ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਵਿੱਚ ਦੋ ਕਿੰਡਰਗਾਰਟਨ ਲੜਕੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਭਾਰੀ ਵਿਰੋਧ ਪ੍ਰਦਰਸ਼ਨ ਹੋਇਆ। ਇੱਕ ਦਿਨ ਬਾਅਦ, ਬੁੱਧਵਾਰ ਨੂੰ, ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮਹਾਰਾਸ਼ਟਰ ਪੁਲਿਸ ਨੇ ਪ੍ਰਦਰਸ਼ਨਾਂ ਅਤੇ ਭੰਨ-ਤੋੜ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਹੈ। ਪ੍ਰਦਰਸ਼ਨ ਕਰ ਰਹੇ 300 ਲੋਕਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ। ਅੰਦੋਲਨ ਦੌਰਾਨ ਹਿੰਸਾ ਦੇ ਸਬੰਧ ਵਿੱਚ 72 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਮੰਗਲਵਾਰ ਨੂੰ ਪ੍ਰਦਰਸ਼ਨ ਦੌਰਾਨ ਬਦਲਾਪੁਰ ਦੇ ਰੇਲਵੇ ਸਟੇਸ਼ਨ ਅਤੇ ਹੋਰ ਹਿੱਸਿਆਂ ’ਤੇ ਪਥਰਾਅ ਦੀਆਂ ਘਟਨਾਵਾਂ ’ਚ ਘੱਟੋ-ਘੱਟ 17 ਸਿਟੀ ਪੁਲਿਸ ਕਰਮਚਾਰੀ ਅਤੇ ਕਰੀਬ 8 ਰੇਲਵੇ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਸਨ। ਬਦਲਾਪੁਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ। ਮੰਗਲਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ ’ਤੇ ਪੱਥਰ ਸੁੱਟੇ ਅਤੇ ਸਕੂਲ ਦੀ ਇਮਾਰਤ ਦੀ ਭੰਨਤੋੜ ਕੀਤੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਰੇਲ ਗੱਡੀਆਂ ਦੀ ਆਵਾਜਾਈ ਲਈ ਪਟੜੀਆਂ ਨੂੰ ਖਾਲੀ ਕਰ ਦਿੱਤਾ। ਡੀ.ਸੀ.ਪੀ. ਸੁਧਾਕਰ ਪਠਾਰੇ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਦਰਸ਼ਨਾਂ ਅਤੇ ਬਾਅਦ ਵਿੱਚ ਹਿੰਸਾ ਦੇ ਮੱਦੇਨਜ਼ਰ ਸ਼ਹਿਰ ਵਿੱਚ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਆਦਾਤਰ ਸਕੂਲ ਬੰਦ ਰਹੇ। ਬਦਲਾਪੁਰ ਵਿੱਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਬਦਲਾਪੁਰ
ਵਿੱਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ, ਗੁੱਸੇ ਵਿੱਚ ਆਈ ਭੀੜ ਨੇ ਦੋ ਅਧਿਕਾਰੀਆਂ ਸਮੇਤ ਘੱਟੋ-ਘੱਟ 17 ਪੁਲਿਸ ਕਰਮਚਾਰੀਆਂ ’ਤੇ ਪੱਥਰਾਂ ਨਾਲ ਹਮਲਾ ਕੀਤਾ, ਜਿਸ ਨਾਲ ਉਹ ਜ਼ਖਮੀ ਹੋ ਗਏ। ਪੁਲਿਸ ਨੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ, ਹਥਿਆਰਬੰਦ ਗੈਰ-ਕਾਨੂੰਨੀ ਇਕੱਠ, ਹਮਲਾ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਆਦਿ ਦੇ ਦੋਸ਼ਾਂ ਤਹਿਤ ਬਦਮਾਸ਼ਾਂ ਵਿਰੁੱਧ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਹਨ। ਪਥਰਾਅ ਅਤੇ ਹੋਰ ਅਪਰਾਧਾਂ ਦੇ ਸਬੰਧ ਵਿੱਚ ਹੁਣ ਤਕ ਕੁੱਲ 40 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ। ਘਟਨਾ ਨੂੰ ਦੇਖਦੇ ਹੋਏ ਸਕੂਲ ਮੈਨੇਜਮੈਂਟ ਨੇ ਪਿ੍ਰੰਸੀਪਲ, ਇਕ ਕਲਾਸ ਟੀਚਰ ਅਤੇ ਇਕ ਮਹਿਲਾ ਅਟੈਂਡੈਂਟ ਨੂੰ ਮੁਅੱਤਲ ਕਰ ਦਿੱਤਾ ਹੈ। ਰਾਜ ਸਰਕਾਰ ਨੇ ਲਾਪਰਵਾਹੀ ਲਈ ਇੱਕ ਸੀਨੀਅਰ ਪੁਲਿਸ ਇੰਸਪੈਕਟਰ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਦੱਸਿਆ ਕਿ ਜਿਸ ਸਕੂਲ ਵਿੱਚ ਇਹ ਘਟਨਾ ਵਾਪਰੀ ਹੈ, ਉਹ ਬਦਲਾਪੁਰ ਦੇ ਇੱਕ ਭਾਜਪਾ ਆਗੂ ਦੇ ਕਰੀਬੀ ਰਿਸ਼ਤੇਦਾਰ ਦਾ ਹੈ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਆਰਤੀ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੇ ਆਦੇਸ਼ ਦਿੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਸਕੂਲ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸਥਾਨਕ ਅਦਾਲਤ ਨੇ ਬੁੱਧਵਾਰ ਨੂੰ ਮੁਲਜ਼ਮਾਂ ਦਾ ਪੁਲਿਸ ਰਿਮਾਂਡ 26 ਅਗਸਤ ਤਕ ਵਧਾ ਦਿੱਤਾ ਹੈ।