ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾ਼ਸ਼ ਸਿੰਘ ਬਾਦਲ ਨੂੰ ਸੰਮਨ

ਹੁਸ਼ਿਆਰਪੁਰ – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੂੰ ਹੁਸ਼ਿਆਰਪੁਰ ਦੀ ਇਕ ਅਦਾਲਤ ਨੇ ਸੰਮਨ ਜਾਰੀ ਕਰਕੇ 28 ਨਵੰਬਰ 2021 ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਮਾਮਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਦੋ ਸੰਵਿਧਾਨ ਰੱਖਣ ਦਾ ਹੈ ਜਿਸ ਸਬੰਧ ਵਿਚ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਤੇ ਸੱਕਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ।ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡਾ ਦਲਜੀਤ ਸਿੰਘ ਚੀਮਾ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ।ਜਦਕਿ ਮਾਮਲੇ ਵਿੱਚ ਗਵਾਹੀਆਂ ਦਰਜ ਕਰਵਾਉਣ ਤੋਂ ਪਹਿਲਾਂ ਤਿੰਨਾਂ ਮੁੱਖ ਵਿਅਕਤੀਆਂ ਦਾ ਅਦਾਲਤ ਵਿੱਚ ਪੇਸ਼ ਹੋਣਾ ਜ਼ਰੂਰੀ ਹੈ ਜਿਸ ਨੂੰ ਵੇਖਦਿਆਂ ਹੁਸ਼ਿਆਰਪੁਰ ਦੇ ਮਾਣਯੋਗ ਏ ਸੀ ਜੇ ਐੱਮ ਰੁਪਿੰਦਰ ਸਿੰਘ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਸ ਕੇਸ ਦੀ ਪੈਰਵਾਈ ਕਰ ਰਹੇ ਉੱਘੇ ਵਕੀਲ ਐਡਵੋਕੇਟ ਬੀ.ਐੱਸ.ਰਿਆੜ ਨੇ ਦੱਸਿਆ ਕਿ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਸਕੱਤਰ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਲੀਡਰਾਂ ਵਿਰੁੱਧ ਆਈ.ਪੀ.ਸੀ. ਦੀਆਂ ਧਾਰਾਵਾਂ 182, 199, 200, 420, 465, 466, 468, 471 ਅਤੇ 120ਬੀ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।ਇਸ ਸ਼ਿਕਾਇਤ ਵਿੱਚ ਲਾਏ ਦੋਸ਼ਾਂ ਦੇ ਸਿੱਧ ਹੋਣ ‘ਤੇ ਉਕਤ ਆਗੂਆਂ ਨੂੰ ਮਾਣਯੋਗ ਅਦਾਲਤ ਵੱਲੋਂ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ।ਸਰਦਾਰ ਖੇੜਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਜੁਰਮਾਂ ਲਈ 2 ਸਾਲ ਕੈਦ ਤੇ ਜੁਰਮਾਨਾ,7 ਸਾਲ ਕੈਦ ਤੇ ਜੁਰਮਾਨਾ,ਉਮਰ ਕੈਦ ਜਾਂ 10 ਸਾਲ ਕੈਦ ਤੇ ਜੁਰਮਾਨਾ ਦੀਆਂ ਸਜ਼ਾਵਾਂ ਹੋ ਸਕਦੀਆਂ ਹਨ।ਜ਼ਿਕਰਯੋਗ ਹੈ ਕਿ 20 ਫਰਵਰੀ 2009 ਨੂੰ ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਆਗੂ ਬਲਵੰਤ ਸਿੰਘ ਖੇੜਾ ਵੱਲੋਂ ਦਾਇਰ ਇਸ ਪਟੀਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।

Related posts

ਭਾਰਤ-ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਣ ਦੀ ਪਹਿਲਕਦਮੀ ਕਰਨ – ਜਥੇਦਾਰ ਗੜਗੱਜ

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਮਾਮਲੇ ਦੀ ਸੁਣਵਾਈ 11 ਜੂਨ ਨੂੰ

ਮਨਪ੍ਰੀਤ ਇਆਲੀ ਅਕਾਲ ਤਖਤ ਤੋਂ ਮਿਲੀ ਜਿੰਮੇਵਾਰੀ ਤੋਂ ਭਗੌੜਾ ਹੋਇਆ – ਵਡਾਲਾ, ਛੋਟੇਪੁਰ