ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਵਾਮਾ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ ’ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਖ਼ਬਰਾਂ ਮੁਤਾਬਕ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿਤਾ ਹੈ ਪਰ ਅਜੇ ਤਕ ਉਸ ਦੀ ਲਾਸ਼ ਬਰਾਮਦ ਨਹੀਂ ਹੋਈ ਹੈ। ਸੁਰੱਖਿਆ ਬਲਾਂ ਨੂੰ ਇਲਾਕੇ ਵਿਚ ਦੋ-ਤਿੰਨ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਗਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਅਤੇ ਮੁਕਾਬਲੇ ’ਚ ਇਕ ਅਤਿਵਾਦੀ ਮਾਰਿਆ ਗਿਆ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ।
ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਜਦੋਂ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤਾਂ ਅਤਿਵਾਦੀਆਂ ਨੇ ਤਲਾਸ਼ੀ ਦਲ ’ਤੇ ਗੋਲੀਬਾਰੀ ਕਰ ਦਿਤੀ। ਉਨ੍ਹਾਂ ਕਿਹਾ ਕਿ ਇਕ ਹੋਰ ਅਤਿਵਾਦੀ ਦੇ ਲੁਕੇ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚ ਹਮਲੇ ’ਚ ਇਕ ਗੈਰ-ਸਥਾਨਕ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਸੀ।