ’ਚ 11 ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਮਗੇ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਕਾਲਜ 97 ਅੰਕਾਂ ਨਾਲ ਓਵਰਆਲ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਂਪੀਅਨ ਬਣਿਆ ਹੈ।ਇਹ ਸ਼ਾਨਦਾਰ ਪ੍ਰਾਪਤੀ ਸੰਸਥਾ ਲਈ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਪੜ੍ਹਾਈ ਦੇ ਨਾਲ—ਨਾਲ ਖੇਡਾਂ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ’ਚ ਆਤਮ—ਵਿਸ਼ਵਾਸ, ਟੀਮ ਭਾਵਨਾ, ਅਨੁਸ਼ਾਸਨ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ।ਉਨ੍ਹਾਂ ਉਮੀਦ ਜਾਹਿਰ ਕੀਤੀ ਕਿ ਵਿਦਿਆਰਥੀ ਭਵਿੱਖ ’ਚ ਵੀ ਇਸੇ ਤਰ੍ਹਾਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਕਾਲਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।ਉਨ੍ਹਾਂ ਕਿਹਾ ਕਿ ਕਾਲਜ ਖੇਡਾਂ ਦੇ ਖੇਤਰ ’ਚ ਲਗਾਤਾਰ ਨਵੀਆਂ ਪ੍ਰਾਪਤੀਆਂ ਦਰਜ ਕਰਦਾ ਆ ਰਿਹਾ ਹੈ ਅਤੇ ਇਹ ਜਿੱਤ ਕਾਲਜ ਦੀ ਸ਼ਾਨਦਾਰ ਖੇਡ ਵਿਰਾਸਤ ’ਚ ਇਕ ਹੋਰ ਸੁਨਹਿਰੀ ਅਧਿਆਇ ਜੋੜਦੀ ਹੈ।
