ਬਿਆਸ ਦਰਿਆ ਵਿਚ ਪਾਣੀ ਦੇ ਵੱਧਦੇ ਪੱਧਰ ਨੇ ਕਿਸਾਨਾਂ ਦੀ ਵਧਾਈ ਚਿੰਤਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

ਸ੍ਰੀ ਗੋਇੰਦਵਾਲ ਸਾਹਿਬ – ਡੈਮ ਵਿਚੋਂ ਪਾਣੀ ਛੱਡੇ ਜਾਣ ਕਰਕੇ ਬਿਆਸ ਦਰਿਆ ਵਿਚ ਪਾਣੀ ਦੇ ਪੱਧਰ ਵਧਣ ਦੀ ਸੰਭਾਵਾਨਾ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਦਰਿਆ ਨਾਲ ਲਗਦੇ ਪਿੰਡਾਂ ਵਿਚ ਮੁਨਾਦੀ ਕਰਕੇ ਲੋਕਾਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਪਾਣੀ ਦੇ ਪੱਧਰ ਵਧਣ ਦੀਆਂ ਸੰਭਾਵਾਨਾਂ ਦੇ ਚਲਦਿਆਂ ਕਿਸਾਨਾਂ ’ਚ ਵੀ ਚਿੰਤਾ ਪਾਈ ਜਾ ਰਹੀ ਹੈ। ਕਿਉਕਿ ਜੇਕਰ ਦਰਿਆ ਦਾ ਪਾਣੀ ਆਪੇ ਤੋਂ ਬਾਹਰ ਹੁੰਦਾ ਹੈ ਤਾਂ ਵੱਡੀ ਪੱਧਰ ’ਤੇ ਫਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਬਣ ਸਕਦਾ ਹੈ। ਦੂਜੇ ਪਾਸੇ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪ੍ਰਸ਼ਾਸਨ ਵੀ ਪੱਬਾਂ ਭਾਰ ਹੈ ਅਤੇ ਬਕਾਇਦਾ ਐੱਸਡੀਐੱਮ ਵੱਲੋਂ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ।

ਦੱਸਣਾ ਬਣਦਾ ਹੈ ਕਿ ਭਾਖੜਾ ਡੈਮ ਵਿਚੋਂ ਕਰੀਬ 50 ਹਜਾਰ ਕਿਊਸਿਕ ਪਾਣੀ ਛੱਡੇ ਜਾਣ ਕਰਕੇ ਦਰਿਆ ਬਿਆਸ ਵਿਚਲੇ ਪਾਣੀ ਦਾ ਪੱਧਰ ਵਧਣ ਕਾਰਨ ਐੱਸਡੀਐੱਮ ਖਡੂਰ ਸਾਹਿਬ ਵੱਲੋਂ ਵੀਰਵਾਰ ਨੂੰ ਪੱਤਰ ਜਾਰੀ ਕੀਤਾ ਗਿਆ ਸੀ। ਜਿਸ ਵਿਚ ਤਹਿਸੀਲਦਾਰ ਤੋਂ ਇਲਾਵ ਬੀਡੀਪੀਓ ਖਡੂਰ ਸਾਹਿਬ ਤੇ ਚੋਹਲਾ ਸਾਹਿਬ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਉਹ ਆਪੋ ਆਪਣੇ ਸਰਕਲਾਂ ਹੇਠ ਆਉਦੇ ਪ੍ਰਭਾਵਿਤ ਪਿੰਡਾਂ ਵਿਚ ਪਟਵਾਰੀਆਂ ਰਾਂਹੀ ਮੁਨਾਦੀ ਕਰਵਾਉਣ ਅਤੇ ਸਬੰਧਤ ਪੰਚਾਇਤ ਸੈਕਟਰੀ ਪਿੰਡਾਂ ਦੇ ਗੁਰਦੁਆਰਿਆਂ ਵਿਚ ਸਪੀਕਰਾਂ ਰਾਂਹੀ ਅਨਾਉਸਮੈਂਟ ਕਰਵਾ ਕੇ ਲੋਕਾਂ ਨੂੰ ਜਾਣੂ ਕਰਵਾਉਣ ਕਿ ਹੇਠਲੇ ਇਲਾਕਿਆਂ ਵਿਚ ਪਾਣੀ ਦਾਖਲ ਹੋਣ ਦੀ ਸੰਭਾਵਨਾ ਹੈ। ਨਾਲ ਹੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਿਨਾ ਆਗਿਆ ਛੁੱਟੀ ਨਾ ਲੈਣ ਅਤੇ ਸਟੇਸ਼ਨ ਨਾ ਛੱਡਣ ਦੀ ਹਦਾਇਤ ਵੀ ਕੀਤੀ ਗਈ ਸੀ। ਸ਼ੁੱਕਰਵਾਰ ਬਿਆਸ ਦਰਿਆ ਦੇ ਕੰਢੇ ਵਸਦੇ ਪਿੰਡਾਂ ਦੇ ਲੋਕਾਂ ਵਿਚ ਦਰਿਆ ਦੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਕਾਰਨ ਸਹਿਮ ਅਤੇ ਫਿਕਰਮੰਦੀ ਵੇਖੀ ਗਈ। ਜਦੋਂਕਿ ਪ੍ਰਸ਼ਾਸਨ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਡੂਰ ਸਾਹਿਬ ਦੇ ਐੱਸਡੀਐੱਮ ਦੀਪਕ ਭਾਟੀਆ ਨੇ ਦੱਸਿਆ ਕਿ ਬੀਤੀ ਰਾਤ ਡੈਮ ਤੋਂ ਵਧੇਰੇ ਪਾਣੀ ਆਉਣ ਕਾਰਨ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵਧਿਆ ਜਰੂਰ ਹੈ ਪਰ ਹਾਲੇ ਸਥਿਤੀ ਹੜ੍ਹਾਂ ਵਾਲੀ ਨਹੀਂ ਅਤੇ ਕਿਤੋਂ ਵੀ ਨੁਕਸਾਨ ਦੀ ਖਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਥਿਤੀ ’ਤੇ ਨਿਗਰਾਨੀ ਰੱਖਣ ਲਈ ਸਿੰਚਾਈ, ਪੁਲਿਸ ਵਿਭਾਗ ਤੇ ਮਾਲ ਵਿਭਾਗ ਵੱਲੋਂ ਧੁੱਸੀ ਬੰਨ ਵਿਚ ਹੜ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖਣ ਲਈ ਦਸਤੇ ਬਣਾਏ ਗਏ ਹਨ ਜੋ ਆਪਣੀ ਡਿਊਟੀ ਬਾਖੂਬੀ ਨਿਭਾ ਰਹੇ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਹੜਾਂ ਨਾਲ ਸਬੰਧਤ ਕਿਸੇ ਵੀ ਮੁਸ਼ਕਿਲ ਲਈ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।

Related posts

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਦੂਸ਼ਣਬਾਜ਼ੀ ਅਤੇ ਮੀਡੀਆ ਫੈਸਲੇ ਨਾ ਦੇਣ ਦੇ ਆਦੇਸ਼ !

ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ