ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੌਰੇ ਕਾਰਨ ਵਿਧਾਨ ਸਭਾ ਚੋਣਾਂ ਦੀਆਂ ਕਿਆਸ ਅਰਾਈਆਂ ਤੇਜ਼

 

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੌਰੇ ਨਾਲ ਵਿਧਾਨ ਸਭਾ ਚੋਣਾਂ ਦੀ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਸੀਮਾਬੰਦੀ ਪੂਰੀ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਸ ਦੇ ਨਾਲ ਹੀ ਸੂਬੇ ‘ਚ ਚੋਣਾਂ ਦੇ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸੋਧੀ ਹੋਈ ਵੋਟਰ ਸੂਚੀ ਦੇ ਪ੍ਰਕਾਸ਼ਨ ਦੀ ਕਵਾਇਦ ਪੂਰੀ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਸਿਆਸੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਇੱਕ ਵਾਰ ਚੋਣ ਕਮਿਸ਼ਨ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਦਾ ਕੰਮ ਪੂਰਾ ਕਰ ਲੈਂਦਾ ਹੈ, ਚੋਣਾਂ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ ਅਤੇ ਤੁਹਾਡੇ ਆਪਣੇ ਚੁਣੇ ਹੋਏ ਨੁਮਾਇੰਦੇ ਇੱਥੇ ਰਾਜ ਕਰਨਗੇ।
ਹੁਣ ਸਵਾਲ ਇਹ ਉੱਠਦਾ ਹੈ ਕਿ ਜੰਮੂ-ਕਸ਼ਮੀਰ ਵਿੱਚ ਚੋਣਾਂ ਕਦੋਂ ਹੋਣਗੀਆਂ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ ਅਗਲੇ ਸਾਲ ਫਰਵਰੀ ਮਹੀਨੇ ਤੋਂ ਬਾਅਦ ਹੀ ਚੋਣਾਂ ਹੋ ਸਕਦੀਆਂ ਹਨ। ਦਰਅਸਲ ਜੰਮੂ-ਕਸ਼ਮੀਰ ‘ਚ ਠੰਢ ਦੇ ਮੌਸਮ ‘ਚ ਬਰਫ਼ਬਾਰੀ ਕਾਰਨ ਦਸੰਬਰ, ਜਨਵਰੀ ਅਤੇ ਫਰਵਰੀ ‘ਚ ਚੋਣਾਂ ਕਰਵਾਉਣਾ ਅਸੰਭਵ ਹੈ, ਇਸੇ ਲਈ ਜੇਕਰ ਅਕਤੂਬਰ, ਨਵੰਬਰ ‘ਚ ਚੋਣਾਂ ਨਹੀਂ ਹੁੰਦੀਆਂ ਤਾਂ ਫਰਵਰੀ ਤੋਂ ਬਾਅਦ ਚੋਣਾਂ ਕਰਵਾਈਆਂ ਜਾਣਗੀਆਂ ਯਾਨੀ ਮਾਰਚ ਵਿੱਚ ਜਾਂ ਇਸ ਤੋਂ ਬਾਅਦ…
ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟ੍ਰੇਲ (VVPAT) ਦੀ ਪਹਿਲੀ ਪੱਧਰੀ ਵੈਰੀਫਿਕੇਸ਼ਨ (FLC) ਕੀਤੀ ਜਾਵੇਗੀ। ਇਸ ਵਰਕਸ਼ਾਪ ਵਿੱਚ ਘਾਟੀ ਦੇ ਸਾਰੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਭਾਗ ਲਵੇਗੀ। ਇਕ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਹਾਲਾਂਕਿ ਚੋਣਾਂ ਦੀ ਤਰੀਕ ਦਾ ਐਲਾਨ ਚੋਣ ਕਮਿਸ਼ਨ ਵੱਲੋਂ ਕੀਤਾ ਜਾਵੇਗਾ। ਨਵੰਬਰ 2018 ਤੋਂ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਨਹੀਂ ਹੈ। ਪੀਡੀਪੀ-ਭਾਜਪਾ ਗੱਠਜੋੜ ਸਰਕਾਰ ਦੇ ਡਿੱਗਣ ਤੋਂ ਬਾਅਦ ਤਤਕਾਲੀ ਰਾਜਪਾਲ ਸੱਤਿਆ ਪਾਲ ਮਲਿਕ ਨੇ ਵਿਧਾਨ ਸਭਾ ਭੰਗ ਕਰ ਦਿੱਤੀ ਸੀ।

Related posts

ਹੁਣ ਕੇਰਲਮ ਕਹਾਏਗਾ ਕੇਰਲਾ !

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ