ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ. ਸੀ. ਏ. ਮੈਥਮੈਟਿਕਸ ਕਾਰਨੀਵਲ-2026’ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਡੈਕਲੇਮੇਸ਼ਨ, ਪੋਸਟਰ ਮੇਕਿੰਗ ਅਤੇ ਰੰਗੋਲੀ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ 150 ਦੇ ਕਰੀਬ ਵਿਦਿਆਰਥੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਅਧਿਆਪਕਾਂ ਨੇ ਭਾਗ ਲਿਆ।
ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਵਿਭਾਗ ਮੁੱਖੀ ਡਾ. ਰਜਿੰਦਰ ਪਾਲ ਕੌਰ ਅਤੇ ਆਯੋਜਕ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਮੌਕੇ ਕਰਵਾਏ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਆਪਣੇ ਬੌਧਿਕ ਹੁਨਰਾਂ ਦੇ ਨਾਲ-ਨਾਲ ਆਪਣੀ ਪ੍ਰਤਿਭਾ ਦਾ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਕਾਰਨੀਵਲ-2026 ਵਿਦਿਆਰਥੀਆਂ ’ਚ ਅਕਾਦਮਿਕ ਉਤਕ੍ਰਿਸ਼ਟਤਾ, ਰਚਨਾਤਮਕਤਾ ਅਤੇ ਸਹਿਯੋਗਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਇਕ ਯਾਦਗਾਰ ਪਹਿਲ ਸਾਬਿਤ ਹੋਇਆ ਹੈ।
ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਪ੍ਰੋਫੈਸਰ ਅਤੇ ਮੁੱਖੀ ਡਾ. ਵਿਕਰਮ ਸੰਧੂ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੌਂਸਲੇ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਸੰਬੋਧਨ ਕਰਦਿਆਂ ਸਟਾਰਟ-ਅਪ ਕਾਰੋਬਾਰਾਂ ਲਈ ਗਣਿਤਕ ਸੋਚ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਗਣਿਤ ਨੂੰ ਇਕ ਗਤੀਸ਼ੀਲ ਅਤੇ ਪ੍ਰਯੋਗਿਕ ਵਿਸ਼ੇ ਵਜੋਂ ਧਾਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਡਾ. ਰਜਿੰਦਰ ਪਾਲ ਕੌਰ ਨੇ ਪ੍ਰਿੰ: ਡਾ. ਰੰਧਾਵਾ ਵੱਲੋਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਦਿੱਤੇ ਗਏ ਸਹਿਯੋਗ ਸਬੰਧੀ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਤੀਯੋਗਤਾ ਦੇ ਵਿਸ਼ੇ ਜੀਵਨ ’ਚ ਗਣਿਤ ਦੀ ਮਹੱਤਤਾ ਅਤੇ ਸੁੰਦਰਤਾ ’ਤੇ ਕੇਂਦਰਿਤ ਸਨ, ਜਿਸ ਨਾਲ ਵਿਦਿਆਰਥੀਆਂ ਨੂੰ ਰਵਾਇਤੀ ਸੋਚ ਤੋਂ ਪਰੇ ਸੋਚਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ, ਜਿਸ ’ਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰ: ਡਾ. ਰੰਧਾਵਾ ਨੇ ਡਾ. ਤਮਿੰਦਰ ਸਿੰਘ ਭਾਟੀਆ ਨਾਲ ਮਿਲ ਕੇ ਇਨਾਮ ਤਕਸੀਮ ਕੀਤੇ। ਇਸ ਪ੍ਰੋਗਰਾਮ ਮੌਕੇ ਡਾ. ਗਗਨਦੀਪ ਸਿੰਘ ਨੇ ਆਰਗੇਨਾਈਜ਼ਿੰਗ ਸੈਕਟਰੀ ਵਜੋਂ ਭੂਮਿਕਾ ਨਿਭਾਈ। ਇਸ ਮੌਕੇ ਡਾ. ਦਲਜੀਤ ਸਿੰਘ, ਡਾ. ਨਵਿਓਧ ਸਿੰਘ, ਪ੍ਰੋ: ਆਂਚਲ ਸ਼ਰਮਾ ਸਮੇਤ ਹੋਰ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।