Breaking NewsLatest NewsPunjabReligion

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਪਾਕਿਸਤਾਨ ਵਿੱਚ ਨਿੱਘਾ ਸਵਾਗਤ ਕੀਤਾ ਹੈ।

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚ ਗਿਆ ਹੈ। ਜਥੇ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਮੰਤਰੀ ਰਮੇਸ਼ ਸਿੰਘ ਅਰੋੜਾ, ਔਕਾਫ਼ ਬੋਰਡ ਦੇ ਚੇਅਰਮੈਨ ਕਮਰ ਜ਼ਮਾਨ ਅਤੇ ਸਕੱਤਰ ਨਾਸਿਰ ਮੁਸ਼ਤਾਕ ਨੇ ਨਿੱਘਾ ਸਵਾਗਤ ਕੀਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਗਿਆ ਸੀ। ਇਸ ਵਾਰ 1822 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਵੀਜ਼ੇ ਮਿਲੇ ਹਨ। ਜਥੇ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ ਅਤੇ ਹੋਰ ਅਹੁਦੇਦਾਰ ਵੀ ਸ਼ਾਮਲ ਹਨ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਸੰਗਤ ਦੀ ਦਿਲੀ ਇੱਛਾ ਹੈ ਕਿ ਪਾਕਿਸਤਾਨ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਕੀਤੇ ਜਾ ਸਕਣ। ਉਨ੍ਹਾਂ ਪੂਰੇ ਖੇਤਰ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਰਦਾਸ ਕੀਤੀ। ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦੀ ਖੋਲ੍ਹਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਪਿਆਰ ਨਾਲ ਜੁੜੀ ਹੋਈ ਹੈ। ਸਰਕਾਰਾਂ ਨੂੰ ਚਾਹੀਦਾ ਹੈ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਪਾਕਿਸਤਾਨ ਜਾਣ ਵਾਲੇ ਜਥਿਆਂ ਦੀ ਗਿਣਤੀ ਅਤੇ ਵੀਜ਼ਿਆਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਸੌਖੀ ਬਣਾਈ ਜਾਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਥਾ 24 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਵੇਗਾ।

ਇਸ ਤੋਂ ਇਲਾਵਾ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਦੇ ਦਰਸ਼ਨ ਵੀ ਕਰਨਗੇ। ਇਹ ਜਥਾ ਆਪਣੀ ਧਾਰਮਿਕ ਯਾਤਰਾ ਪੂਰੀ ਕਰਨ ਤੋਂ ਬਾਅਦ ਪਹਿਲੀ ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।

Related posts

ਹਰਸਿਮਰਤ ਕੌਰ ਬਾਦਲ ਨੇ ਫਾਈਨਾਂਸ ਬਿੱਲ ਨੂੰ ਟੈਕਸ ਟ੍ਰੈਪ ਬਿੱਲ ਦਿੱਤਾ ਕਰਾਰ ਜੋ ਕਾਰਪੋਰੇਟ ਜਗਤ ’ਤੇ ਮਿਹਰਬਾਨ

Bunty

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਦਾ ਤੈਰਾਕੀ ’ਚ ਸ਼ਾਨਦਾਰ ਪ੍ਰਦਰਸ਼ਨ

admin

 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

Bunty