ਅੰਮ੍ਰਿਤਸਰ – ਅੰਮ੍ਰਿਤਸਰ ਦੇ ਚਰਚਿਤ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੇ ਦਿਨ-ਦਿਹਾੜੇ ਹੋਏ ਸਨਸਨੀਖੇਜ਼ ਕਤਲ ਦੇ ਅੱਠ ਸਾਲਾਂ ਬਾਅਦ ਵਧੀਕ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਨਾਮੀ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰਿਆ ਸਮੇਤ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦੋਂਕਿ ਤਿੰਨ ਹੋਰਨਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰਕੈਦ ਦੀ ਸਜ਼ਾ ਸੁਣਾਈ ਹੈ।
ਇਹ ਮਾਮਲਾ ਅੰਮ੍ਰਿਤਸਰ ਦੇ ਸਭ ਤੋਂ ਚਰਚਿਤ ਰਾਜਨੀਤਿਕ ਕਤਲ ਮਾਮਲਿਆਂ ਵਿੱਚੋਂ ਇੱਕ ਰਿਹਾ ਹੈ, ਜਿਸਨੇ ਲੰਬੇ ਸਮੇਂ ਤੱਕ ਸ਼ਹਿਰ ਵਿੱਚ ਤਣਾਅ ਅਤੇ ਰਾਜਨੀਤਿਕ ਅਸ਼ਾਂਤੀ ਪੈਦਾ ਕੀਤੀ ਸੀ। ਅਦਾਲਤ ਨੇ ਆਪਣੇ ਫੈਸਲੇ ਵਿੱਚ ਟਿੱਪਣੀ ਕੀਤੀ ਕਿ ਸਰਕਾਰੀ ਪੱਖ (ਪ੍ਰੋਸੀਕਿਊਸ਼ਨ) ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਬਿਨਾਂ ਕਿਸੇ ਸ਼ੱਕ ਦੇ ਸਾਬਤ ਕਰਨ ਵਿੱਚ ‘ਪੂਰੀ ਤਰ੍ਹਾਂ ਨਾਕਾਮ’ ਰਿਹਾ ਹੈ। ਅਦਾਲਤ ਵੱਲੋਂ ਜੱਗੂ ਭਗਵਾਨਪੁਰਿਆ ਤੋਂ ਇਲਾਵਾ ਜਿਨ੍ਹਾਂ ਹੋਰਨਾਂ ਗੈਂਗਸਟਰਾਂ ਨੂੰ ਬਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬੌਬੀ ਮਲਹੋਤਰਾ, ਭੁਪਿੰਦਰ ਸਿੰਘ ਉਰਫ਼ ਸੋਨੂੰ ਕੰਗਲਾ, ਕਾਰਤਿਕ ਉਰਫ਼ ਘੋੜਾ ਅਤੇ ਵਰਿੰਦਰ ਸਿੰਘ ਉਰਫ਼ ਸੰਨੀ ਸ਼ਾਮਲ ਹਨ। ਅਦਾਲਤ ਨੇ ਤਿੰਨ ਮੁਲਜ਼ਮਾਂ ਅਰੁਣ ਕੁਮਾਰ ਉਰਫ਼ ਛੁਰੀਮਾਰ, ਅੰਗਰੇਜ਼ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ਼ ਰਿੰਕਾ ਨੂੰ ਭਾਰਤੀ ਦੰਡਾਵਲੀ (IPC) ਦੀ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼), 148 (ਜਾਨਲੇਵਾ ਹਥਿਆਰਾਂ ਨਾਲ ਦੰਗਾ ਕਰਨਾ), 302 (ਕਤਲ), 473 (ਜਾਅਲਸਾਜ਼ੀ) ਅਤੇ 201 (ਸਬੂਤ ਨਸ਼ਟ ਕਰਨਾ) ਤਹਿਤ ਦੋਸ਼ੀ ਪਾਇਆ। ਅਦਾਲਤ ਨੇ ਤਿੰਨਾਂ ਨੂੰ ਸਖ਼ਤ ਉਮਰਕੈਦ ਦੀ ਸਜ਼ਾ ਸੁਣਾਈ ਅਤੇ 22-22000 ਰੁਪਏ ਜੁਰਮਾਨਾ ਕੀਤਾ। ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਛੇ ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ।