ਦਿੱਲੀ ਰਾਜਪੁਰਾ ਟਰੈਕ ਉਤੇ ਹੋਇਆ ਬੰਬ ਧਮਾਕਾ ਖੁਫੀਆ ਏਜੰਸੀਆਂ ਦੀ ਵੱਡੀ ਅਸਫਲਤਾ – ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ।

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸ਼ੰਭੂ ਨੇੜੇ ਦਿੱਲੀ-ਰਾਜਪੁਰਾ ਰੇਲਵੇ ਟ੍ਰੈਕ ‘ਤੇ ਕੱਲ੍ਹ ਰਾਤ ਹੋਏ ਬੰਬ ਧਮਾਕੇ ਦੀ ਘਟਨਾ ਗੰਭੀਰ ਖੁਫ਼ੀਆ ਅਸਫਲਤਾ ਨੂੰ ਦਰਸਾਉਂਦੀ ਹੈ। ਜਿਸ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਇਹ ਸਪੱਸ਼ਟ ਹੈ ਕਿ ਪਹਿਲਾਂ ਮਿਲੀਆਂ ਧਮਕੀਆਂ ਦੇ ਬਾਵਜੂਦ ਜੇਕਰ ਕੋਈ ਪ੍ਰਭਾਵਸ਼ਾਲੀ ਰੋਕਥਾਮ ਦੀ ਕਾਰਵਾਈ ਕੀਤੀ ਗਈ ਹੁੰਦੀ, ਤਾਂ ਇਸ ਘਟਨਾ ਨੂੰ ਰੋਕਿਆ ਜਾ ਸਕਦਾ ਸੀ। ਪਰ ਇਸ ਤਰਾਂ ਦੀਆਂ ਘਟਨਾਵਾਂ ਸੁਰੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਹੋਏ ਮੌੜ ਮੰਡੀ ਬੰਬ ਧਮਾਕੇ ਵਿੱਚ ਸਾਜ਼ਿਸ਼ ਅਤੇ ਸਬੂਤਾਂ ਤੱਕ ਪਹੁੰਚਣ ਦੇ ਬਾਵਜੂਦ ਜਦੋਂ ਸਖ਼ਤ ਕਾਰਵਾਈ ਨਹੀਂ ਹੋਈ, ਤਾਂ ਅਜਿਹੀਆਂ ਤਾਕਤਾਂ ਦੇ ਹੌਂਸਲੇ ਵਧਣੇ ਸੁਭਾਵਿਕ ਹਨ। ਇਹ ਲਾਪਰਵਾਹੀ ਅੱਗੇ ਆਉਣ ਵਾਲੇ ਸਮੇਂ ਵਿੱਚ ਹੋਰ ਖ਼ਤਰੇ ਪੈਦਾ ਕਰ ਸਕਦੀ ਹੈ। ਕੇਂਦਰੀ ਏਜੰਸੀਆਂ ਅਤੇ ਪੰਜਾਬ ਸਰਕਾਰ, ਦੋਹਾਂ ਨੂੰ ਇਸ ਤਾਜ਼ਾ ਬੰਬ ਧਮਾਕੇ ਅਤੇ ਮੌੜ ਮੰਡੀ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਬਾਰੇ ਪੂਰੀ ਪਾਰਦਰਸ਼ਤਾ ਨਾਲ ਲੋਕਾਂ ਸਾਹਮਣੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਜਿਹੇ ਖੂਨੀ ਤਜਰਬੇ ਕਰਨ ਵਾਲੀਆਂ ਤਾਕਤਾਂ ਦੀ ਅਸਲ ਮੰਸ਼ਾ ਅਤੇ ਪਿੱਛੇ ਦੇ ਤੱਤਾਂ ਨੂੰ ਬੇਨਕਾਬ ਕਰਨਾ ਲਾਜ਼ਮੀ ਹੈ, ਤਾਂ ਜੋ ਲੋਕਾਂ ਵਿੱਚ ਸਰਕਾਰ ਦਾ ਭਰੋਸਾ ਬਣਿਆ ਰਹੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪ੍ਰੈੱਸ ਦੇ ਨਾਂ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Related posts

ਪੁਲਿਸ ਵਲੋਂ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ !

ਜਗਰੂਪ ਸਿੰਘ ਜੂਪਾ ਪੰਜਵੜ ਨਿੱਕਲਿਆ ਰੇਲਵੇ ਟਰੈਕ ਧਮਾਕੇ ‘ਚ ਮਰਨ ਵਾਲਾ

ਪੰਜਾਬ ਦੇ ਲੋਕ ਡਰ-ਡਰਕੇ ਜੀਅ ਰਹੇ ਹਨ – ਬਿਕਰਮ ਸਿੰਘ ਮਜੀਠੀਆ