ਫ਼ਤਹਿਗੜ੍ਹ ਸਾਹਿਬ – ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਮੌਕੇ
ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਹਨ ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਗਈਆਂ ਹਨ । ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦਾ ਅੱਜ ਰਸਮੀ ਤੌਰ ਤੇ ਆਰੰਭ ਹੋਵੇਗਾ, ਜਦੋਂ ਕਿ ਸੰਗਤਾਂ ਲਗਭਗ ਇੱਕ ਹਫਤੇ ਤੋਂ ਹੀ ਲਗਾਤਾਰ ਲੱਖਾਂ ਦੀ ਗਿਣਤੀ ਵਿੱਚ ਪਹਿਲਾਂ ਹੀ ਬਿਨਾਂ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਸਤਿਕਾਰਯੋਗ ਮਾਤਾ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਭਾ 26 ਤੋਂ 29 ਦਸੰਬਰ ਤੱਕ ਮਨਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਪ੍ਰਬੰਧਾਂ ਦੇ ਕੰਮਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ । ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਹੀਦੀ ਸਭਾ ਨੂੰ ਲੈ ਕੇ 26 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਸ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ । ਉਨਾਂ ਦੱਸਿਆ ਕਿ 26 ਦਸੰਬਰ ਤੋਂ 29 ਦਸੰਬਰ ਤੱਕ ਲਗਾਤਾਰ ਦਿਨ ਰਾਤ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥਕ ਸ਼ਖਸੀਅਤਾਂ ਪ੍ਰਸਿੱਧ ਵਿਦਵਾਨ ਰਾਗੀ, ਜਥੇ ਢਾਡੀ, ਜਥੇ ਕਵੀਸ਼ਰੀ ਜੱਥੇ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾਉਣਗੇ ਉਹਨਾਂ ਦੱਸਿਆ ਕਿ 27 ਦਸੰਬਰ ਦੀ ਰਾਤ ਨੂੰ 9 ਵਜੇ ਤੋਂ ਵਿਸ਼ੇਸ਼ ਕਵੀ ਸਮਾਗਮ ਵੀ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ 28 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਜਿਸ ਦੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ਤੇ ਸੋਹਿਲਾ ਸਾਹਿਬ ਦੇ ਪਾਠ ਉਪਰੰਤ ਸਮਾਪਤੀ ਹੋਵੇਗੀ। ਉਨਾਂ ਦੱਸਿਆ ਕਿ 28 ਦਸੰਬਰ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਉਪਰਲੀ ਮੰਜ਼ਿਲ ਤੇ ਹੋਵੇਗਾ। ਉਨਾਂ ਦੱਸਿਆ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਤੇ ਲਾਸਾਨੀ ਜੀਵਨ ਤੇ ਅਦੂਤੀ ਸਫਰ ਦੀ ਕਥਾ 29 ਦਸੰਬਰ ਤੱਕ ਰੋਜ਼ਾਨਾ ਅੰਮ੍ਰਿਤ ਵੇਲੇ ਮੁੱਖ ਦਰਬਾਰ ਸਾਹਿਬ ਵਿੱਚ ਹੋਵੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਮੁੱਖ ਰੱਖਦਿਆਂ ਹੋਇਆਂ ਵੱਡੀ ਗਿਣਤੀ ਵਿੱਚ ਸੰਗਤਾਂ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ।
ਇਸ ਦੇ ਨਾਲ ਹੀ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਵੀ ਟਰਸਟ ਵਲੋ ਵਿਸ਼ੇਸ਼ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਟਰਸਟ ਦੇ ਚੇਅਰਮੈਨ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਲਈ ਜਿੱਥੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਉੱਥੇ ਹੀ ਗੁਰਦੁਆਰਾ ਸਾਹਿਬ ਵਿੱਚ ਤਿੰਨੋਂ ਦਿਨ ਸੰਗਤਾਂ ਲਈ ਗਰਮ ਦੁੱਧ ਦੀ ਸੇਵਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਨੀਆਂ ਦੇ ਇਤਿਹਾਸ ਦੀ ਇਸ ਮਹਾਨ ਸ਼ਹਾਦਤ ਨੂੰ ਨਮਨ ਕਰਨ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਮਨਾਹੀਂ ਹੁਕਮ ਵੀ ਲਾਗੂ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਇਸ ਸੋਗਮਈ ਹਫਤੇ ਨੂੰ ਪੂਰੀਆਂ ਧਾਰਮਿਕ ਰਹੁ ਰੀਤਾਂ ਅਨੁਸਾਰ ਸੋਗਮਈ ਢੰਗ ਨਾਲ ਹੀ ਮਨਾਈਏ ਅਤੇ ਗੁਰੂ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋ ਕੇ ਸਤਿਕਾਰ ਭੇਂਟ ਕਰੀਏ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਲੰਗਰ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਲੰਗਰਾਂ ਵਿੱਚ ਸਾਫ ਸਫਾਈ ਯਕੀਨੀ ਬਣਾਈ ਜਾਵੇ ਤੇ ਪਲਾਸਟਿਕ ਲਿਫਾਫਿਆਂ ਤੇ ਥਰਮੋਕੋਲ ਬਰਤਨਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲ਼ ਸੰਗਤ ਦੀ ਸਹੂਲਤ ਲਈ ਪੁਲਿਸ ਸਮਾਧਾਨ ਕੇਂਦਰ ਵੀ ਬਣਾਏ ਗਏ ਹਨ ਜਿਥੋਂ ਕਿ ਸੰਗਤ ਨੂੰ ਲੋੜ ਅਨੁਸਾਰ ਪੁਲਿਸ ਸਹਾਇਤਾ ਵੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਸੰਗਤ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰਕੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ।