ਚੰਡੀਗੜ੍ਹ – ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਕੈਪਟਨ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਖਾਲੀ ਆਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦੇਣ ਲਈ ਛੇਤੀ ਹੀ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ | ਮੁੱਖ ਸਕੱਤਰ ਵਿੰਨੀ ਮਹਾਜਨ ਨੇ ਬੁੱਧਵਾਰ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲੀ ਆਸਾਮੀਆਂ ਸੰਬੰਧੀ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ | ਪ੍ਰਸ਼ਾਸਕੀ ਸਕੱਤਰਾਂ ਨਾਲ ਸੂਬਾਈ ਰੁਜ਼ਗਾਰ ਯੋਜਨਾ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਹਾਜਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਵਿਭਾਗਾਂ ‘ਚ ਖਾਲੀ ਆਸਾਮੀਆਂ ਲਈ ਮੰਗ ਭੇਜਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ | ਰੁਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 34 ਪ੍ਰਸ਼ਾਸਕੀ ਵਿਭਾਗਾਂ ਨੇ ਪੰਜਾਬ ਸਰਕਾਰ ਦੀ ਭਰਤੀ ਯੋਜਨਾ ਦੇ ਦੂਜੇ ਪੜਾਅ ਲਈ 22,441 ਸਿੱਧੇ ਕੋਟੇ ਦੀਆਂ ਖਾਲੀ ਆਸਾਮੀਆਂ ਬਾਰੇ ਜਾਣਕਾਰੀ ਭੇਜ ਦਿੱਤੀ ਹੈ, ਜੋ ਕਿ ਇਸ ਤੋਂ ਪਹਿਲਾਂ ਕੈਬਨਿਟ ਕਮੇਟੀ ਵੱਲੋਂ ਮਨਜ਼ੂਰ ਕੀਤੀਆਂ ਗਈਆਂ 61336 ਆਸਾਮੀਆਂ ਨਾਲੋਂ ਵੱਖਰੀਆਂ ਹਨ | ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੰਤਰੀ ਮੰਡਲ ਨੇ 14 ਅਕਤੂਬਰ, 2020 ਨੂੰ 61,336 ਅਸਾਮੀਆਂ ਭਰਨ ਦੀ ਮਨਜ਼ੂਰੀ ਦੇਣ ਦੇ ਨਾਲ-ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਜ ਰੁਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਸੀ |
ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੈਪਟਨ ਸਰਗਰਮ
ਫੋਟੋ: ਏ ਐਨ ਆਈ