ਖਾੜੀ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪ੍ਰਕ੍ਰਿਆ ਦੇ ਤਾਲਮੇਲ ਲਈ ਨਿਯੁਕਤੀਆਂ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਚੰਡੀਗੜ੍ਹ – ਖਾੜੀ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24×7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ ‘ਤੇ ਨਜ਼ਰ ਰੱਖੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਕਿਹਾ ਹੈ, “ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Related posts

‘ਟੈਕਸਲਾ ਟੀਵੀ’ ਦੇ ਨਿਰਮਾਤਾ, ਉੱਘੇ ਕਾਰੋਬਾਰੀ ਅਤੇ ਉੱਘੇ ਸਮਾਜ-ਸੇਵੀ ਰਾਜਾ ਸਿੰਘ ਨੂੰ ਸ਼ਰਧਾਂਜਲੀਆਂ

ਸਿੱਖ ਇਸ ਗੱਲ ਦਾ ਤਹੱਈਆ ਕਰਨ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ – ਜਥੇਦਾਰ ਕੁਲਦੀਪ ਸਿੰਘ ਗੜਗੱਜ

ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਹੌਟ-ਲਾਈਨ ਸਥਾਪਿਤ