Breaking NewsLatest NewsPunjab

ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੀਆਂ ਚੁਣੌਤੀਆਂ ਦੇ ਅਨੁਕੂਲ ਸਿੱਖਿਆ ਪ੍ਰਦਾਨ ਕਰਨਾ ਵਿਦਿਅਕ ਸੰਸਥਾਵਾਂ ਦਾ ਫਰਜ਼ – ਮਜੀਠੀਆ

ਇਨਫੋਰਮੇਸ਼ਨ ਟੈਕਨੋਲਜੀ ਇਮਾਰਤ ਦਾ ਉਦਘਾਟਨ ਕਰਦੇ ਹੋਏ ਸ. ਸੱਤਿਆਜੀਤ ਸਿੰਘ ਮਜੀਠੀਆ ਨਾਲ ਹਨ ਸ. ਰਜਿੰਦਰ ਮੋਹਨ ਸਿੰਘ ਛੀਨਾ, ਸ. ਦਲਬੀਰ ਸਿੰਘ ਘੁੰਮਣ, ਸ. ਗੁਨਬੀਰ ਸਿੰਘ, ਸ. ਪਰਮਜੀਤ ਸਿੰਘ ਬੱਲ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਡਾ. ਮਹਿਲ ਸਿੰਘ, ਡਾ. ਆਤਮ ਸਿੰਘ ਰੰਧਾਵਾ ਤੇ ਹੋਰ। 

ਅੰਮ੍ਰਿਤਸਰ — ਅਜੋਕੇ ਸਮੇਂ ’ਚ ਸੂਚਨਾ ਤਕਨਾਲੋਜੀ ਅਤੇ ਡਿਜੀਟਲ ਸਿੱਖਿਆ ਹਰੇਕ ਖੇਤਰ ਦੀ ਤਰੱਕੀ ਦਾ ਅਹਿਮ ਆਧਾਰ ਬਣ ਚੁੱਕੀ ਹੈ।ਵਿੱਦਿਅਕ ਸੰਸਥਾਵਾਂ ਦਾ ਫਰਜ਼ ਹੈ ਕਿ ਉਹ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੀਆਂ ਚੁਣੌਤੀਆਂ ਦੇ ਅਨੁਕੂਲ ਸਿੱਖਿਆ ਅਤੇ ਸਹੂਲਤਾਂ ਪ੍ਰਦਾਨ ਕਰਨ।ਇਨ੍ਹਾਂ ਸ਼ਬਦਾਂ ਦਾ ਇਜਹਾਰ ਖਾਲਸਾ ਯੂਨੀਵਰਸਿਟੀ ਵਿਖੇ ਅਕਾਦਮਿਕ ਅਤੇ ਤਕਨੀਕੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੀਂ ਇਨਫੋਰਮੇਸ਼ਨ ਟੈਕਨੋਲੋਜੀ ਇਮਾਰਤ ਦਾ ਉਦਘਾਟਨ ਕਰਨ ਸਮੇਂ ਯੂਨੀਵਰਸਿਟੀ ਦੇ ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਕੀਤਾ।ਇਸ ਮੌਕੇ ਉਨ੍ਹਾਂ ਨਾਲ ’ਵਰਸਿਟੀ ਦੇ ਪ੍ਰੋੑ—ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਉਪ ਕੁਲਪਤੀ ਡਾ. ਮਹਿਲ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਸ: ਮਜੀਠੀਆ ਨੇ ਕਿਹਾ ਕਿ ਨਵੀਂ ਇਮਾਰਤ ਦਾ ਨਿਰਮਾਣ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਹੂਲਤਾਂ, ਵਿਹਾਰਕ ਸਿੱਖਿਆ ਅਤੇ ਖੋਜ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਕੀਤਾ ਗਿਆ ਹੈ।ਇਸ ਨਾਲ ਇੰਜੀਨੀਅਰਿੰਗ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ’ਚ ਵਿਦਿਆਰਥੀਆਂ ਦੀਆਂ ਯੋਗਤਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ’ਚ ਸਹਾਇਤਾ ਮਿਲੇਗੀ।ਇਸ ਨਵੀਂ ਇਮਾਰਤ ਦੀ ਸਥਾਪਨਾ ਇਸੇ ਦੂਰਦਰਸ਼ੀ ਸੋਚ ਦਾ ਨਤੀਜਾ ਹੈ।ਇਹ ਇਮਾਰਤ ਵਿਦਿਆਰਥੀਆਂ ਨੂੰ ਤਕਨੀਕੀ ਗਿਆਨ, ਨਵੀਨਤਮ ਹੁਨਰਾਂ ਅਤੇ ਖੋਜ ਪ੍ਰਤੀ ਉਤਸ਼ਾਹਿਤ ਕਰਨ ’ਚ ਅਹਿਮ ਭੂਮਿਕਾ ਨਿਭਾਏਗੀ।ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਭਵਿੱਖ ’ਚ ਵੀ ਸਿੱਖਿਆ ਦੇ ਖੇਤਰ ’ਚ ਨਵੇਂ ਮਾਪਦੰਡ ਸਥਾਪਿਤ ਕਰਦੀ ਰਹੇਗੀ ਅਤੇ ਵਿਦਿਆਰਥੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਦੇ ਯੋਗ ਕਰੇਗੀ।

ਇਸ ਮੌਕੇ ਸ. ਛੀਨਾ ਨੇ ਕਿਹਾ ਕਿ ਖਾਲਸਾ ਸੰਸਥਾਵਾਂ ਹਮੇਸ਼ਾ ਸਮੇਂ ਦੀਆਂ ਲੋੜਾਂ ਅਨੁਸਾਰ ਸਿੱਖਿਆ ਦੇ ਖੇਤਰ ’ਚ ਨਵੇਂ ਉਪਰਾਲੇ ਕਰਨ ਲਈ ਵਚਨਬੱਧ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਨਾਲ ਲੈਸ ਇਮਾਰਤਾਂ ਅਤੇ ਸਿੱਖਿਆ ਪ੍ਰਣਾਲੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।ਇਨਫੋਰਮੇਸ਼ਨ ਟੈਕਨੋਲੋਜੀ ਇਮਾਰਤ ਦਾ ਉਦਘਾਟਨ ਯੂਨੀਵਰਸਿਟੀ ਦੀ ਤਰੱਕੀ ਅਤੇ ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਵਿਦਿਆਰਥੀਆਂ ਨੂੰ ਸਿਧਾਂਤਕ ਗਿਆਨ ਦੇ ਨਾਲ—ਨਾਲ ਪ੍ਰੈਕਟੀਕਲ ਤਜਰਬਾ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਦੀਆਂ ਹਨ।ਉਨ੍ਹਾਂ ਯੂਨੀਵਰਸਿਟੀ ਪ੍ਰਬੰਧਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੀਂ ਇਮਾਰਤ ਵਿਦਿਆਰਥੀਆਂ, ਅਧਿਆਪਕਾਂ ਅਤੇ ਖੋਜਾਰਥੀਆਂ ਲਈ ਗਿਆਨ, ਨਵੀਨਤਾ ਅਤੇ ਤਕਨੀਕੀ ਵਿਕਾਸ ਦਾ ਕੇਂਦਰ ਬਣੇ।

ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਖਾਲਸਾ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਦੇ ਨਾਲ—ਨਾਲ ਉਨ੍ਹਾਂ ਨੂੰ ਆਧੁਨਿਕ ਤਕਨੀਕੀ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਇਨਫੋਰਮੇਸ਼ਨ ਟੈਕਨੋਲੋਜੀ ਇਮਾਰਤ ਯੂਨੀਵਰਸਿਟੀ ਦੇ ਅਕਾਦਮਿਕ ਬੁਨਿਆਦੀ ਢਾਂਚੇ ਵਿੱਚ ਇੱਕ ਮਹੱਤਵਪੂਰਨ ਵਾਧਾ ਹੈ।ਇਹ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਜਾਣੂ ਕਰਵਾਉਣ, ਪ੍ਰਯੋਗਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਰਚਨਾਤਮਕ ਸੋਚ ਨੂੰ ਵਿਕਸਿਤ ਕਰਨ ’ਚ ਸਹਾਇਕ ਹੋਵੇਗੀ।ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਯੁੱਗ ’ਚ ਤਕਨੀਕੀ ਸਿੱਖਿਆ ਦੀ ਮਹੱਤਤਾ ਲਗਾਤਾਰ ਵੱਧ ਰਹੀ ਹੈ ਅਤੇ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਬਿਹਤਰ ਮੌਕਿਆਂ ਦੇ ਨਾਲ—ਨਾਲ ਨਵੀਨਤਾ ਅਤੇ ਉਦਯੋਗਿਕ ਵਿਕਾਸ ’ਚ ਯੋਗਦਾਨ ਪਾਉਣ ਲਈ ਤਿਆਰ ਕਰਨਾ ਹੈ।ਉਨ੍ਹਾਂ ਇਸ ਪ੍ਰੋਜੈਕਟ ਲਈ ਡਾ. ਮੰਜੂ ਬਾਲਾ ਅਤੇ ਉਨ੍ਹਾਂ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਸਕੂਲ ਆਫ਼ ਇੰਜੀਨੀਅਰਿੰਗ ਡੀਨ ਡਾ. ਮੰਜੂ ਬਾਲਾ ਨੇ ਕਿਹਾ ਕਿ ਇਨਫੋਰਮੇਸ਼ਨ ਟੈਕਨੋਲੋਜੀ ਇਮਾਰਤ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ, ਤਕਨੀਕੀ ਅਭਿਆਸ ਅਤੇ ਨਵੀਆਂ ਸੰਭਾਵਨਾਵਾਂ ਦਾ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਇਮਾਰਤ ਨੂੰ ਵਿਦਿਆਰਥੀਆਂ ਦੀਆਂ ਅਕਾਦਮਿਕ ਲੋੜਾਂ ਅਤੇ ਭਵਿੱਖ ਦੀਆਂ ਤਕਨੀਕੀ ਚੁਣੌਤੀਆਂ ਨੂੰ ਧਿਆਨ ’ਚ ਰੱਖ ਕੇ ਤਿਆਰ ਕੀਤਾ ਗਿਆ ਹੈ।ਉਨ੍ਹਾਂ ਯੂਨੀਵਰਸਿਟੀ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਅਤੇ ਦੂਰਦਰਸ਼ੀ ਸੋਚ ਸਦਕਾ ਇਹ ਪ੍ਰੋਜੈਕਟ ਸਾਕਾਰ ਹੋਇਆ ਹੈ।ਉਨ੍ਹਾਂ ਵਿਸ਼ੇਸ਼ ਤੌਰ ’ਤੇ ਸ.ਮਜੀਠੀਆ, ਸ. ਛੀਨਾ ਅਤੇ ਡਾ. ਮਹਿਲ ਸਿੰਘ ਦਾ ਧੰਨਵਾਦ ਕਰਦਿਆਂ ਉਮੀਦ ਜਾਹਿਰ ਕੀਤੀ ਕਿ ਸਕੂਲ ਆਫ਼ ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕੀ ਸਿੱਖਿਆ ਦੇਣ ਲਈ ਭਵਿੱਖ ’ਚ ਵੀ ਪੂਰੀ ਤਨਦੇਹੀ ਨਾਲ ਕੰਮ ਕਰਦਾ ਰਹੇਗਾ।

ਇਸ ਮੌਕੇ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਐਗਜਾਮੀਨੇਸ਼ਨ ਕੰਟਰੋਲ ਡਾ. ਕੰਵਲਜੀਤ ਸਿੰਘ, ਰਿਸਰਚ ਡਾ. ਆਰ. ਕੇ. ਧਵਨ, ਡੀਨ ਡਾ. ਜਸਪਾਲ ਸਿੰਘ, ਧਰਮ ਅਧਿਐਨ ਵਿਭਾਗ ਡੀਨ ਤੇ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ, ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸ. ਦਲਬੀਰ ਸਿੰਘ ਘੁੰਮਣ, ਜੁਆਇੰਟ ਸਕੱਤਰ  ਸ. ਗੁਨਬੀਰ ਸਿੰਘ, ਸ. ਅਜਮੇਰ ਸਿੰਘ ਹੇਰ, ਸ. ਲਖਵਿੰਦਰ ਸਿੰਘ ਢਿੱਲੋਂ, ਸ: ਸੰਤੋਖ ਸਿੰਘ ਸੇਠੀ, ਸ. ਪਰਮਜੀਤ ਸਿੰਘ ਬੱਲ, ਸ. ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਡਾ. ਸੁਖਬੀਰ ਕੌਰ ਮਾਹਲ, ਡਾ. ਰਮਿੰਦਰ ਕੌਰ, ਸ. ਟੀਪੀ ਸੰਧੂ, ਸ. ਬਿਕਰਮਜੀਤ ਸਿੰਘ, ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਆਦਿ ਹਾਜ਼ਰ ਸਨ।

Related posts

ਤਲਾਸ਼ੀ ਅਭਿਆਨ- ਚੌਥਾ ਦਿਨ:  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

Bunty

ਲੋਕਤੰਤਰ ਦੀ ਮੁੱਢਲੀ ਇਕਾਈ ਹੁੰਦੇ ਨੇ ਪਿੰਡ ਦੇ ਪੰਚ ਤੇ ਸਰਪੰਚ : ਵਿੱਤ ਮੰਤਰੀ ਹਰਪਾਲ ਚੀਮਾ

Bunty

ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ ਬੇਮੌਸਮੀ ਵਰਖਾ ਦੇ ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ – ਰਵੀਇੰਦਰ ਸਿੰਘ

admin