ਪੰਜਾਬ, ਲੋਕਾਂ ਨੂੰ ਮੁਫ਼ਤ ਸਿਹਤ-ਸੇਵਾਵਾਂ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ !

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਅੱਜ ਪੰਜਾਬ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ ਸੂਬੇ ਦੇ ਸਾਰੇ ਵਸਨੀਕਾਂ ਨੂੰ ‘ਮੁੱਖ-ਮੰਤਰੀ ਸਿਹਤ ਯੋਜਨਾ’ ਹੇਠ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਦੇਸ਼ ਲਈ ਮਿਸਾਲ ਕਾਇਮ ਕਰਨ ਜਾ ਰਿਹਾ ਹੈ। ਪੰਜਾਬ ਦੇ ਵਿੱਚ ਮੁਫ਼ਤ ਬਿਜਲੀ ਵਾਂਗ ਇਹ ਸਹੂਲਤ ਵੀ ਸੂਬੇ ਦੇ ਸਾਰੇ ਵਸਨੀਕਾਂ ਨੂੰ ਉਪਲਬਧ ਹੋਵੇਗੀ ਅਤੇ ਲੋਕਾਂ ਨਾਲ ਚੰਗੀ ਸਿਹਤ ਸੰਭਾਲ ਦਾ ਕੀਤਾ ਗਿਆ ਵਾਅਦਾ ਅੱਜ ਪੂਰਾ ਹੋ ਰਿਹਾ ਹੈ। ਇਸ ਯੋਜਨਾ ਹੇਠ 2,000 ਤੋਂ ਵੱਧ ਸਿਹਤ ਪ੍ਰਕਿਰਿਆਵਾਂ ਅਤੇ ਸਰਜਰੀਆਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜੋ 10 ਲੱਖ ਰੁਪਏ ਤੱਕ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ 10 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਇਲਾਜ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ 23 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਤਰਨਤਾਰਨ ਵਿੱਚ 128 ਥਾਵਾਂ ‘ਤੇ ਅਤੇ ਬਰਨਾਲਾ ਵਿੱਚ ਵੀ 128 ਥਾਵਾਂ ‘ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਸਿਰਫ਼ ਆਪਣਾ ਆਧਾਰ ਕਾਰਡ ਅਤੇ ਵੋਟਰ ਆਈਡੀ ਲਿਆਉਣ ਦੀ ਲੋੜ ਹੋਵੇਗੀ। ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ 10-12 ਦਿਨਾਂ ਵਿੱਚ ਪੂਰੀ ਹੋ ਜਾਵੇਗੀ ਅਤੇ ਕੈਂਪਾਂ ਦਾ ਵਿਸਥਾਰ ਬਾਅਦ ਵਿੱਚ ਦੂਜੇ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ। ਤਰਨਤਾਰਨ ਅਤੇ ਬਰਨਾਲਾ, ਦੋਵਾਂ ਜ਼ਿਲ੍ਹਿਆਂ ਦੇ ਸਾਰੇ ਨਾਗਰਿਕ ਮੁੱਖ-ਮੰਤਰੀ ਸਿਹਤ ਕਾਰਡ ਲਈ ਅਪਲਾਈ ਕਰ ਸਕਦੇ ਹਨ ਅਤੇ ਇਨ੍ਹਾਂ ਕੈਂਪਾਂ ਦੌਰਾਨ ਰਜਿਸਟ੍ਰੇਸ਼ਨ ਲਈ ਕਿਸੇ ਨੂੰ ਬਹੁਤਾ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਕੈਂਪ ਲਾਉਣ ਤੋਂ ਪਹਿਲਾਂ ਸਾਰੇ ਇਲਾਕੇ ਵਿੱਚ ਮੁਨਿਆਦੀ ਕਰਵਾ ਕੇ ਜਾਂ ਹੋਰ ਸਾਧਨਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਹਰੇਕ ਵਿਅਕਤੀ ਨੂੰ ਕੈਂਪ ਬਾਰੇ ਪਤਾ ਲੱਗ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਕਾਰਡ ਲਈ ਅਪਲਾਈ ਕਰਨ ਵਾਲੇ ਵਿਅਕਤੀ ਨੂੰ ਆਪਣਾ ਆਧਾਰ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਸਾਈਜ਼ ਦੀ ਫੋਟੋ ਕੈਂਪ ਵਿੱਚ ਲਿਆਉਣੀ ਹੋਵੇਗੀ ਅਤੇ ਹੋਰ ਕਿਸੇ ਵੀ ਦਸਤਾਵੇਜ਼ ਦੀ ਜ਼ਰੂਰਤ ਨਹੀਂ ਹੈ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਐਲਾਨ ਕਰਦਿਆਂ ਕਿਹਾ ਹੈ ਕਿ, “ਇਹ ਮੁੱਖ-ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ ਪਰਿਵਾਰਾਂ ਨੂੰ ਕਵਰ ਕਰੇਗੀ ਅਤੇ ਪੰਜਾਬ ਦੇ 6.5 ਮਿਲੀਅਨ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਸਿਹਤ ਬੀਮਾ ਪ੍ਰਦਾਨ ਕਰੇਗੀ। ਸਰਕਾਰ ਦੀਆਂ ਤਰਜੀਹਾਂ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚਾ ਹਨ। ਪਿਛਲੇ ਤਿੰਨ ਸਾਲਾਂ ਵਿੱਚ ਅਸੀਂ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਜਿਨ੍ਹਾਂ ਦੀ ਗਿਣਤੀ ਜਲਦੀ ਹੀ 1,000 ਤੱਕ ਵਧਾ ਦਿੱਤੀ ਜਾਵੇਗੀ। ਹੁਣ ਤੱਕ ਲਗਭਗ 18 ਮਿਲੀਅਨ ਲੋਕਾਂ ਨੇ ਇਨ੍ਹਾਂ ਕਲੀਨਿਕਾਂ ਵਿੱਚ ਜਾਂਚ ਅਤੇ ਇਲਾਜ ਕਰਵਾਇਆ ਹੈ। ਇਸ ਯੋਜਨਾ ਨੂੰ 10 ਜੁਲਾਈ ਨੂੰ ਕੈਬਨਿਟ ਦੀ ਪ੍ਰਵਾਨਗੀ ਮਿਲ ਗਈ ਸੀ ਅਤੇ ਸੂਬੇ ਦੇ ਨਿਵਾਸੀਆਂ ਲਈ 10 ਲੱਖ ਰੁਪਏ ਦਾ ‘ਸਿਹਤ ਬੀਮਾ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਹਰ ਪੰਜਾਬੀ ‘ਮੁੱਖ-ਮੰਤਰੀ ਸਿਹਤ ਕਾਰਡ’ ਦੀ ਵਰਤੋਂ ਕਰਕੇ 10 ਲੱਖ ਰੁਪਏ ਦੇ ਸਿਹਤ ਬੀਮੇ ਦਾ ਲਾਭ ਉਠਾ ਸਕੇਗਾ ਜਿਸ ਨਾਲ ਮੁਫ਼ਤ ਅਤੇ ਨਗਦੀ ਰਹਿਤ ਇਲਾਜ ਪ੍ਰਾਪਤ ਕੀਤਾ ਜਾ ਸਕੇਗਾ। ਸਿਹਤ ਬੀਮਾ ਯੋਜਨਾ ਲਈ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ‘ਤੇ ਕੋਈ ਸੀਮਾ ਨਹੀਂ ਹੋਵੇਗੀ। ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ। ਨਗਦੀ ਰਹਿਤ ਇਲਾਜ ਨੂੰ ਯਕੀਨੀ ਬਣਾਉਣ ਲਈ ਇਲਾਜ ਸਾਰੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲਬਧ ਹੋਵੇਗਾ। ਸਰਕਾਰੀ ਕਰਮਚਾਰੀ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ।”

ਪੰਜਾਬ ਦੇ ਮੁੱਖ-ਮੰਤਰੀ ਨੇ ਕਿਹਾ ਕਿ, “ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ। ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ 30 ਫੀਸਦੀ ਤੋਂ ਵਧ ਕੇ ਲਗਭਗ 100 ਫੀਸਦੀ ਹੋ ਗਈ ਹੈ ਅਤੇ ਮੁੱਢਲੀਆਂ ਸਰਕਾਰੀ ਸਿਹਤ ਸੇਵਾਵਾਂ ਤੋਂ ਲਾਭ ਉਠਾਉਣ ਵਾਲੇ ਲੋਕਾਂ ਦੀ ਗਿਣਤੀ 34 ਲੱਖ ਤੋਂ ਵਧ ਕੇ 1.08 ਕਰੋੜ ਹੋ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਪ੍ਰਦਾਨ ਕਰੇਗਾ।

ਮੁੱਖ-ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੰਗਰੂਰ ਵਿਖੇ ਇਕ ਮੈਡੀਕਲ ਕਾਲਜ ਬਣਾਇਆ ਜਾਵੇਗਾ ਜਿਸ ਲਈ ਸੂਬਾ ਸਰਕਾਰ ਕੁਝ ਹੋਰ ਜ਼ਮੀਨ ਦੀ ਸ਼ਨਾਖਤ ਕਰੇਗੀ। ਕਾਲਜ ਦੀ ਉਸਾਰੀ ਲਈ ਜ਼ਮੀਨ ਦੇਣ ਤੋਂ ਇਨਕਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਰਫ਼ ਬਾਦਲ ਪਰਿਵਾਰ ਦੇ ਹੱਥਾਂ ਦੀ ਕਠਪੁਤਲੀ ਹੈ ਅਤੇ ਇਸ ਦੇ ਸਾਰੇ ਕੰਮ ਉਨ੍ਹਾਂ ਦੁਆਰਾ ਤੈਅ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਕਾਲਜ ਬਣਾਉਣਾ ਚਾਹੁੰਦਾ ਹੁੰਦਾ ਤਾਂ ਸ਼੍ਰੋਮਣੀ ਕਮੇਟੀ ਜ਼ਰੂਰ ਜ਼ਮੀਨ ਦਿੰਦੀ।

ਮੁੱਖ-ਮੰਤਰੀ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਹੜ੍ਹਾਂ ਦੇ ਮੁੱਦੇ ‘ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਸੂਬੇ ਦੇ ਭਾਜਪਾ ਮੁਖੀ ਸੁਨੀਲ ਜਾਖੜ ਨੂੰ ਕੋਈ ਵੀ ਬਿਆਨ ਜਾਰੀ ਕਰਨ ਤੋਂ ਪਹਿਲਾਂ ਆਪਣਾ ਹੋਮਵਰਕ ਕਰਨ ਦੀ ਚੁਣੌਤੀ ਦਿੱਤੀ। ਮੁੱਖ-ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਨਕਾਰੇ ਹੋਏ ਆਗੂ ਆਪਣੇ ਰਾਜਨੀਤਿਕ ਆਕਾਵਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਵਿਰੁੱਧ ਜ਼ਹਿਰ ਉਗਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਹਾਈਕਮਾਨ ਦੇ ਇਸ਼ਾਰਿਆਂ ’ਤੇ ਇਹ ਬਿਆਨ ਜਾਰੀ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੰਵੇਦਨਸ਼ੀਲ ਮੁੱਦਿਆਂ ‘ਤੇ ਕੋਈ ਵੀ ਬਿਆਨ ਜਾਰੀ ਕਰਨ ਤੋਂ ਪਹਿਲਾਂ ਆਪਣੇ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ।”

Related posts

‘ਰੌਸ਼ਨੀ ਜਿੱਤੇਗੀ’ ਪੂਰੇ ਆਸਟ੍ਰੇਲੀਆ ‘ਚ ਸੋਗ ਦਿਵਸ 22 ਜਨਵਰੀ ਨੂੰ ਹੋਵੇਗਾ

Sussan Ley Extends Thai Pongal 2026 Greetings to Tamil Community

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ