ਤਰਨਤਾਰਨ – ਸੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੇ ਸਨਸਨੀਖੇਜ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਤਰਨਤਾਰਨ ਤੋਂ ਇਸ ਕੇਸ ਦੇ ਮੁੱਖ ਮੁਲਜਮ, ਜਿਸ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਬਾਬਾ ਉਰਫ ਰਾਜਾ ਵਜੋਂ ਹੋਈ ਹੈ, ਨੂੰ ਗਿ੍ਰਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਗੁਰਵਿੰਦਰ ਬਾਬਾ ਦੇ ਦੋ ਸਾਥੀਆਂ ਸੰਦੀਪ ਸਿੰਘ ਉਰਫ ਕਾਲਾ ਵਾਸੀ ਅੰਮਿ੍ਰਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਰੰਧਾਵਾ ਨੂੰ ਵੀ ਗਿ੍ਰਫਤਾਰ ਕੀਤਾ ਹੈ ।
ਪੁਲਿਸ ਨੇ ਇਨਾਂ ਦੇ ਕਬਜੇ ਵਿੱਚੋਂ ਇੱਕ ਹੈਂਡ ਗਰਨੇਡ, ਇੱਕ ਆਰਡੀਐਕਸ-ਆਈਈਡੀ, ਮੈਗਜੀਨ ਅਤੇ 13 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮਿਤਸੁਬੀਸੀ ਲੈਂਸਰ ਕਾਰ ਵੀ ਬਰਾਮਦ ਕੀਤੀ ਹੈ।
ਇਹ ਸਫਲਤਾ ਪੰਜਾਬ ਨੂੰ ਨਸਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਛੇੜੀ ਜੰਗ ਦੌਰਾਨ ਸਾਹਮਣੇ ਆਈ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਗੁਰਵਿੰਦਰ ਸਿੰਘ ਉਰਫ ਬਾਬਾ, ਜਿਸ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਭਗੌੜਾ ਐਲਾਨਿਆ ਗਿਆ ਹੈ, ਨੇ ਸ਼ੂਟਰਾਂ ਨੂੰ ਹਥਿਆਰ ਪ੍ਰਦਾਨ ਕਰਵਾ ਕੇ ਸੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਬਾਬਾ ਨਾਮੀ ਗੈਂਗਸਟਰਾਂ ਸੁਖਪ੍ਰੀਤ ਸਿੰਘ ਉਰਫ ਹੈਰੀ ਚੱਠਾ ਅਤੇ ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲਾ, ਜੋ ਸੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਕੇਸ ਦੇ ਮੁੱਖ ਸੱਕੀ ਹੈ, ਦਾ ਨਜਦੀਕੀ ਸਾਥੀ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਦੀ ਵਰਤੋਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਦਹਿਸਤ ਦੀ ਭਾਵਨਾ ਪੈਦਾ ਕਰਨ ਲਈ ਕੀਤੀ ਜਾਣੀ ਸੀ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਿਰੋਜਪੁਰ ਰੇਂਜ ਜਸਕਰਨ ਸਿੰਘ ਨੇ ਐਸਐਸਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਜਾਣਕਾਰੀ ਮਿਲਣ ਕਿ ਗੁਰਵਿੰਦਰ ਬਾਬਾ ਆਪਣੇ ਸਾਥੀ ਸੰਦੀਪ ਨਾਲ ਖਡੂਰ ਸਾਹਿਬ ਨੂੰ ਜਾ ਰਿਹਾ ਹੈ, ਤਰਨਤਾਰਨ ਪੁਲਿਸ ਪਾਰਟੀ ਨੇ ਚਿੱਟੇ ਰੰਗ ਦੀ ਲਾਂਸਰ ਕਾਰ ਜਿਸ ਵਿੱਚ ਉਕਤ ਦੋਵੇਂ ਵਿਅਕਤੀ ਸਫਰ ਕਰ ਰਹੇ ਸਨ, ਨੂੰ ਰੋਕ ਕੇ ਉਨਾਂ ਨੂੰ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਕਾਰ ਵਿੱਚੋਂ ਲੋਡਿਡ ਮੈਗਜੀਨਾਂ ਸਮੇਤ ਦੋ ਪਿਸਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ ਅਤੇ 3.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਆਈਜੀਪੀ ਨੇ ਦੱਸਿਆ ਕਿ ਗੁਰਵਿੰਦਰ ਬਾਬਾ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ, ਪੁਲਿਸ ਨੇ ਬਟਾਲਾ ਪੁਲਿਸ ਜ਼ਿਲਾ ਦੇ ਖੇਤਰ ਵਿੱਚ ਸਥਿਤ ਟਿਕਾਣੇ ਤੋਂ ਇੱਕ ਹੈਂਡ ਗ੍ਰਨੇਡ, ਇੱਕ ਆਰਡੀਐਕਸ-ਆਈਈਡੀ ਅਤੇ 33 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਨਸੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੈਰੋਵਾਲ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 18, 21, 25 ਅਤੇ 29, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 25 (7), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਤੇ 5 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 10, 11 ਅਤੇ 12 ਤਹਿਤ ਐਫ.ਆਈ.ਆਰ. ਨੰਬਰ 118 ਦਰਜ ਕੀਤੀ ਗਈ ਹੈ।
ਉਨਾਂ ਕਿਹਾ ਕਿ ਇਨਾਂ ਗਿ੍ਰਫਤਾਰੀਆਂ ਨਾਲ ਸਰਹੱਦ ਪਾਰੋਂ ਤਸਕਰੀ ਦੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।