ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਵੱਲੋੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਦਾ ਫੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਖੇਤੀ ਕਾਨੂੰਨਾਂ ਦੇ ਸੰਘਰਸ਼ ਨੂੰ ਕੁਝ ਧਿਰਾਂ ਵੱਲੋਂ ਸਿੱਖਾਂ ਅਤੇ ਭਾਰਤ ਸਰਕਾਰ ਦੇ ਨਾਲ ਸਿੱਧੇ ਤੌਰ ’ਤੇ ਜੋੜਿਆ ਜਾ ਰਿਹਾ ਸੀ। ਇਸ ਤੋਂ ਇਲਾਵਾ ਸਿੱਖਾਂ ਅਤੇ ਹਿੰਦੂਆਂ ਨੂੰ ਵੀ ਵੱਖ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਜਿਸ ਨਾਲ ਆਉਣ ਵਾਲੇ ਸਮੇਂ ਵਿਚ ਭਾਰੀ ਨੁਕਸਾਨ ਵੀ ਝੱਲਣੇ ਪੈ ਸਕਦੇ ਸਨ।
ਸਰਕਾਰ ਨੇ ਚੱਲ ਰਹੇ ਸੰਘਰਸ਼ ਦੌਰਾਨ ਆਉਣ ਵਾਲੇ ਸਮੇਂ ਵਿਚ ਆਉਣ ਵਾਲੀ ਬਿਪਤਾ ਨੂੰ ਟਾਲ਼ਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਭਾਈਚਾਰਕ ਸਾਂਝ ਨੂੰ ਵੰਡਣ ਦਾ ਯਤਨ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਹਿੰਦੂ-ਸਿੱਖ ਦਾ ਰਿਸ਼ਤਾ ਮਜ਼ਬੂਤ ਸੀ, ਮਜ਼ਬੂਤ ਹੈ ਅਤੇ ਮਜ਼ਬੂਤ ਹੀ ਰਹੇ ਇਸ ਦੇ ਲਈ ਅਸੀਂ ਹਮੇਸ਼ਾ ਯਤਨਸ਼ੀਲ ਰਹੇ ਹਾਂ ਅਤੇ ਹਮੇਸ਼ਾ ਹੀ ਯਤਨਸ਼ੀਲ ਰਹਾਂਗੇ। ਉਨ੍ਹਾਂ ਨੇ ਭਾਰਤ ਸਰਕਾਰ, ਦੇਸ਼ ਦੇ ਪ੍ਰਧਾਨ ਮੰਤਰੀ ਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਇਸ ਅੰਦੋਲਨ ਵਿਚ ਜਾਨਾਂ ਗਈਆਂ ਉਨ੍ਹਾਂ ਦਾ ਹਮੇਸ਼ਾ ਅਫ਼ਸੋਸ ਰਹੇਗਾ। ਸਿੱਖਾਂ ਨੇ ਇਸ ਅੰਦੋਲਨ ਵਿਚ ਆਪਣਾ ਬਣਦਾ ਯੋਗਦਾਨ ਪਾਇਆ ਹੈ, ਚਾਹੇ ਉਹ ਆਰਥਿਕ ਪੱਖੋਂ ਹੋਵੇ, ਜਾਂ ਸ਼ਮੂਲੀਅਤ ਕਰਕੇ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਕਾਸ਼ ਪੁਰਬ ਵਾਲਾ ਬਹੁਤ ਵੱਡਾ ਦਿਨ ਚੁਣਿਆ ਹੈ।