ਨਵੀਂ ਦਿੱਲੀ – ਯੂਕਰੇਨ ਸੰਕਟ ਦੇ ਵਿਚਕਾਰ ਭਾਰਤੀ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੂੰ ਵੀ ਯੁੱਧ ਪ੍ਰਭਾਵਿਤ ਪੂਰਬੀ ਯੂਕਰੇਨ ਤੋਂ ਬਾਹਰ ਕੱਢਿਆ ਗਿਆ ਹੈ। ਬੁੱਧਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਕਈ ਵੱਡੇ ਦੇਸ਼ ਵੀ ਯੂਕਰੇਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ‘ਚ ਅਸਫ਼ਲ ਰਹੇ ਹਨ। ਇਸ ਦੇ ਨਾਲ ਹੀ ਭਾਰਤ ਗੁਆਂਢੀ ਦੇਸ਼ਾਂ ਰਾਹੀਂ ਆਪਣੇ ਨਾਗਰਿਕਾਂ ਨੂੰ ਉਥੋਂ ਕੱਢ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ‘ਤੇ ਇਸ ਮਾਮਲੇ ‘ਚ ਰਾਜਨੀਤੀ ਕਰਨ ਦਾ ਦੋਸ਼ ਵੀ ਲਗਾਇਆ ਹੈ। ਕੇਂਦਰੀ ਮੰਤਰੀ ਨੇ ਕਿਹਾ, ਸਾਨੂੰ ਮਾਣ ਹੈ ਕਿ ਆਪਰੇਸ਼ਨ ਗੰਗਾ ਤਹਿਤ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਪੂਰਬੀ ਯੂਕਰੇਨ ਤੋਂ ਬਾਹਰ ਕੱਢਿਆ ਗਿਆ ਹੈ। ਸਭ ਤੋਂ ਵੱਧ ਹਮਲੇ ਇਸੇ ਖੇਤਰ ਵਿੱਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦਾ ਆਖ਼ਰੀ ਜੱਥਾ ਇੱਥੋਂ ਪੱਛਮੀ ਯੂਕਰੇਨ ਚਲਾ ਗਿਆ ਹੈ ਤੇ ਜਲਦੀ ਹੀ ਦੂਜੇ ਦੇਸ਼ਾਂ ਤੋਂ ਵਿਦਿਆਰਥੀ ਭਾਰਤ ਪਹੁੰਚ ਜਾਣਗੇ।ਗੋਇਲ ਨੇ ਕਿਹਾ ਕਿ ਸਾਡੀ ਪਾਰਟੀ ਦੇ ਵਰਕਰਾਂ ਨੇ ਯੂਕਰੇਨ ਵਿੱਚ ਫਸੇ ਸਾਢੇ ਅਠਾਰਾਂ ਹਜ਼ਾਰ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਕਾਂਗਰਸ ਇਸ ‘ਤੇ ਵੀ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਗੋਇਲ ਨੇ ਕਿਹਾ ਕਿ ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਨੇ ਵੀ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਦੇ ਕੰਮ ਵਿੱਚ ਸਿਆਸਤ ਖੇਡਣ ਦੀ ਕੋਸ਼ਿਸ਼ ਕੀਤੀ। ਯੂਕਰੇਨ ਵਿੱਚ ਫਸੇ ਲੋਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੇ ਗ਼ਲਤ ਜਾਣਕਾਰੀ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਦੋਂ ਕਿ ਪੀਐਮ ਮੋਦੀ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਲਗਾਤਾਰ ਚਿੰਤਤ ਸਨ।
ਪੀਯੂਸ਼ ਗੋਇਲ ਨੇ ਕਿਹਾ- ਕਈ ਵੱਡੇ ਦੇਸ਼ ਯੂਕਰੇਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ‘ਚ ਰਹੇ ਅਸਫ਼ਲ
ਪੀਯੂਸ਼ ਗੋਇਲ, ਭਾਰਤ ਦੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ।